ਰਾਮ ਸਿੰਘ ਪ੍ਰਧਾਨ ਤੇ ਸਰਦੂਲ ਸਿੰਘ ਜਨਰਲ ਸਕੱਤਰ ਨਿਯੁਕਤ ਕੀਤੇ
ਡੀ ਸੀ ਦਫਤਰ ਫਰੀਦਕੋਟ ਦੇ ਦਰਜਾ ਚਾਰ ਮੁਲਾਜ਼ਮਾਂ ਦੇ ਅਹੁਦੇਦਾਰਾਂ ਦੀ ਹੋਈ ਚੋਣ
Publish Date: Sat, 10 Jan 2026 04:46 PM (IST)
Updated Date: Sun, 11 Jan 2026 04:03 AM (IST)

ਕਲਾਸ ਫ਼ੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਅਹੁਦੇਦਾਰਾਂ ਦੀ ਚੋਣ ਹੋਈ ਸਟਾਫ ਰਿਪੋਰਟਰ ਪੰਜਾਬੀ ਜਾਗਰਣ ਫਰੀਦਕੋਟ : ਦੀ ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ ਬਲਾਕ ਡੀ ਸੀ ਦਫਤਰ ਫਰੀਦਕੋਟ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਕਰਨ ਲਈ ਅੱਜ ਸਥਾਨਕ ਮਿੰਨੀ ਸਕੱਤਰੇਤ ਸਾਹਮਣੇ ਪਾਰਕ ਵਿੱਚ ਦਰਜਾ ਚਾਰ ਮੁਲਾਜ਼ਮਾਂ ਦੀ ਇੱਕ ਮੀਟਿੰਗ ਜਥੇਬੰਦੀ ਦੇ ਜ਼ਿਲ੍ਹਾ ਚੇਅਰਮੈਨ ਨਛੱਤਰ ਸਿੰਘ ਭਾਣਾ, ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਢੁੱਡੀ, ਜਨਰਲ ਸਕੱਤਰ ਬਲਕਾਰ ਸਿੰਘ ਸਹੋਤਾ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾਈ ਐਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ ਅਤੇ ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੇ ਸਰਪ੍ਰਸਤ ਅਸ਼ੋਕ ਕੌਸ਼ਲ ਦੀ ਸਾਂਝੀ ਅਗਵਾਈ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਮੰਗਾਂ ਪ੍ਰਤੀ ਧਾਰਨ ਕੀਤੀ ਗਈ ਨਾਂਹ ਪੱਖੀ ਪਹੁੰਚ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੇ ਹੋਏ ਪੰਜਾਬ ਸਰਕਾਰ ਤੇ ਦੋਸ਼ ਲਾਇਆ ਕਿ ਇਸ ਸਰਕਾਰ ਨੇ ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮਹਿੰਗਾਈ ਭੱਤੇ ਦੀਆਂ 16 ਫੀਸਦੀ ਦੀ ਦਰ ਨਾਲ ਪੰਜ ਕਿਸ਼ਤਾਂ ਦੱਬ ਕੇ ਇੱਕ ਮਾੜਾ ਇਤਿਹਾਸ ਸਿਰਜਿਆ ਹੈ। ਸਾਰੇ ਉੱਚ ਅਧਿਕਾਰੀ 58 ਫੀਸਦੀ ਡੀ ਏ ਲੈ ਰਹੇ ਹਨ ਅਤੇ ਸਧਾਰਨ ਮੁਲਾਜ਼ਮਾਂ ਨੂੰ 42 ਫੀਸਦੀ ਦੇਕੇ ਡੰਗ ਟਪਾਇਆ ਜਾ ਰਿਹਾ ਹੈ।ਆਗੂਆਂ ਨੇ ਅੱਗੇ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਦਾ ਸਾਢੇ ਪੰਜ ਸਾਲਾਂ ਦਾ ਬਣਦਾ ਬਕਾਇਆ ਲੀਰੋ ਲੀਰ ਕਰ ਦਿੱਤਾ ਹੈ, ਪੰਜਾਬ ਮੰਤਰੀ ਮੰਡਲ ਦੇ ਫੈਸਲਾ ਕਰਨ ਦੇ ਬਾਵਜੂਦ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕੀਤੀ ਜਾ ਰਹੀ। ਵੱਖ ਵੱਖ ਵਿਭਾਗਾਂ ਵਿੱਚ ਕੰਮ ਕਰਦੇ ਆਊਟ ਸੋਰਸ ਅਤੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ ਅਤੇ ਇਹਨਾਂ ਮੁਲਾਜ਼ਮਾਂ ਦਾ ਵੱਡੇ ਪੱਧਰ ਤੇ ਆਰਥਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ । ਪੰਜਾਬ ਦੇ ਮੁੱਖ ਮੰਤਰੀ ਨੇ ਮੁਲਾਜ਼ਮ ਜਥੇਬੰਦੀਆਂ ਨਾਲ ਗੱਲਬਾਤ ਕਰਨ ਦੇ ਦਰਵਾਜ਼ੇ ਬੰਦ ਕੀਤੇ ਹੋਏ ਹਨ। ਮੀਟਿੰਗ ਨੇ ਸਰਬ ਸੰਮਤੀ ਨਾਲ ਇੱਕ ਮਤਾ ਪਾਸ ਕਰਕੇ ਡਿਪਟੀ ਕਮਿਸ਼ਨਰ ਫਰੀਦਕੋਟ ਵੱਲੋਂ ਦਰਜਾ ਚਾਰ ਮੁਲਾਜ਼ਮਾਂ ਤੋਂ ਤਰੱਕੀ ਲੈ ਕੇ ਕਲਰਕ ਵਜੋਂ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦੇ ਨਿਯਮਾਂ ਦੀ ਅਣਦੇਖੀ ਕਰਕੇ ਰੀਵਰਟ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਤੋਂ ਮੰਗ ਕੀਤੀ ਗਈ ਕਿ ਇਹਨਾਂ ਮੁਲਾਜ਼ਮਾਂ ਸਬੰਧੀ ਜਾਰੀ ਕੀਤੇ ਗਏ ਹੁਕਮ ਤੁਰੰਤ ਵਾਪਸ ਲਏ ਜਾਣ। ਨਵੀਂ ਚੁਣੀ ਗਈ ਟੀਮ ਵਿੱਚ ਰਾਮ ਸਿੰਘ ਸੋਮਾ ਪ੍ਰਧਾਨ, ਰੋਹਿਤ ਸੋਬਤੀ ਮੀਤ ਪ੍ਰਧਾਨ, ਸਰਦੂਲ ਸਿੰਘ ਜਨਰਲ ਸਕੱਤਰ, ਚਮਕੌਰ ਸਿੰਘ ਵਿੱਤ ਸਕੱਤਰ, ਰਾਮ ਸਿੰਘ ਰਾਵਤ ਪ੍ਰੈਸ ਸਕੱਤਰ, ਜਗਦੀਪ ਸਿੰਘ ਸਹਾਇਕ ਵਿੱਤ ਸਕੱਤਰ, ਰਾਮ ਗਣੇਸ਼ ਸਲਾਹਕਾਰ ਅਤੇ ਸਿਮਰਨਪ੍ਰੀਤ ਕੌਰ ਸੰਯੁਕਤ ਸਕੱਤਰ ਚੁਣੇ ਗਏ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਮੁਲਾਜ਼ਮ ਆਗੂ ਮੁਰਾਰੀ ਲਾਲ, ਗੁਰਦੀਪ ਸਿੰਘ, ਰਾਜਦੇਵ ਸਿੰਘ, ਬਲਵੰਤ ਸਿੰਘ, ਭੋਲਾ ਸਿੰਘ, ਗੁਰਤੇਜ ਸਿੰਘ, ਭੁਪਿੰਦਰ ਸਿੰਘ, ਤਰਸੇਮ ਸਿੰਘ, ਮੈਡਮ ਸੁਮਨ , ਸਿਮਰਜੀਤ ਕੌਰ, ਸੁਖਜੀਤ ਕੌਰ ਅਤੇ ਹਰਪ੍ਰੀਤ ਕੌਰ ਆਦਿ ਹਾਜ਼ਰ ਸਨ।