ਸਬ ਡਵੀਜ਼ਨ ਸਾਦਿਕ ਦਫ਼ਤਰ ਅੱਗੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜੀਆਂ
ਸਬ ਡਵੀਜ਼ਨ ਸਾਦਿਕ ਦਫ਼ਤਰ ਅੱਗੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜੀਆਂ
Publish Date: Tue, 10 Mar 2026 06:09 PM (IST)
Updated Date: Wed, 11 Mar 2026 04:09 AM (IST)

ਅਰਸ਼ਦੀਪ ਸੋਨੀ, ਪੰਜਾਬੀ ਜਾਗਰਣ ਸਾਦਿਕ ਛ ਪਾਵਰ ਸੈਕਟਰ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ਤੇ ਸਬ ਡਵੀਜ਼ਨ ਸਾਦਿਕ ਦਫ਼ਤਰ ਅੱਗੇ ਟੈਕਨੀਕਲ ਸਰਵਿਸਿਜ਼ ਯੂਨੀਅਨ ,ਪੈਨਸ਼ਨਰ ਐਸੋਸ਼ੀਏਸ਼ਨ, ਅਤੇ ਸੀ.ਐਚ.ਬੀ ਕਾਮਿਆਂ ਵੱਲੋਂ ਸਾਂਝੇ ਤੌਰ ਤੇ ਕੇਂਦਰ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ ਨੂੰ ਲੋਕ ਸਭਾ ਵਿੱਚ ਪੇਸ਼ ਕਰਨ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜੀਆਂ ਗਈਆਂ ਤੇ ਰੋਸ ਰੈਲੀ ਕੀਤੀ ਗਈ। ਰੋਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਫ਼ਰੀਦਕੋਟ ਸਰਕਲ ਸਕੱਤਰ ਗੁਰਬਿੰਦਰ ਸਿੰਘ ਬਰਾੜ ਫਰੀਦਕੋਟ , ਚਮਕੌਰ ਸਿੰਘ ਮੀਤ ਪ੍ਰਧਾਨ ਸਾਦਿਕ ਸਬ ਡਵੀਜ਼ਨ, ਸਕੱਤਰ ਰਾਜਪਾਲ ਸਬ ਡਵੀਜ਼ਨ ਸਾਦਿਕ, ਸੁਖਰਾਜ ਸਿੰਘ ਬਰਾੜ ਸਹਾਇਕ ਸਕੱਤਰ ਸਬ ਡਵੀਜ਼ਨ ਸਾਦਿਕ, ਨਰਿੰਦਰ ਸਿੰਘ ਕੈਸ਼ੀਅਰ ਸਬ ਡਵੀਜ਼ਨ ਸਾਦਿਕ, ਸੀ.ਐਚ.ਬੀ ਕੰਟਰੈਕਟ ਵਰਕਰ ਯੂਨੀਅਨ ਜੱਗਾ ਸਿੰਘ ਪ੍ਰਧਾਨ ਸਾਦਿਕ ਸਬ ਡਵੀਜ਼ਨ ਨੇ ਦੱਸਿਆ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ 2025 ਨੂੰ ਲੋਕ ਸਭਾ ਵਿੱਚ ਪਾਸ ਕਰਕੇ ਸਮੁੱਚੇ ਦੇਸ਼ ਦੇ ਬਿਜਲੀ ਬੋਰਡਾਂ ਨੂੰ ਪ੍ਰਾਈਵੇਟ ਹੱਥਾਂ ਵਿੱਚ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ । ਜਿਸ ਨਾਲ ਬਿਜਲੀ ਸਪਲਾਈ ਉੱਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਹੋ ਜਾਵੇਗਾ ਅਤੇ ਬਿਜਲੀ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਜਾਵੇਗੀ । ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਬਿਜਲੀ ਨੂੰ ਆਪਣੇ ਵੋਟ ਬੈਂਕ ਲਈ ਵਰਤਿਆ ਜਾਂਦਾ ਰਿਹਾ ਹੈ ਜਿਸ ਕਾਰਨ ਇਨ੍ਹਾਂ ਖੁਦਮੁਖਤਿਆਰ ਅਦਾਰਿਆਂ ਨੂੰ ਘਾਟੇ ਵਿੱਚ ਦਿਖਾ ਕੇ ਪ੍ਰਾਈਵੇਟ ਕੰਪਨੀਆਂ ਨੂੰ ਵੇਚਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜਿਸ ਨੂੰ ਬਿਜਲੀ ਕਾਮੇ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ । ਜਿੱਥੇ ਕੇਂਦਰ ਦੀ ਮੋਦੀ ਸਰਕਾਰ ਬਿਜਲੀ ਬੋਰਡ ਨੂੰ ਪ੍ਰਾਈਵੇਟ ਕੰਪਨੀਆਂ ਨੂੰ ਵੇਚ ਰਹੀ ਹੈ ਉੱਥੇ ਹੀ ਪੰਜਾਬ ਸਰਕਾਰ ਬਿਜਲੀ ਬੋਰਡ ਦੀਆਂ ਜ਼ਮੀਨਾਂ ਨੂੰ ਵੇਚਣ ਲਈ ਤਰਲੋਮੱਛੀ ਹੋ ਰਹੀ ਜਿਸ ਖਿਲਾਫ਼ ਪਾਵਰ ਸੈਕਟਰ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ ਆਉਣ ਵਾਲੀ 28 ਮਾਰਚ ਨੂੰ ਬਿਜਲੀ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ । ਜੇਕਰ ਕੇਂਦਰ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ ਪਾਸ ਕੀਤਾ ਜਾਂਦਾ ਹੈ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਾਲਾ ਦਿਵਸ ਮਨਾਉਂਦੇ ਹੋਏ ਰੇਲਾਂ ਰੋਕੀਆਂ ਜਾਣਗੀਆਂ ਅਤੇ ਟੋਲ਼ ਪਲਾਜ਼ਿਆਂ ਨੂੰ ਫਰੀ ਕੀਤਾ ਜਾਵੇਗਾ, ਇਸ ਪ੍ਰੋਗਰਾਮ ਵਿੱਚ ਬਿਜਲੀ ਕਾਮਿਆਂ ਵੱਲੋਂ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ । ਇਸ ਮੌਕੇ ਬੁਲਾਰਿਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਵਾਲੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਉੱਤੇ ਚੰਡੀਗੜ੍ਹ ਵਿਖੇ ਕੀਤੇ ਜਬਰ ਦੀ ਸਖ਼ਤ ਨਿਖੇਧੀ ਕੀਤੀ ਗਈ । ਪੰਜਾਬ ਸਰਕਾਰ ਵੱਲੋਂ ਆਪਣੇ ਆਖ਼ਰੀ ਬਜਟ ਵਿੱਚ ਕੱਚੇ ਕਾਮਿਆਂ ਨੂੰ ਪੱਕਾ ਕਰਨ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਡੀਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ ਜਿਸ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਬਹੁਤ ਰੋਸ ਹੈ ਜਿਸ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਜਿਸ ਬਿਜਲੀ ਕਾਮਿਆਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ।