- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਫ਼ਰੀਦ ਆਗਮਨ-ਪੁਰਬ ਦੀ ਪਹਿਲੀ ਸ਼ਾਮ ਰੂਹਾਨੀ ਕੀਰਤਨ ਅਤੇ ਕਥਾ-ਵਿਚਾਰਾਂ ਨਾਲ ਹੋਈ ਅਲੌਕਿਕ

ਜਗਮੀਤ ਸਿੰਘ ਪੰਜਾਬੀ ਜਾਗਰਣ ਫ਼ਰੀਦਕੋਟ: ਬਾਬਾ ਫ਼ਰੀਦ ਜੀ ਆਗਮਨ-ਪੁਰਬ 2026 ਨੂੰ ਸਮਰਪਿਤ ਸਮਾਗਮਾਂ ਦੀ ਪਹਿਲੀ ਸ਼ਾਮ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਰੂਹਾਨੀ ਕੀਰਤਨ ਅਤੇ ਕਥਾ-ਵਿਚਾਰਾਂ ਦਾ ਅਲੌਕਿਕ ਦਰਬਾਰ ਸਜਾਇਆ ਗਿਆ। ਇਹ ਸਮਾਗਮ ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ, ਫ਼ਰੀਦਕੋਟ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ। ਇਸ ਪਾਵਨ ਮੌਕੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਜੀ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਨੇ ਆਪਣੇ ਪ੍ਰਭਾਵਸ਼ਾਲੀ ਪ੍ਰਵਚਨਾਂ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਬਾਬਾ ਫ਼ਰੀਦ ਜੀ ਦੀਆਂ ਸਿੱਖਿਆਵਾਂ ਨਾਲ ਜੋੜਦਿਆਂ ਨਿਹਾਲ ਕੀਤਾ। ਉਪਰੰਤ ਪ੍ਰਿੰਸੀਪਲ ਸੁਖਵੰਤ ਸਿੰਘ ਲੁਧਿਆਣਾ ਵਾਲਿਆਂ ਨੇ ਇਲਾਹੀ ਬਾਣੀ ਦਾ ਮਨਮੋਹਕ ਕੀਰਤਨ ਕਰਕੇ ਸਮੁੱਚੇ ਮਾਹੌਲ ਨੂੰ ਰੂਹਾਨੀ ਰੰਗ ਵਿੱਚ ਰੰਗ ਦਿੱਤਾ। ਕੀਰਤਨ ਦੀਆਂ ਮਧੁਰ ਧੁਨਾਂ ਅਤੇ ਗੁਰਬਾਣੀ ਦੇ ਪਵਿੱਤਰ ਸ਼ਬਦਾਂ ਨਾਲ ਸੰਗਤਾਂ ਭਗਤੀ-ਰਸ ਵਿੱਚ ਲੀਨ ਹੋ ਗਈਆਂ। ਸਿਮਰਜੀਤ ਸਿੰਘ ਸੇਖੋਂ (ਪ੍ਰਧਾਨ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਬਾ ਫ਼ਰੀਦ ਜੀ ਦੇ ਆਗਮਨ-ਪੁਰਬ ਨੂੰ ਸਮਰਪਿਤ ਕੀਰਤਨ ਅਤੇ ਕਥਾ-ਵਿਚਾਰਾਂ ਦੇ ਇਹ ਰੂਹਾਨੀ ਸਮਾਗਮ ਟਿੱਲਾ ਬਾਬਾ ਫ਼ਰੀਦ ਜੀ ਅਤੇ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਹਰ ਰੋਜ਼ ਸ਼ਾਮ 7:00 ਵਜੇ ਤੋਂ ਰਾਤ 9:00 ਵਜੇ ਤੱਕ ਜਾਰੀ ਰਹਿਣਗੇ। ਇਨ੍ਹਾਂ ਸਮਾਗਮਾਂ ਦੌਰਾਨ ਪ੍ਰਸਿੱਧ ਰਾਗੀ, ਢਾਡੀ ਅਤੇ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਅਤੇ ਬਾਬਾ ਫ਼ਰੀਦ ਜੀ ਦੀ ਪਾਵਨ ਬਾਣੀ ਨਾਲ ਜੋੜਨਗੇ। ਉਨ੍ਹਾਂ ਦੱਸਿਆ ਕਿ ਆਗਮਨ-ਪੁਰਬ ਦੌਰਾਨ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਬਾਬਾ ਫ਼ਰੀਦ ਜੀ ਦੇ ਪਾਵਨ ਅਸਥਾਨਾਂ ’ਤੇ ਨਤਮਸਤਕ ਹੋਣ ਲਈ ਪਹੁੰਚਦੇ ਹਨ ਅਤੇ ਗੁਰੂ-ਘਰ ਦੀਆਂ ਅਸੀਸਾਂ ਤੇ ਖ਼ੁਸ਼ੀਆਂ ਪ੍ਰਾਪਤ ਕਰਦੇ ਹਨ। ਉਨ੍ਹਾਂ ਸਮੂਹ ਸੰਗਤਾਂ ਨੂੰ ਇਨ੍ਹਾਂ ਰੂਹਾਨੀ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ. ਸਿਮਰਜੀਤ ਸਿੰਘ ਸੇਖੋਂ (ਪ੍ਰਧਾਨ) ਨਾਲ ਉਨ੍ਹਾਂ ਦੀ ਧਰਮ-ਪਤਨੀ ਰਾਜਪਾਲ ਕੌਰ ਸੇਖੋਂ (ਕਮੇਟੀ ਮੈਂਬਰ) ਅਤੇ ਡਾ. ਗੁਰਇੰਦਰ ਮੋਹਨ ਸਿੰਘ ( ਖਜ਼ਾਨਚੀ) ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।