- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੇਰੁਜ਼ਗਾਰ ਨੌਜਵਾਨਾਂ ’ਤੇ ਲਾਠੀਚਾਰਜ ਦੇ ਵਿਰੋਧ ਵਿੱਚ ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਵੱਲੋਂ ਰੋਸ ਪ੍ਰਦਰਸ਼ਨ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਰੁਜ਼ਗਾਰ ਦੀ ਮੰਗ ਕਰ ਰਹੇ ਬੇਰੁਜ਼ਗਾਰ ਨੌਜਵਾਨਾਂ ਉੱਪਰ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿੱਚ ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਸਬ-ਡਵੀਜ਼ਨ ਜੈਤੋ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਬੇਰੁਜ਼ਗਾਰ ਨੌਜਵਾਨਾਂ ਨਾਲ ਹੋਏ ਵਿਵਹਾਰ ਦੀ ਨਿੰਦਾ ਕੀਤੀ। ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਸਬ-ਡਵੀਜ਼ਨ ਦੇ ਪ੍ਰਧਾਨ ਹਰਜੀਤ ਸਿੰਘ ਨੇ ਕਿਹਾ ਕਿ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਨੌਜਵਾਨਾਂ ਉੱਤੇ ਪੰਜਾਬ ਪੁਲਿਸ ਵੱਲੋਂ ਕੀਤਾ ਗਿਆ ਲਾਠੀਚਾਰਜ ਲੋਕਤੰਤਰਿਕ ਕਦਰਾਂ-ਕੀਮਤਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਅਤੇ ਭਵਿੱਖ ਦੀ ਲੜਾਈ ਲੜ ਰਹੇ ਨੌਜਵਾਨਾਂ ਦੀ ਆਵਾਜ਼ ਸੁਣਨ ਦੀ ਬਜਾਏ ਉਨ੍ਹਾਂ ’ਤੇ ਜ਼ਬਰ ਦੀ ਵਰਤੋਂ ਕਰਨਾ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਕਦਮ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਬਿਜਲੀ ਬੋਰਡ ਅਤੇ ਪਾਵਰਕਾਮ ਵਿੱਚ ਲਗਭਗ 40 ਹਜ਼ਾਰ ਅਸਾਮੀਆਂ ਖਾਲੀ ਪਈਆਂ ਹਨ, ਜਿਸ ਕਾਰਨ ਮੌਜੂਦਾ ਕਰਮਚਾਰੀਆਂ ’ਤੇ ਕੰਮ ਦਾ ਬੋਝ ਲਗਾਤਾਰ ਵਧ ਰਿਹਾ ਹੈ। ਭਾਰੀ ਵਰਕਲੋਡ ਕਾਰਨ ਕਈ ਕਰਮਚਾਰੀ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ, ਪਰ ਇਸ ਦੇ ਬਾਵਜੂਦ ਸਰਕਾਰ ਵੱਲੋਂ ਖਾਲੀ ਅਸਾਮੀਆਂ ਨੂੰ ਭਰਨ ਲਈ ਕੋਈ ਠੋਸ ਯੋਜਨਾ ਨਹੀਂ ਬਣਾਈ ਜਾ ਰਹੀ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਨੌਜਵਾਨਾਂ ਅਤੇ ਮੁਲਾਜ਼ਮਾਂ ਨਾਲ ਕੀਤੇ ਕਈ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਭਰਤੀ ਪ੍ਰਕਿਰਿਆਵਾਂ ਵਿੱਚ ਬੇਲੋੜੀਆਂ ਸ਼ਰਤਾਂ ਲਗਾ ਕੇ ਪੰਜਾਬ ਦੇ ਯੋਗ ਉਮੀਦਵਾਰਾਂ ਲਈ ਰੁਜ਼ਗਾਰ ਦੇ ਮੌਕੇ ਘਟਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਵਰਕਾਮ ਵਿੱਚ ਅਪ੍ਰੈਂਟਿਸਸ਼ਿਪ ਕਰ ਰਹੇ ਕਰੀਬ 2600 ਨੌਜਵਾਨ ਲੜਕੇ ਅਤੇ ਲੜਕੀਆਂ ਟੈਸਟ ਪਾਸ ਕਰਨ ਤੋਂ ਬਾਅਦ ਆਪਣੀ ਮੈਰਿਟ ਦੇ ਆਧਾਰ ’ਤੇ ਘਰਾਂ ਤੋਂ ਦੂਰ ਰਹਿ ਕੇ ਸਿਖਲਾਈ ਪ੍ਰਾਪਤ ਕਰ ਰਹੇ ਹਨ, ਪਰ ਉਨ੍ਹਾਂ ਨੂੰ ਰੈਗੂਲਰ ਨੌਕਰੀ ਦੀ ਕੋਈ ਗਾਰੰਟੀ ਨਹੀਂ ਦਿੱਤੀ ਜਾ ਰਹੀ। ਇਸ ਕਾਰਨ ਨੌਜਵਾਨਾਂ ਦਾ ਭਵਿੱਖ ਅਣਿਸ਼ਚਿਤਤਾ ਵੱਲ ਧੱਕਿਆ ਜਾ ਰਿਹਾ ਹੈ। ਬੁਲਾਰਿਆਂ ਨੇ ਮੰਗ ਕੀਤੀ ਕਿ ਆਈ.ਟੀ.ਆਈ. ਪਾਸ ਬੇਰੁਜ਼ਗਾਰ ਨੌਜਵਾਨਾਂ ਨੂੰ, ਜੋ ਪਟਿਆਲਾ ਸਥਿਤ ਪਾਵਰਕਾਮ ਹੈੱਡ ਆਫ਼ਿਸ ਅੱਗੇ ਲਗਾਤਾਰ ਸੰਘਰਸ਼ ਕਰ ਰਹੇ ਹਨ, ਤੁਰੰਤ ਰੈਗੂਲਰ ਭਰਤੀ ਰਾਹੀਂ ਨੌਕਰੀ ਦਿੱਤੀ ਜਾਵੇ। ਇਸ ਤੋਂ ਇਲਾਵਾ ਬਿਜਲੀ ਨਿਗਮ ਵਿੱਚ ਖਾਲੀ ਪਈਆਂ ਹਜ਼ਾਰਾਂ ਅਸਾਮੀਆਂ ਨੂੰ ਬਿਨਾਂ ਦੇਰੀ ਭਰਿਆ ਜਾਵੇ ਅਤੇ ਨਵੀਆਂ ਭਰਤੀਆਂ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਪਹਿਲ ਦਿੱਤੀ ਜਾਵੇ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਅਤੇ ਪਾਵਰਕਾਮ ਪ੍ਰਬੰਧਨ ਨੇ ਬੇਰੁਜ਼ਗਾਰ ਨੌਜਵਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਅਤੇ ਸੰਘਰਸ਼ ਕਰ ਰਹੇ ਨੌਜਵਾਨਾਂ ਨਾਲ ਧੱਕੇਸ਼ਾਹੀ ਜਾਰੀ ਰੱਖੀ ਤਾਂ ਯੂਨੀਅਨ ਵੱਲੋਂ ਸੂਬਾ ਪੱਧਰ ’ਤੇ ਹੋਰ ਤਿੱਖਾ ਅਤੇ ਵਿਆਪਕ ਸੰਘਰਸ਼ ਵਿੱਢਿਆ ਜਾਵੇਗਾ। ਰੋਸ ਪ੍ਰਦਰਸ਼ਨ ਦੌਰਾਨ ਸਰਕਲ ਪ੍ਰਧਾਨ ਬੂਟਾ ਸਿੰਘ ਸਰਾਂਵਾਂ, ਸਬ-ਡਵੀਜ਼ਨ ਪ੍ਰਧਾਨ ਹਰਜੀਤ ਸਿੰਘ, ਮੀਤ ਪ੍ਰਧਾਨ ਬਲਕਰਨ ਸਿੰਘ, ਜਨਰਲ ਸਕੱਤਰ ਅਮਨਦੀਪ ਸਿੰਘ, ਸਤਪਾਲ ਸਿੰਘ, ਕੁਲਵੀਰ ਸਿੰਘ, ਭਾਰਤ ਭੂਸ਼ਣ, ਮਲਕੀਤ ਸਿੰਘ, ਦਵਿੰਦਰ ਸਿੰਘ, ਸੁਖਵਿੰਦਰ ਸਿੰਘ, ਗੁਰਵਿੰਦਰ ਸਿੰਘ, ਜੇ.ਈ. ਦੀਪਕ ਜੈਨ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਅਤੇ ਯੂਨੀਅਨ ਮੈਂਬਰ ਹਾਜ਼ਰ ਸਨ।