- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਜਰੂਰੀ: ਸੰਨੀ ਬਰਾੜ

ਵਿਕਾਸ ਕੁਮਾਰ ਗਰਗ ਪੰਜਾਬੀ ਜਾਗਰਣ : ਫਰੀਦਕੋਟ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਯਾਤਰਾ’ ਅੱਜ ਫਰੀਦਕੋਟ ਪਹੁੰਚੀ। ਯਾਤਰਾ ਦੀ ਅਗਵਾਈ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਫਤਿਹਜੰਗ ਸਿੰਘ ਬਾਜਵਾ, ਹਾਬੀ ਧਾਲੀਵਾਲ ਅਤੇ ਰਾਜਸਥਾਨ ਦੇ ਵਿਧਾਇਕ ਗੁਰਬੀਰ ਸਿੰਘ ਬਰਾੜ ਵੱਲੋਂ ਕੀਤੀ ਗਈ। ਇਸ ਮੌਕੇ ਫਰੀਦਕੋਟ ਦੇ ਜ਼ਿਲ੍ਹਾ ਭਾਜਪਾ ਪ੍ਰਧਾਨ ਸੰਦੀਪ ਸਿੰਘ ਸਨੀ ਬਰਾੜ ਅਤੇ ਅਨੁਸ਼ਾਸਨ ਕਮੇਟੀ ਦੇ ਕਨਵੀਨਰ ਡਾ. ਸੰਜੀਵ ਗੋਇਲ , ਵਾਈਸ ਪ੍ਰਧਾਨ ਜਗਜੀਤ ਸਿੰਘ ਸਮੇਤ ਪਾਰਟੀ ਦੇ ਸਥਾਨਕ ਆਗੂ ਵੀ ਮੌਜੂਦ ਰਹੇ। ਯਾਤਰਾ ਦੌਰਾਨ ਆਫਿਸਰਜ਼ ਕਲੱਬ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਫਤਿਹਜੰਗ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਤੋਂ ਲੋਕ ਚੰਗੀ ਤਰ੍ਹਾਂ ਜਾਣੂ ਹਨ। ਉਨ੍ਹਾਂ ਕਿਹਾ ਕਿ ਯਾਤਰਾ ਦਾ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਜਾਗਰੂਕਤਾ ਪੈਦਾ ਕਰਨਾ ਹੈ। ਬਾਜਵਾ ਨੇ ਕਿਹਾ ਕਿ ਜੇਕਰ 2027 ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ, ਤਾਂ ਕੇਂਦਰੀ ਨਾਰਕੋਟਿਕਸ ਏਜੰਸੀਆਂ ਅਤੇ ਸੂਬੇ ਦੇ ਐਂਟੀ-ਡਰੱਗ ਵਿਭਾਗ ਨਾਲ ਮਿਲ ਕੇ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਖ਼ਿਲਾਫ਼ ਕਾਰਵਾਈ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਦਿਸ਼ਾ ਵਿੱਚ ਕੰਮ ਕੀਤਾ ਜਾਵੇਗਾ। ਇਹ ਉਨ੍ਹਾਂ ਵੱਲੋਂ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਗਿਆ ਸਿਆਸੀ ਦਾਅਵਾ ਹੈ। ਭਾਜਪਾ ਆਗੂ ਨੇ ਦੋਸ਼ ਲਾਇਆ ਕਿ ਮੌਜੂਦਾ ਸਮੇਂ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨਾਲ ਨਸ਼ਿਆਂ ਦੇ ਖ਼ਾਤਮੇ ਲਈ ਲੋੜੀਂਦਾ ਸਹਿਯੋਗ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਦੇ ਉਦੇਸ਼ ਨਾਲ ਸੂਬੇ ਭਰ ਵਿੱਚ ਇਹ ਯਾਤਰਾ ਕੱਢੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਜਰਾਤ ਤੋਂ ਪੰਜਾਬ ਵਿੱਚ ਨਸ਼ਾ ਆਉਣ ਸਬੰਧੀ ਲਗਾਏ ਗਏ ਦੋਸ਼ਾਂ ਬਾਰੇ ਬਾਜਵਾ ਨੇ ਕਿਹਾ ਕਿ ਇਹ ਕੇਵਲ ਭਰਮ ਪੈਦਾ ਕਰਨ ਵਾਲੀਆਂ ਗੱਲਾਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਹੋਰ ਸੂਬੇ ਤੋਂ ਨਸ਼ਾ ਪੰਜਾਬ ਵਿੱਚ ਆਉਂਦਾ ਹੈ ਤਾਂ ਉਸ ਨੂੰ ਰੋਕਣ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਵੀ ਬਣਦੀ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਸਰਕਾਰ ਵੱਲੋਂ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਅਜਿਹੇ ਬਿਆਨ ਦਿੱਤੇ ਜਾ ਰਹੇ ਹਨ। ਇਸ ਮੌਕੇ ਭਾਜਪਾ ਆਗੂਆਂ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਵਿਚਕਾਰ ਤਾਲਮੇਲ ਜ਼ਰੂਰੀ ਹੈ। ‘ਨਸ਼ਾ ਮੁਕਤ ਯਾਤਰਾ’ ਅਗਲੇ ਪੜਾਅ ਲਈ ਰਵਾਨਾ ਹੋ ਗਈ।