- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਤਾਵਰਨ ਦੀ ਸ਼ੁੱਧਤਾ ਅਤੇ ਪੰਜਾਬ ਦੀ ਹਰਿਆਵਲੀ ਲਈ ਹਰ ਨਾਗਰਿਕ ਨੂੰ ਨਿਭਾਉਣੀ ਚਾਹੀਦੀ ਹੈ ਅਹਿਮ ਭੂਮਿਕਾ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਗੁਰੂਆਂ, ਪੀਰਾਂ ਅਤੇ ਪੰਜ ਦਰਿਆਵਾਂ ਦੀ ਪਵਿੱਤਰ ਧਰਤੀ ਪੰਜਾਬ ਅੱਜ ਵਾਤਾਵਰਨ ਪ੍ਰਦੂਸ਼ਣ, ਪਾਣੀ ਦੇ ਡਿੱਗਦੇ ਪੱਧਰ ਅਤੇ ਵੱਧ ਰਹੇ ਤਾਪਮਾਨ ਵਰਗੀਆਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ। ਮਨੁੱਖ ਵੱਲੋਂ ਆਪਣੇ ਨਿੱਜੀ ਲਾਭਾਂ ਲਈ ਕੁਦਰਤੀ ਸਰੋਤਾਂ ਦੀ ਅੰਨ੍ਹੇਵਾਹ ਵਰਤੋਂ ਅਤੇ ਰੁੱਖਾਂ ਦੀ ਲਗਾਤਾਰ ਕਟਾਈ ਕਾਰਨ ਧਰਤੀ, ਪਾਣੀ ਅਤੇ ਹਵਾ ਦੀ ਗੁਣਵੱਤਾ ਪ੍ਰਭਾਵਿਤ ਹੋਈ ਹੈ। ਇਸ ਦੇ ਨਤੀਜੇ ਵਜੋਂ ਲੋਕ ਕਈ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ ਅਤੇ ਮਨੁੱਖੀ ਜੀਵਨ ਦੀ ਗੁਣਵੱਤਾ ਵੀ ਪ੍ਰਭਾਵਿਤ ਹੋ ਰਹੀ ਹੈ। ਵਿਸ਼ਵ ਵਾਤਾਵਰਨ ਦਿਵਸ ਦੇ ਸੰਦਰਭ ਵਿੱਚ ਜਦੋਂ ਜੈਤੋ ਦੇ ਪ੍ਰਮੁੱਖ ਸਿੱਖਿਆਵਿਦਾਂ, ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲਾਂ ਨਾਲ ਵਾਤਾਵਰਨ ਸੰਭਾਲ ਸਬੰਧੀ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਸਾਰਿਆਂ ਨੇ ਇੱਕ ਸੁਰ ਵਿੱਚ ਕਿਹਾ ਕਿ ਜੇਕਰ ਪੰਜਾਬ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਰਹਿਣ ਯੋਗ ਬਣਾਉਣਾ ਹੈ ਤਾਂ ਵਾਤਾਵਰਨ ਦੀ ਰੱਖਿਆ ਲਈ ਸਾਂਝੇ ਅਤੇ ਠੋਸ ਉਪਰਾਲੇ ਕਰਨੇ ਹੋਣਗੇ। ਸਵਾਮੀ ਵਿਵੇਕਾਨੰਦ ਗਰੁੱਪ ਆਫ਼ ਇੰਸਟੀਚਿਊਟ ਬਨੂੜ, ਚੰਡੀਗੜ੍ਹ, ਸ਼ਿਵਾਲਿਕ ਕਿਡਜ਼ ਸਕੂਲ ਅਤੇ ਅਲਾਇੰਸ ਇੰਟਰਨੈਸ਼ਨਲ ਸਕੂਲ ਜੈਤੋ ਦੇ ਚੇਅਰਮੈਨ ਅਸ਼ਵਨੀ ਕੁਮਾਰ ਗਰਗ (ਗੋਰੀਆ) ਨੇ ਕਿਹਾ ਕਿ ਮਨੁੱਖ ਦੀ ਸਵਾਰਥੀ ਸੋਚ ਨੇ ਜੰਗਲਾਂ, ਰੁੱਖਾਂ ਅਤੇ ਕੁਦਰਤੀ ਵਨਸਪਤੀ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ। ਇਸ ਦਾ ਨਤੀਜਾ ਇਹ ਨਿਕਲਿਆ ਹੈ ਕਿ ਅੱਜ ਮਨੁੱਖ ਨੂੰ ਕੁਦਰਤੀ ਆਫ਼ਤਾਂ, ਅਸਧਾਰਨ ਮੌਸਮੀ ਤਬਦੀਲੀਆਂ ਅਤੇ ਗੰਭੀਰ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਗਲੋਬਲ ਵਾਰਮਿੰਗ, ਪ੍ਰਦੂਸ਼ਣ, ਰੁੱਖਾਂ ਦੀ ਕਟਾਈ, ਪਾਣੀ ਦੀ ਦੁਰਵਰਤੋਂ ਅਤੇ ਬਿਜਲੀ ਉਪਕਰਨਾਂ ਦੀ ਬੇਲੋੜੀ ਵਰਤੋਂ ਕਾਰਨ ਧਰਤੀ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਇਸ ਲਈ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਕਲਪ ਲੈਣਾ ਚਾਹੀਦਾ ਹੈ। ਸਵਾਮੀ ਵਿਵੇਕਾਨੰਦ ਗਰੁੱਪ ਆਫ਼ ਇੰਸਟੀਚਿਊਟ ਬਨੂੜ, ਚੰਡੀਗੜ੍ਹ, ਸ਼ਿਵਾਲਿਕ ਕਿਡਜ਼ ਸਕੂਲ ਅਤੇ ਅਲਾਇੰਸ ਇੰਟਰਨੈਸ਼ਨਲ ਸਕੂਲ ਜੈਤੋ ਦੇ ਪ੍ਰਧਾਨ ਅਸ਼ੋਕ ਕੁਮਾਰ ਗਰਗ ਨੇ ਕਿਹਾ ਕਿ ਵਾਤਾਵਰਨ ਦੀ ਸਮੱਸਿਆ ਹੁਣ ਸਿਰਫ਼ ਚਿੰਤਾ ਦਾ ਵਿਸ਼ਾ ਨਹੀਂ ਰਹੀ, ਸਗੋਂ ਇਹ ਮਨੁੱਖੀ ਅਸਤਿਤਵ ਨਾਲ ਜੁੜਿਆ ਗੰਭੀਰ ਮੁੱਦਾ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮਨੁੱਖ ਕੋਲ ਰਹਿਣ ਲਈ ਕੇਵਲ ਇੱਕ ਹੀ ਧਰਤੀ ਹੈ, ਪਰ ਉਸ ਦੇ ਗੈਰ-ਜ਼ਿੰਮੇਵਾਰਾਨਾ ਰਵੱਈਏ ਕਾਰਨ ਪਾਣੀ, ਹਵਾ ਅਤੇ ਮਿੱਟੀ ਵਰਗੇ ਜੀਵਨਦਾਇਕ ਤੱਤ ਦਿਨੋ-ਦਿਨ ਪ੍ਰਦੂਸ਼ਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਅੱਜ ਨਾ ਜਾਗੇ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼ ਪਾਣੀ, ਸ਼ੁੱਧ ਹਵਾ ਅਤੇ ਉਪਜਾਊ ਧਰਤੀ ਲਈ ਸੰਘਰਸ਼ ਕਰਨਾ ਪੈ ਸਕਦਾ ਹੈ। ਸ਼ਿਵਾਲਿਕ ਕਿਡਜ਼ ਸਕੂਲ ਅਤੇ ਅਲਾਇੰਸ ਇੰਟਰਨੈਸ਼ਨਲ ਸਕੂਲ ਜੈਤੋ ਦੇ ਡਾਇਰੈਕਟਰ ਦੀਪੀ ਗਰਗ ਨੇ ਕਿਹਾ ਕਿ ਰੁੱਖ ਹੀ ਵਾਤਾਵਰਨ ਦੇ ਅਸਲ ਰਖਵਾਲੇ ਹਨ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਘੱਟੋ-ਘੱਟ ਪੰਜ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਦੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ ਅਤੇ ਤਾਪਮਾਨ ਰਿਕਾਰਡ ਪੱਧਰ ਤੱਕ ਪਹੁੰਚ ਰਿਹਾ ਹੈ। ਜੇਕਰ ਸਮੇਂ ਸਿਰ ਪ੍ਰਭਾਵਸ਼ਾਲੀ ਕਦਮ ਨਾ ਚੁੱਕੇ ਗਏ ਤਾਂ ਭਵਿੱਖ ਵਿੱਚ ਸਥਿਤੀ ਹੋਰ ਵੀ ਗੰਭੀਰ ਹੋ ਸਕਦੀ ਹੈ। ਸ਼ਿਵਾਲਿਕ ਕਿਡਜ਼ ਸਕੂਲ ਅਤੇ ਅਲਾਇੰਸ ਇੰਟਰਨੈਸ਼ਨਲ ਸਕੂਲ ਜੈਤੋ ਦੇ ਮੈਨੇਜਿੰਗ ਡਾਇਰੈਕਟਰ ਗੌਰਵ ਕੁਮਾਰ ‘ਲੱਕੀ ਗਰਗ’ ਨੇ ਕਿਹਾ ਕਿ ਸਿੱਖਿਆ ਦਾ ਮਕਸਦ ਸਿਰਫ਼ ਕਿਤਾਬੀ ਗਿਆਨ ਪ੍ਰਾਪਤ ਕਰਨਾ ਨਹੀਂ, ਸਗੋਂ ਸਮਾਜ ਅਤੇ ਕੁਦਰਤ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਣਾ ਵੀ ਹੈ। ਉਨ੍ਹਾਂ ਕਿਹਾ ਕਿ ਵੱਧ ਰਹੇ ਤਾਪਮਾਨ ਅਤੇ ਵਾਤਾਵਰਨੀ ਅਸੰਤੁਲਨ ਨੂੰ ਰੋਕਣ ਲਈ ਰੁੱਖ ਲਗਾਉਣਾ ਅਤੇ ਉਨ੍ਹਾਂ ਦੀ ਦੇਖਭਾਲ ਕਰਨਾ ਸਭ ਤੋਂ ਪ੍ਰਭਾਵਸ਼ਾਲੀ ਉਪਾਅ ਹੈ। ਉਨ੍ਹਾਂ ਲੋਕਾਂ ਨੂੰ ਆਉਣ ਵਾਲੇ ਬਰਸਾਤੀ ਮੌਸਮ ਦੌਰਾਨ ਘੱਟੋ-ਘੱਟ ਦੋ ਬੂਟੇ ਲਗਾਉਣ ਦੀ ਅਪੀਲ ਕੀਤੀ। ਸ਼ਿਵਾਲਿਕ ਕਿਡਜ਼ ਸਕੂਲ ਅਤੇ ਅਲਾਇੰਸ ਇੰਟਰਨੈਸ਼ਨਲ ਸਕੂਲ ਜੈਤੋ ਦੇ ਡਾਇਰੈਕਟਰ ਜਗਮੇਲ ਸਿੰਘ ਬਰਾੜ ਨੇ ਕਿਹਾ ਕਿ ਅੱਜ ਮਨੁੱਖ ਆਪਣੀਆਂ ਹੀ ਗਲਤੀਆਂ ਕਾਰਨ ਭਿਆਨਕ ਗਰਮੀ, ਪ੍ਰਦੂਸ਼ਣ ਅਤੇ ਵਾਤਾਵਰਨੀ ਅਸੰਤੁਲਨ ਦੀ ਮਾਰ ਝੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੰਨੀ ਤੇਜ਼ੀ ਨਾਲ ਦਰਖ਼ਤਾਂ ਦੀ ਕਟਾਈ ਕੀਤੀ ਜਾ ਰਹੀ ਹੈ, ਉਸ ਦੇ ਮੁਕਾਬਲੇ ਨਵੇਂ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਕਾਰਨ ਹਵਾ ਅਤੇ ਪਾਣੀ ਦੋਵੇਂ ਪ੍ਰਦੂਸ਼ਿਤ ਹੋ ਰਹੇ ਹਨ ਅਤੇ ਮਨੁੱਖੀ ਸਿਹਤ ’ਤੇ ਵੀ ਮਾੜਾ ਪ੍ਰਭਾਵ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਹਰ ਨਾਗਰਿਕ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਦਾ ਸੰਕਲਪ ਲੈਣਾ ਚਾਹੀਦਾ ਹੈ। ਪਲਾਸਟਿਕ ਅਤੇ ਡਿਸਪੋਜ਼ਲ ਸਮੱਗਰੀ ਦੀ ਵੱਧ ਰਹੀ ਵਰਤੋਂ ’ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਨਾ ਸਿਰਫ਼ ਮਨੁੱਖਤਾ ਲਈ ਹਾਨੀਕਾਰਕ ਹਨ, ਸਗੋਂ ਵਾਤਾਵਰਨ ਪ੍ਰਦੂਸ਼ਣ ਦੇ ਵੀ ਵੱਡੇ ਕਾਰਨ ਹਨ। ਉਨ੍ਹਾਂ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਵਾਤਾਵਰਨ ਪੱਖੀ ਵਿਕਲਪ ਅਪਣਾਉਣ ਦੀ ਅਪੀਲ ਕੀਤੀ। ਅਲਾਇੰਸ ਇੰਟਰਨੈਸ਼ਨਲ ਸਕੂਲ, ਸਹਾਮਣੇ ਸ਼੍ਰੀ ਹਨੂੰਮਾਨ ਮੰਦਰ (ਪੰਚਾਇਤੀ ਗਾਊਸ਼ਾਲਾ ਰੋਡ) ਜੈਤੋ ਦੀ ਪ੍ਰਿੰਸੀਪਲ ਗੁਰਸੇਵਕ ਕੌਰ ਮਾਨ ਨੇ ਕਿਹਾ ਕਿ ਸੋਸ਼ਲ ਮੀਡੀਆ ਦੇ ਇਸ ਯੁੱਗ ਵਿੱਚ ਲੋਕ ਹਰ ਖ਼ਾਸ ਦਿਨ ’ਤੇ ਵਾਤਾਵਰਨ ਬਚਾਉਣ ਸੰਬੰਧੀ ਸੰਦੇਸ਼ ਤਾਂ ਸਾਂਝੇ ਕਰਦੇ ਹਨ, ਪਰ ਅਸਲ ਲਾਭ ਤਾਂ ਉਦੋਂ ਹੋਵੇਗਾ ਜਦੋਂ ਹਰ ਪਰਿਵਾਰ ਘੱਟੋ-ਘੱਟ ਇੱਕ ਬੂਟਾ ਲਗਾ ਕੇ ਉਸ ਦੀ ਸਾਂਭ-ਸੰਭਾਲ ਕਰੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਈ ਹਿੱਸਿਆਂ ਵਿੱਚ ਤਾਪਮਾਨ 50 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਨਿੰਮ, ਪਿੱਪਲ ਅਤੇ ਬੋਹੜ ਵਰਗੇ ਰੁੱਖ ਨਾ ਸਿਰਫ਼ ਵਾਤਾਵਰਨ ਨੂੰ ਠੰਢਕ ਪ੍ਰਦਾਨ ਕਰਦੇ ਹਨ, ਸਗੋਂ ਆਕਸੀਜਨ ਦੇ ਮਹੱਤਵਪੂਰਨ ਸਰੋਤ ਵੀ ਹਨ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ। ਅੰਤ ਵਿੱਚ ਸਾਰੇ ਸਿੱਖਿਆਵਿਦਾਂ ਨੇ ਸਾਂਝੇ ਤੌਰ ’ਤੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਸਿਰਫ਼ ਸਰਕਾਰਾਂ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਜੇਕਰ ਅੱਜ ਤੋਂ ਹੀ ਠੋਸ ਕਦਮ ਚੁੱਕੇ ਜਾਣ ਤਾਂ ਪੰਜਾਬ ਨੂੰ ਮੁੜ ਹਰਿਆ-ਭਰਿਆ ਅਤੇ ਪ੍ਰਦੂਸ਼ਣ-ਮੁਕਤ ਬਣਾਇਆ ਜਾ ਸਕਦਾ ਹੈ।