- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਰਫ਼ ਡਬਲ ਇੰਜਣ ਸਰਕਾਰ ਹੀ ਪੰਜਾਬ ਨੂੰ ਸੰਕਟ ਵਿੱਚੋਂ ਕੱਢ ਸਕਦੀ ਹੈ : ਪ੍ਰਦੀਪ ਸਿੰਗਲਾ

ਭੋਲਾ ਸ਼ਰਮਾ (ਪੱਤਰ ਪ੍ਰੇਰਕ), ਪੰਜਾਬੀ ਜਾਗਰਣ, ਜੈਤੋ : ਪੰਜਾਬ ਦੇ ਲੋਕਾਂ ਵਿੱਚ ਮੌਜੂਦਾ ਰਾਜਨੀਤਿਕ ਅਤੇ ਪ੍ਰਸ਼ਾਸਕੀ ਪ੍ਰਣਾਲੀ ਪ੍ਰਤੀ ਨਿਰਾਸ਼ਾ ਵਧਦੀ ਜਾ ਰਹੀ ਹੈ। ਸੂਬੇ ਦਾ ਹਰ ਨਾਗਰਿਕ ਹੁਣ ਖਾਲੀ ਵਾਅਦਿਆਂ ਦੀ ਬਜਾਏ ਜ਼ਮੀਨੀ ਪੱਧਰ ’ਤੇ ਵਿਕਾਸ ਅਤੇ ਸੁਸ਼ਾਸਨ ਦੀ ਉਮੀਦ ਕਰਦਾ ਹੈ। ਇਹ ਪ੍ਰਗਟਾਵਾ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਸਾਬਕਾ ਡਾਇਰੈਕਟਰ ਅਤੇ ਨਗਰ ਕੌਂਸਲ ਜੈਤੋ ਦੇ ਸਾਬਕਾ ਉਪ ਪ੍ਰਧਾਨ ਪ੍ਰਦੀਪ ਸਿੰਗਲਾ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ। ਪ੍ਰਦੀਪ ਸਿੰਗਲਾ ਨੇ ਕਿਹਾ ਕਿ ਪੰਜਾਬ ਦੇ ਹਰ ਕੋਨੇ ਵਿੱਚ ਬਦਲਾਅ ਦੀ ਲੋੜ ਸਪੱਸ਼ਟ ਤੌਰ ’ਤੇ ਮਹਿਸੂਸ ਕੀਤੀ ਜਾ ਰਹੀ ਹੈ ਅਤੇ ਲੋਕ ਇੱਕ ਦੂਰਅੰਦੇਸ਼ੀ ਸੋਚ ਵਾਲੀ ਸਰਕਾਰ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਸੂਬੇ ਦੀ ਮੌਜੂਦਾ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਵਿਕਾਸ ਦੀ ਰਫ਼ਤਾਰ ਕਾਫ਼ੀ ਹੌਲੀ ਹੋ ਗਈ ਹੈ, ਜਦਕਿ ਉਦਯੋਗ ਅਤੇ ਵਪਾਰ ਤੇਜ਼ੀ ਨਾਲ ਗੁਆਂਢੀ ਰਾਜਾਂ ਵੱਲ ਰੁਖ ਕਰ ਰਹੇ ਹਨ। ਇਸ ਕਾਰਨ ਸਥਾਨਕ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵੀ ਘਟੇ ਹਨ। ਉਨ੍ਹਾਂ ਕਿਹਾ ਕਿ ਕਿਸਾਨ, ਮਜ਼ਦੂਰ, ਕਾਰੋਬਾਰੀ, ਨੌਜਵਾਨ ਅਤੇ ਸਰਕਾਰੀ ਕਰਮਚਾਰੀਆਂ ਸਮੇਤ ਸਮਾਜ ਦਾ ਹਰ ਵਰਗ ਆਪਣੇ-ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ। ਆਮ ਲੋਕਾਂ ਨੂੰ ਰੋਜ਼ਾਨਾ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਲਈ ਵੀ ਸੰਘਰਸ਼ ਕਰਨਾ ਪੈ ਰਿਹਾ ਹੈ। ਪ੍ਰਦੀਪ ਸਿੰਗਲਾ ਨੇ ਕਿਹਾ ਕਿ ਇੱਕ ਸਮਾਂ ਸੀ ਜਦੋਂ ਪੰਜਾਬ ਨੂੰ ਦੇਸ਼ ਦੇ ਸਭ ਤੋਂ ਖੁਸ਼ਹਾਲ ਅਤੇ ਮੋਹਰੀ ਸੂਬਿਆਂ ਵਿੱਚ ਗਿਣਿਆ ਜਾਂਦਾ ਸੀ। ਖੇਤੀਬਾੜੀ, ਉਦਯੋਗ, ਵਪਾਰ ਅਤੇ ਸਿੱਖਿਆ ਦੇ ਖੇਤਰਾਂ ਵਿੱਚ ਪੰਜਾਬ ਨੇ ਮਹੱਤਵਪੂਰਨ ਯੋਗਦਾਨ ਪਾਇਆ ਅਤੇ ਪੂਰੇ ਦੇਸ਼ ਲਈ ਮਿਸਾਲ ਕਾਇਮ ਕੀਤੀ। ਉਨ੍ਹਾਂ ਕਿਹਾ ਕਿ ਅੱਜ ਸੂਬੇ ਨੂੰ ਮੁੜ ਤਰੱਕੀ ਦੀ ਪਟੜੀ ’ਤੇ ਲਿਆਉਣ ਲਈ ਮਜ਼ਬੂਤ ਅਤੇ ਦੂਰਅੰਦੇਸ਼ੀ ਲੀਡਰਸ਼ਿਪ ਦੀ ਲੋੜ ਹੈ। ਭਾਜਪਾ ਆਗੂ ਨੇ ਕਿਹਾ ਕਿ ਜੇਕਰ ਭਵਿੱਖ ਵਿੱਚ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਕੇਂਦਰ ਅਤੇ ਰਾਜ ਵਿੱਚ ਡਬਲ ਇੰਜਣ ਸਰਕਾਰ ਦੇ ਮਾਧਿਅਮ ਨਾਲ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਮਿਲੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਪੰਜਾਬ ਵਿੱਚ ਬੁਨਿਆਦੀ ਢਾਂਚੇ, ਸਿਹਤ ਸੇਵਾਵਾਂ ਅਤੇ ਤਕਨੀਕੀ ਸਿੱਖਿਆ ਦੇ ਖੇਤਰ ਵਿੱਚ ਵਿਆਪਕ ਵਿਕਾਸ ਕੀਤਾ ਜਾਵੇਗਾ। ਭਾਜਪਾ ਇਸੇ ਸਕਾਰਾਤਮਕ ਅਤੇ ਰਾਸ਼ਟਰਹਿਤੀ ਸੋਚ ਨਾਲ ਅੱਗੇ ਵੱਧ ਰਹੀ ਹੈ। ਅੰਤ ਵਿੱਚ ਪ੍ਰਦੀਪ ਸਿੰਗਲਾ ਨੇ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਦੇ ਸੂਝਵਾਨ ਲੋਕ ਇਸ ਵਾਰ ਵਿਕਾਸ ਅਤੇ ਚੰਗੇ ਸ਼ਾਸਨ ਦੇ ਹੱਕ ਵਿੱਚ ਇਤਿਹਾਸਕ ਫ਼ੈਸਲਾ ਲੈਣਗੇ ਅਤੇ ਸੂਬੇ ਨੂੰ ਮੁੜ ਖੁਸ਼ਹਾਲ ਬਣਾਉਣ ਲਈ ਭਾਰਤੀ ਜਨਤਾ ਪਾਰਟੀ ਦਾ ਸਮਰਥਨ ਕਰਨਗੇ।