ਡੀਲਕਸ ਪਬਲਿਕ ਪਖਾਨੇ ਲੋਕ ਅਰਪਣ
ਬਾਬਾ ਫਰੀਦ ਮਾਰਕੀਟ ਵਿਖੇ ਆਧੁਨਿਕ ਸਹੂਲਤਾਂ ਨਾਲ ਲੈਸ ਡੀਲਕਸ ਪਬਲਿਕ ਪਖਾਨੇ ਲੋਕ ਅਰਪਣ
Publish Date: Thu, 16 Apr 2026 05:49 PM (IST)
Updated Date: Fri, 17 Apr 2026 04:10 AM (IST)

ਚਾਨਾ ਪੰਜਾਬੀ ਜਾਗਰਣ ਫ਼ਰੀਦਕੋਟ : ਨਗਰ ਸੁਧਾਰ ਟਰੱਸਟ ਫ਼ਰੀਦਕੋਟ ਵੱਲੋਂ ਅੱਜ ਬਾਬਾ ਫਰੀਦ ਮਾਰਕੀਟ ਵਿਖੇ ਆਧੁਨਿਕ ਸਹੂਲਤਾਂ ਨਾਲ ਲੈਸ ਡੀਲਕਸ ਪਬਲਿਕ ਪਖਾਨੇ ਸ਼ੁਰੂ ਕਰ ਦਿੱਤੇ ਗਏ ਹਨ । ਇਸ ਮੌਕੇ ਹਲਕਾ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ ਰਿਬਨ ਕੱਟ ਕੇ ਇਸ ਸਹੂਲਤ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਗਗਨਦੀਪ ਸਿੰਘ ਧਾਲੀਵਾਲ, ਚੇਅਰਮੈਨ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਬੁਨਿਆਦੀ ਸਹੂਲਤਾਂ ਦਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ ਅਤੇ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਪ੍ਰੋਜੈਕਟ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਾਬਾ ਫਰੀਦ ਮਾਰਕੀਟ ਵਿੱਚ ਆਉਣ ਵਾਲੇ ਲੋਕਾਂ ਅਤੇ ਦੁਕਾਨਦਾਰਾਂ ਨੂੰ ਇਸ ਸਹੂਲਤ ਨਾਲ ਵੱਡੀ ਰਾਹਤ ਮਿਲੇਗੀ। ਉਹਨਾ ਕਿਹਾ ਕਿ ਇਹ 2 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ ਅਤੇ ਇਸ ਨੂੰ ਬਿਲਕੁਲ ਮੁਫ਼ਤ ਵਿੱਚ ਚਲਾਇਆ ਜਾਵੇਗਾ। ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਵਿੱਚ ਸਫ਼ਾਈ, ਸਿਹਤ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਹੋਰ ਵਿਕਾਸ ਕਾਰਜ ਜਾਰੀ ਰਹਿਣਗੇ। ਇਸ ਮੌਕੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮਾਰਕੀਟ ਦੇ ਦੁਕਾਨਦਾਰਾਂ ਵੱਲੋਂ ਲੰਬੇ ਸਮੇਂ ਤੋਂ ਪਬਲਿਕ ਟਾਇਲਟ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਅੱਜ ਪੂਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਟਾਇਲਟ ਆਧੁਨਿਕ ਸਹੂਲਤਾਂ ਅਤੇ ਸਫ਼ਾਈ ਦੇ ਉੱਚ ਮਿਆਰਾਂ ਨਾਲ ਤਿਆਰ ਕੀਤਾ ਗਿਆ ਹੈ। ਉਹਨਾ ਕਿਹਾ ਕਿ ਇਸ ਨੂੰ ਸਾਫ ਸੁਥਰਾ ਰੱਖਣ ਲਈ ਟਰੱਸਟ ਵੱਲੋਂ ਵਿਅਕਤੀ ਰੱਖਿਆ ਗਿਆ ਹੈ। ਇਸ ਮੌਕੇ ਦਵਿੰਦਰ ਸਿੰਘ ਪੰਜਾਬ ਮੋਟਰ, ਪ੍ਰੀਤਮ ਸਿੰਘ ਭਾਣਾ, ਰਿੰਕੂ ਸਮਾਧਾਂ ਵਾਲਾ ਤੋਂ ਇਲਾਵਾ ਨਗਰ ਸੁਧਾਰ ਟਰੱਸਟ ਦੇ ਅਧਿਕਾਰੀ, ਮਾਰਕੀਟ ਐਸੋਸੀਏਸ਼ਨ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਮੌਜੂਦ ਸਨ।