- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਗਾਂ ਨੂੰ ਲੈਕੇ ਨਰੇਗਾ ਮੁਲਾਜ਼ਮਾਂ ਵੱਲੋਂ ਧਰਨਾ ਲਗਾਕੇ ਕੀਤਾ ਰੋਸ ਪ੍ਰਦਰਸ਼ਨ

ਚਾਨਾ ਪੰਜਾਬੀ ਜਾਗਰਣ ਫਰੀਦਕੋਟ : 70000 ਨਵੀਆਂ ਨੌਕਰੀਆਂ ਦੇਣ ਦਾ ਦਾਅਵਾ ਕਰਨ ਵਾਲੀ ਭਗਵੰਤ ਮਾਨ ਸਰਕਾਰ ਦਾ ਉਸ ਸਮੇਂ ਝੂਠ ਬੇਨਕਾਬ ਹੋ ਗਿਆ ਜਦੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੇ ਨਰੇਗਾ ਮੁਲਾਜ਼ਮਾਂ ਨੂੰ 18 ਸਾਲਾਂ ਤੋਂ ਕੱਚੀਆਂ ਅਸਾਮੀਆਂ ਤੇ ਰੱਖਣ ਦੇ ਬਾਵਜੂਦ ਪੱਕੇ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ। ਨਰੇਗਾ ਮੁਲਾਜ਼ਮ ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਮਰਜ਼ ਕਰਕੇ ਪੱਕੀਆਂ ਕਰਨ ਦੀ ਮੰਗ ਨੂੰ ਲੈਕੇ ਪਿਛਲੇ 37 ਦਿਨਾਂ ਤੋਂ ਧਰਨੇ ਤੇ ਚੱਲ ਰਹੇ ਹਨ। ਲੰਘੀ 1 ਜੂਨ, 10 ਜੂਨ ਅਤੇ 2 ਜੁਲਾਈ ਨੂੰ ਲਗਾਤਾਰ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈਆਂ ਪੈਨਲ ਮੀਟਿੰਗਾਂ ਵਿੱਚ ਕੈਬਨਿਟ ਮੰਤਰੀਆਂ ਨੇ ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਨੂੰ ਜਾਇਜ਼ ਠਹਿਰਾਉਂਦਿਆਂ ਪ੍ਰਵਾਨ ਕਰ ਲਿਆ ਸੀ। ਸਰਕਾਰ ਵੱਲੋਂ 7 ਜੁਲਾਈ ਦੀ ਮੀਟਿੰਗ ਵਿੱਚ ਪੰਚਾਇਤ ਵਿਭਾਗ ਦੇ ਸਾਰੇ ਉੱਚ ਅਧਿਕਾਰੀਆਂ ਨੂੰ ਸ਼ਾਮਲ ਹੋਣ ਦੀ ਹਦਾਇਤ ਕੀਤੀ ਸੀ। ਅੱਜ ਇੱਥੇ ਜਿਲ੍ਹਾ ਪਰਿਸ਼ਦ ਫਰੀਦਕੋਟ ਵਿਖੇ ਜਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ,ਬਲਾਕ ਪ੍ਰਧਾਨ ਹਰਬੰਸ ਸਿੰਘ,ਖੁਸ਼ਪ੍ਰੀਤ ਸਿੰਘ ,ਬਲਰਾਜ ਸਿੰਘ ਨੇ ਕਿਹਾ ਕਿ 18 ਸਾਲਾਂ ਤੋਂ ਪਿੰਡਾਂ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਨਰੇਗਾ ਮੁਲਾਜ਼ਮਾਂ ਨੂੰ ਸੰਘਰਸ਼ ਦੇ 37 ਦਿਨ ਬੀਤ ਜਾਣ ਤੇ ਵੀ ਸਰਕਾਰ ਵੱਲੋਂ ਨਾਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਦੋਂ ਕਿ ਸ਼ਨੀਵਾਰ ਐਤਵਾਰ ਅਤੇ ਛੁੱਟੀ ਵਾਲੇ ਦਿਨ ਵੀ ਨਰੇਗਾ ਮੁਲਾਜ਼ਮਾਂ ਤੋਂ ਕੰਮ ਲੈਣ ਵਾਲੀ ਅਫ਼ਸਰਸ਼ਾਹੀ ਮੀਟਿੰਗ ਦੌਰਾਨ ਮੁਲਾਜ਼ਮਾਂ ਨੂੰ ਪੱਕਾ ਕਰਨ ਤੋਂ ਪੂਰੀ ਤਰ੍ਹਾਂ ਭੱਜ ਗਈ। ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਥਾਂ, 8 ਮਹੀਨਿਆਂ ਦੀ ਬਕਾਇਆ ਤਨਖ਼ਾਹ ਦੇਣ ਦੀ ਥਾਂ ਨੌਕਰੀ ਤੋਂ ਕੱਢ ਦੇਣ ਦੀਆਂ ਧਮਕੀਆਂ ਦੇਣ ਲੱਗੀ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਅਫ਼ਸਰਸ਼ਾਹੀ ਦੀਆਂ ਆਪ ਹੁਦਰੀਆਂ ਤੇ ਕੋਈ ਨਿਯੰਤਰਣ ਨਹੀਂ ਹੈ, ਮੀਟਿੰਗ ਵਿੱਚ ਵੀ ਪੰਚਾਇਤ ਮੰਤਰੀ ਆਪਣੇ ਵਿਭਾਗ ਦੀ ਅਫ਼ਸਰਸ਼ਾਹੀ ਸਾਹਮਣੇ ਬੇਵੱਸ ਨਜ਼ਰ ਆਏ। ਆਗੂਆਂ ਨੇ ਕਿਹਾ ਸਿਰਫ਼ ਨਰੇਗਾ ਹੀ ਨਹੀਂ ਪਿੰਡਾਂ ਦੇ ਵਿਕਾਸ ਨਾਲ ਸੰਬੰਧਿਤ ਹਰ ਤਰ੍ਹਾਂ ਦੇ ਵਾਧੂ ਕੰਮਾਂ ਵਿੱਚ ਵੀ ਨਰੇਗਾ ਮੁਲਾਜ਼ਮ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸਤੋਂ ਪਹਿਲਾਂ ਅਕਾਲੀ ਭਾਜਪਾ ਅਤੇ ਕਾਂਗਰਸ ਸਰਕਾਰ ਨੇ ਨਰੇਗਾ ਮੁਲਾਜ਼ਮਾਂ ਨੂੰ ਆਪਣੇ ਸਿਆਸੀ ਹਿੱਤਾਂ ਲਈ ਰੱਜ਼ ਕੇ ਇਸਤੇਮਾਲ ਕੀਤਾ ਸੀ ਅਤੇ ਹੁਣ ਮੌਜੂਦਾ ਸਰਕਾਰ ਜੋ ਨਰੇਗਾ ਮੁਲਾਜ਼ਮਾਂ ਨਾਲ ਪੱਕੇ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਸਰਕਾਰ ਵੀ ਮੁਲਾਜ਼ਮ ਵਿਰੋਧੀ ਸਰਕਾਰ ਸ਼ਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਆਪਣੀ ਜ਼ਿੰਦਗੀ ਦਾ ਸਭ ਤੋਂ ਕੀਮਤੀ ਸਮਾਂ ਨਰੇਗਾ ਲੇਖੇ ਲਾ ਚੁੱਕੇ ਮੁਲਾਜ਼ਮਾਂ ਨੂੰ ਮੰਤਰੀ ਸੌਂਦ ਨੇ ਵੀ ਕਿਹਾ ਕਿ ਹੜਤਾਲ ਖ਼ਤਮ ਕਰੋ ਨਹੀਂ ਤਾਂ ਤੁਹਾਨੂੰ ਕੱਢ ਕੇ ਨਵੀਂ ਭਰਤੀ ਕੀਤੀ ਜਾਵੇਗੀ। ਇਸ ਲਈ ਪੰਜਾਬ ਭਰ ਦੇ ਨਰੇਗਾ ਮੁਲਾਜ਼ਮਾਂ ਵਿੱਚ ਬੇਹੱਦ ਰੋਸ ਦੀ ਲਹਿਰ ਦੌੜ ਗਈ। ਮੌਕੇ ਤੇ ਮੌਜੂਦ ਮਗਨਰੇਗਾ ਸਾਥੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਸੰਘਰਸ਼ ਨੂੰ ਹੋਰ ਤਿੱਖਾ ਅਤੇ ਤੇਜ਼ ਕਰਨ ਦਾ ਫ਼ੈਸਲਾ ਕੀਤਾ। ਜਿਸ ਵਿੱਚ 10 ਜੁਲਾਈ ਨੂੰ ਸਾਰੇ ਜਿਲ੍ਹਾ ਪ੍ਰੀਸਦ ਦਫਤਰਾਂ ਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ। 15 ਜੁਲਾਈ ਨੂੰ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਖੰਨਾ ਰਿਹਾਇਸ਼ ਦਾ ਘਿਰਾਓ ਹਜ਼ਾਰਾਂ ਦਾ ਇਕੱਠ ਕਰਕੇ ਕੀਤਾ ਜਾਵੇਗਾ, ਰੋਸ ਰੈਲੀ ਕੱਢੀ ਜਾਵੇਗੀ। 12 ਜੁਲਾਈ ਨੂੰ ਮੁੱਖ ਮੰਤਰੀ ਬੰਗਲੌਰ ਤੋਂ ਵਾਪਸ ਆ ਜਾਣਗੇ। ਇਸਤੋਂ ਬਾਅਦ ਜਿੱਥੇ ਕਿਤੇ ਵੀ ਮੁੱਖ ਮੰਤਰੀ ਦਾ ਲੋਕ ਮਿਲਣੀ ਪ੍ਰੋਗਰਾਮ ਹੋਵੇਗਾ। ਉਸ ਵਿੱਚ ਜਾ ਕੇ ਨਰੇਗਾ ਮੁਲਾਜ਼ਮ ਮੁੱਖ ਮੰਤਰੀ ਪੰਜਾਬ ਨੂੰ ਸਵਾਲ ਕਰਨਗੇ। ਇਸ ਮੌਕੇ ਜਿਲ੍ਹੇ ਦੇ ਸਮੂਹ ਕਰਮਚਾਰੀ ਵੱਡੀ ਗਿਣਤੀ ਵਿੱਚ ਸ਼ਾਮਲ ਸਨ।