- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ : ‘ਆਪ’ ਆਗੂ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਆਮ ਆਦਮੀ ਪਾਰਟੀ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ, ਆਲ ਪੰਜਾਬ ਟਰੱਕ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ, ਜ਼ਿਲ੍ਹਾ ਟਰਾਂਸਪੋਰਟ ਵਿੰਗ ਫ਼ਰੀਦਕੋਟ ਦੇ ਪ੍ਰਧਾਨ ਤੇ ਦੀ ਟਰੱਕ ਆਪ੍ਰੇਟਰਜ਼ ਐਸੋਸੀਏਸ਼ਨ ਜੈਤੋ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ ਰਾਮੇਆਣਾ, ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਤੇ ‘ਆਪ’ ਜ਼ਿਲ੍ਹਾ ਫ਼ਰੀਦਕੋਟ ਦੇ ਖ਼ਜ਼ਾਨਚੀ ਡਾ. ਲਛਮਣ ਸ਼ਰਮਾ ਭਗਤੂਆਣਾ ਅਤੇ ‘ਆਪ’ ਬਲਾਕ ਜੈਤੋ ਦੇ ਪ੍ਰਧਾਨ, ਆਲ ਪੰਜਾਬ ਟਰੱਕ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਸਰਪ੍ਰਸਤ ਤੇ ਦਸ਼ਮੇਸ਼ ਟਰੱਕ ਯੂਨੀਅਨ ਬਾਜਾਖਾਨਾ ਦੇ ਪ੍ਰਧਾਨ ਇਕਬਾਲ ਸਿੰਘ ਡੋਡ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਸ਼ੁਰੂ ਹੋਣ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਹੁਣ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਹਰੇਕ ਸੂਬਾ ਵਾਸੀ ਲਈ ਮੁਫ਼ਤ ਸਿਹਤ ਸੰਭਾਲ, ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਯਾਤਰਾ ਦੀ ਗਰੰਟੀ ਦਿੱਤੀ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿਚ ਸਰਕਾਰ ਨੇ ਪਿੰਡਾਂ ਅਤੇ ਮੁਹੱਲਿਆਂ ਵਿਚ ਲਗਭਗ ਇਕ ਹਜ਼ਾਰ ਮੁਹੱਲਾ ਕਲੀਨਿਕ ਬਣਾਏ ਹਨ ਜਦੋਂ ਕਿ ਪਿਛਲੇ 75 ਸਾਲਾਂ ਵਿਚ, ਸਾਰੀਆਂ ਸਰਕਾਰਾਂ ਨੇ ਮਿਲ ਕੇ ਸਿਰਫ਼ 400 ਪ੍ਰਾਇਮਰੀ ਹੈਲਥ ਸੈਂਟਰ ਖੋਲ੍ਹੇ ਸਨ। ਅਗਲੇ ਚਾਰ ਤੋਂ ਪੰਜ ਮਹੀਨਿਆਂ ਵਿਚ, 2,500 ‘ਪਿੰਡ ਕਲੀਨਿਕ’ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਵੱਡੀਆਂ ਅਤੇ ਛੋਟੀਆਂ ਬਿਮਾਰੀਆਂ ਲਈ 10 ਲੱਖ ਰੁਪਏ ਤੱਕ ਦੀਆਂ ਸਾਰੀਆਂ ਦਵਾਈਆਂ ਅਤੇ ਟੈੱਸਟ ਮੁਫ਼ਤ ਹੋਣਗੇ, ਇਲਾਜ ਲਈ ਆਪਣਾ ਹੈਲਥ ਕਾਰਡ ਲਿਆਉਣਾ ਜ਼ਰੂਰੀ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ (ਕੁੱਲ ਤਿੰਨ ਕਰੋੜ ਨਾਗਰਿਕਾਂ) ਨੂੰ ਸਿਹਤ ਕਾਰਡ ਜਾਰੀ ਕੀਤੇ ਜਾਣਗੇ। ਇਹ ਪਹਿਲੀ ਵਾਰ ਹੈ ਕਿ ਇਸ ਯੋਜਨਾ ਲਈ ਕੋਈ ਆਮਦਨ ਸੀਮਾ ਨਿਰਧਾਰਿਤ ਨਹੀਂ ਕੀਤੀ ਗਈ ਹੈ। ਇਸ ਯੋਜਨਾ ਤਹਿਤ 850 ਸਰਕਾਰੀ ਅਤੇ ਨਿੱਜੀ ਹਸਪਤਾਲ ਪਹਿਲਾਂ ਹੀ ਸੂਚੀਬੱਧ ਕੀਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਹਸਪਤਾਲ ਸ਼ਾਮਿਲ ਕੀਤੇ ਜਾਣਗੇ। ਇਸ ਸਿਹਤ ਯੋਜਨਾ ਅਧੀਨ ਆਰਥੋਪੀਡਿਕਸ, ਜਨਰਲ ਮੈਡੀਸਨ, ਕਾਰਡੀਓਲੋਜੀ, ਨਿਊਰੋਲੋਜੀ, ਨੈਫਰੋਲੋਜੀ, ਯੂਰੋਲੋਜੀ, ਓਨਕੋਲੋਜੀ ਸਮੇਤ ਹੋਰ ਵਿਸ਼ੇਸ਼ ਇਲਾਜ ਸੇਵਾਵਾਂ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਦਿਲ ਨਾਲ ਸਬੰਧਤ ਅਤੇ ਕੈਂਸਰ ਦੇ ਇਲਾਜ, ਕਿਡਨੀ ਡਾਇਲੈਸਿਸ ਅਤੇ ਟਰਾਂਸਪਲਾਂਟ, ਦਿਮਾਗ਼ ਅਤੇ ਰੀੜ੍ਹ ਦੀ ਹੱਡੀ ਦੀਆਂ ਸਰਜਰੀਆਂ, ਜਣੇਪਾ ਅਤੇ ਨਵਜੰਮੇ ਬੱਚਿਆਂ ਦੀ ਦੇਖਭਾਲ, ਦੁਰਘਟਨਾ ਅਤੇ ਐਮਰਜੈਂਸੀ, ਗੋਡੇ ਅਤੇ ਚੂਲੇ ਦੀਆਂ ਸਰਜਰੀਆਂ, ਮੋਤੀਆ ਬਿੰਦ ਸਰਜਰੀ ਅਤੇ ਹੋਰ ਇਲਾਜ ਸੇਵਾਵਾਂ ਵੀ ਇਸ ਯੋਜਨਾ ਵਿਚ ਸ਼ਾਮਿਲ ਹਨ। ਹਸਪਤਾਲ ਦੇ ਖ਼ਰਚਿਆਂ ਦੇ ਨਾਲ-ਨਾਲ ਡਾਇਗਨੌਸਟਿਕ ਸੇਵਾਵਾਂ ਨੂੰ ਵੀ ਇਸ ਸਕੀਮ ਅਧੀਨ ਸ਼ਾਮਿਲ ਕੀਤਾ ਗਿਆ ਹੈ ਅਤੇ ਕਿਹਾ ਕਿ ਕੋਈ ਵੀ ਨਾਗਰਿਕ ਹੁਣ ਪੰਜਾਬ ਜਾਂ ਚੰਡੀਗੜ੍ਹ ਦੇ ਕਿਸੇ ਵੀ ਸਰਕਾਰੀ ਜਾਂ ਨਿੱਜੀ ਹਸਪਤਾਲ ਵਿਚ ਮੁਫ਼ਤ ਇਲਾਜ ਕਰਵਾ ਸਕਦਾ ਹੈ।