ਬੱਚਿਆਂ ਦੀ ਲੇਖ ਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ : ਸੇਖੋਂ ਬਾਬਾ ਫ਼ਰੀਦ ਆਗਮਨ-ਪੁਰਬ ਮੌਕੇ ਸਕੂਲੀ ਬੱਚਿਆਂ ਦੀ ਲੇਖ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ- ਸਿਮਰਜੀਤ ਸਿੰਘ ਸੇਖੋਂ
Publish Date: Tue, 15 Sep 2026 04:39 PM (IST)
Updated Date: Wed, 16 Sep 2026 04:03 AM (IST)
ਜਗਮੀਤ ਸਿੰਘ, ਪੰਜਾਬੀ ਜਾਗਰਣ ਫ਼ਰੀਦਕੋਟ : ਬਾਬਾ ਫਰੀਦ ਜੀ ਦੀ ਚਰਨ ਛੋਹ ਪ੍ਰਾਪਤ ਨਗਰੀ ਫਰੀਦਕੋਟ ਵਿਖੇ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਲੇਖ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਬਾਬਾ ਫਰੀਦ ਧਾਰਮਿਕ ਤੇ ਵਿਦਿਅਕ ਸੰਸਥਾਵਾਂ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਸੇਖੋਂ ਜੀ ਦੀ ਰਹਿਨੁਮਾਈ ਹੇਠ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਦੌਰਾਨ ਫ਼ਰੀਦਕੋਟ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਅੱਜ ਦੇ ਇਹ ਮੁਕਾਬਲੇ ਬਾਬਾ ਫ਼ਰੀਦ ਜੀ ਦੇ ਜੀਵਨ, ਸਿਧਾਂਤਾਂ ਅਤੇ ਸ਼ਬਦਾਂ ਤੇ ਅਧਾਰਿਤ ਸਨ ਤੇ ਉਨ੍ਹਾਂ ਕਿਹਾ ਕਿ 16 ਸਤੰਬਰ ਨੂੰ ਭਾਸ਼ਣ ਮੁਕਾਬਲੇ ਤੇ 17 ਸਤੰਬਰ ਨੂੰ ਸ਼ਬਦ ਗਾਇਨ ਮੁਕਾਬਲੇ ਵੀ ਬਾਬਾ ਫਰੀਦ ਜੀ ਦੇ ਸਲੋਕਾਂ ਅਤੇ ਸ਼ਬਦਾਂ ’ਤੇ ਹੀ ਆਧਾਰਿਤ ਹੋਣਗੇ। ਉਨ੍ਹਾਂ ਕਿਹਾ ਕਿ ਅੱਜ ਲੇਖ ਅਤੇ ਪ੍ਰਸ਼ਨੋਤਰੀ ਮੁਕਾਬਲੇ ਦੌਰਾਨ ਵੀ ਵਿਦਿਆਰਥੀਆਂ ਨੇ ਆਪਣੀ ਸੂਖਮ ਦ੍ਰਿਸ਼ਟੀ ਤੇ ਉਚੇਰੀ ਸੂਝ-ਬੂਝ ਦਾ ਪ੍ਰਗਟਾਵਾ ਕਰਦਿਆਂ ਸਵਾਲਾਂ ਦੇ ਜਵਾਬ ਬਹੁਤ ਹੀ ਖੂਬਸੂਰਤੀ ਨਾਲ ਦਿੱਤੇ ਹਨ। ਇਨ੍ਹਾਂ ਸਾਰੇ ਮੁਕਾਬਲਿਆਂ ਦਾ ਨਤੀਜਾ ਮਿਤੀ 17 ਸਤੰਬਰ, ਦਿਨ ਵੀਰਵਾਰ ਨੂੰ ਐਲਾਨਿਆ ਜਾਵੇਗਾ ਅਤੇ 23 ਸਤੰਬਰ ਨੂੰ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਜਾਣਗੇ। ਜਿਸ ਵਿੱਚ ਪਹਿਲਾ ਦਰਜਾ 10,000/-, ਦੂਜਾ ਦਰਜਾ 7000/- ਅਤੇ ਤੀਜਾ ਦਰਜਾ 5000 ਦੀ ਨਕਦ ਰਾਸ਼ੀ ਤੇ ਸਰਟੀਫਿਕੇਟ ਨਾਲ ਜੇਤੂ ਵਿਦਿਆਰਥੀਆਂ ਨੂੰ 23 ਸਤੰਬਰ ਨੂੰ ਗੁਰਦੁਆਰਾ ਗੋਦੜੀ ਸਾਹਿਬ ਦੇ ਦੀਵਾਨ ਹਾਲ ਵਿਖੇ ਸਨਮਾਨਿਤ ਕੀਤਾ ਜਾਵੇਗਾ। ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਜੀ ਨੇ ਆਏ ਹੋਏ ਸਮੂਹ ਵਿਦਿਆਰਥੀਆਂ, ਵਿੱਦਿਅਕ ਅਦਾਰਿਆਂ ਦੇ ਮੁਖੀਆਂ ਦਾ ਧੰਨਵਾਦ ਕਰਦਿਆਂ ਆਪਣਾ ਅਸ਼ੀਰਵਾਦ ਦਿੱਤਾ। ਇਸ ਮੌਕੇ ਕਮੇਟੀ ਮੈਂਬਰਜ਼ ਸ. ਚਰਨਜੀਤ ਸਿੰਘ ਸੇਖੋਂ, ਸ. ਸੁਰਿੰਦਰ ਸਿੰਘ ਰੋਮਾਣਾ, ਡਾ. ਗੁਰਇੰਦਰ ਮੋਹਨ ਸਿੰਘ , ਸ. ਦੀਪਇੰਦਰ ਸਿੰਘ ਸੇਖੋਂ, ਸ. ਕੁਲਜੀਤ ਸਿੰਘ ਮੌਗੀਆਂ, ਸ. ਗੁਰਜਾਪ ਸਿੰਘ ਸੇਖੋਂ ਅਤੇ ਸ. ਨਰਿੰਦਰ ਪਾਲ ਸਿੰਘ ਬਰਾੜ ਵੀ ਹਾਜ਼ਰ ਸਨ।