ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਤੱਕ ਦਾ ਮੁਫ਼ਤ ਇਲਾਜ : ਰੁਪਿੰਦਰ ਸਿੰਘ
ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ : ਰੁਪਿੰਦਰ ਸਿੰਘ
Publish Date: Sun, 01 Feb 2026 04:28 PM (IST)
Updated Date: Mon, 02 Feb 2026 04:04 AM (IST)

ਮੁੱਖ ਮੰਤਰੀ ਸਿਹਤ ਯੋਜਨਾ ਆਮ ਲੋਕਾਂ ਲਈ ਵੱਡੀ ਰਾਹਤ : ਗੋਬਿੰਦਰ ਵਾਲੀਆ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਸਿਹਤ ਪੱਖੋਂ ਮਿਆਰੀ ਸਹੂਲਤਾਂ ਦੇਣ ਦੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕੀਤੀ ਗਈ ਹੈ ਜਿਸ ਵਿਚ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਹਰ ਪਰਿਵਾਰ ਨੂੰ ਮਿਲੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਯੂਥ ਵਿੰਗ ਵਿਧਾਨ ਸਭਾ ਹਲਕਾ ਜੈਤੋ ਦੇ ਕੋਆਰਡੀਨੇਟਰ ਰੁਪਿੰਦਰ ਸਿੰਘ ਨੇ ਪਿੰਡ-ਪਿੰਡ/ਵਾਰਡ-ਵਾਰਡ ਜਾ ਕੇ ਲੋਕਾਂ ਦੇ ਬਣਾਏ ਜਾ ਰਹੇ 10 ਲੱਖ ਰੁਪਏ ਤੱਕ ਦੇ ਮੁਫ਼ਤ ਕਾਰਡਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਰੁਪਿੰਦਰ ਸਿੰਘ ਜੈਤੋ ਨੇ ਕਿਹਾ ਕਿ ਇਹ ਯੋਜਨਾ ਹਰ ਘਰ ਤੱਕ ਪਹੁੰਚਾਈ ਜਾ ਰਹੀ ਹੈ ਕਿਸੇ ਵੀ ਪਰਿਵਾਰ ਨੂੰ ਇਸ ਯੋਜਨਾ ਦਾ ਲਾਭ ਲੈਣ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਲੋਕਾਂ ਦੇ ਬਿਨਾਂ ਕਿਸੇ ਭੇਦਭਾਵ ਦੇ ਕਾਰਡ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਪਿੰਡ, ਹਰ ਵਾਰਡ ਵਿਚ ਕੈਂਪ ਲਗਾ ਕੇ ਨਾਗਰਿਕਾਂ ਨੂੰ ਇਸ ਯੋਜਨਾ ਅਧੀਨ ਕਵਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਰਡ ਬਣਾਉਣ ਲਈ ਆਧਾਰ ਕਾਰਡ ਤੇ ਵੋਟਰ ਕਾਰਡ ਦਸਤਾਵੇਜ਼ ਲਾਜ਼ਮੀ ਹਨ। ਰੁਪਿੰਦਰ ਸਿੰਘ ਨੇ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦੇ ਹਨ ਜਿਨ੍ਹਾਂ ਸਦਕਾ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਹਰੇਕ ਨਾਗਰਿਕ ਤੰਦਰੁਸਤ ਤੇ ਬਿਮਾਰੀਆਂ ਮੁਕਤ ਰਹੇ, ਪਰ ਜੇ ਕਿਸੇ ਨੂੰ ਐਮਰਜੈਂਸੀ ਜ਼ਰੂਰਤ ਪੈਂਦੀ ਹੈ ਤਾਂ ਉਹ ਇਸ ਕਾਰਡ ਨਾਲ ਆਪਣਾ ਇਲਾਜ਼ ਕਰਵਾ ਸਕਦਾ ਹੈ। ਰੁਪਿੰਦਰ ਸਿੰਘ ਨੇ ਕਿਹਾ ਕਿ ਇਸ ਕਾਰਡ ਵਿਚ ਵੱਡੇ ਇਲਾਜ ਕਿਡਨੀ, ਦਿਮਾਗੀ ਰੋਗਾਂ, ਕੈਂਸਰ ਆਦਿ ਸ਼ਾਮਿਲ ਕੀਤੇ ਗਏ ਹਨ ਜਿਸ ਨਾਲ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਵੇਗੀ। ਇਸ ਮੌਕੇ ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਜੈਤੋ ਦੇ ਸੰਗਠਨ ਇੰਚਾਰਜ, ਦਿ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ ਦੇ ਚੇਅਰਮੈਨ, ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਤੇ ਬਲਾਕ ਸੰਮਤੀ ਮੈਂਬਰ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ 10 ਲੱਖ ਰੁਪਏ ਤੱਕ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਨੂੰ ਲੈ ਕੇ ਸੂਬੇ ਭਰ ’ਚ ਲੋਕਾਂ ਵੱਲੋਂ ਖੁਸ਼ੀ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਆਮ ਲੋਕਾਂ ਲਈ ਵੱਡੀ ਰਾਹਤ ਸਾਬਤ ਹੋਵੇਗੀ, ਕਿਉਂਕਿ ਮਹਿੰਗੇ ਇਲਾਜ ਕਾਰਨ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਨੂੰ ਅਕਸਰ ਕਰਜ਼ੇ ਦੇ ਬੋਝ ਹੇਠ ਆਉਣਾ ਪੈਂਦਾ ਸੀ। ਹੁਣ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ਼ ਮਿਲਣ ਨਾਲ ਹਰ ਪਰਿਵਾਰ ਬੇਫ਼ਿਕਰ ਹੋ ਕੇ ਵਧੀਆ ਸਿਹਤ ਸੇਵਾਵਾਂ ਲੈ ਸਕੇਗਾ। ਗੋਬਿੰਦਰ ਸਿੰਘ ਵਾਲੀਆ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ ਸਰਕਾਰੀ ਹੀ ਨਹੀਂ ਸਗੋਂ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਚ ਵੀ ਕੈਸ਼ਲੈੱਸ ਇਲਾਜ ਦੀ ਸਹੂਲਤ ਮਿਲੇਗੀ। ਦਿਲ ਦੀਆਂ ਬਿਮਾਰੀਆਂ, ਕੈਂਸਰ, ਗੁਰਦੇ ਦਾ ਇਲਾਜ, ਹੱਡੀਆਂ ਦੇ ਆਪਰੇਸ਼ਨ, ਗੰਭੀਰ ਸਰਜਰੀਆਂ ਸਮੇਤ ਕਈ ਮਹਿੰਗੇ ਇਲਾਜ ਇਸ ਯੋਜਨਾ ਵਿਚ ਸ਼ਾਮਿਲ ਹਨ। ਇਸ ਨਾਲ ਮਰੀਜ਼ਾਂ ਨੂੰ ਇਲਾਜ ਲਈ ਹੋਰ ਰਾਜਾਂ ਜਾਂ ਮਹਿੰਗੇ ਹਸਪਤਾਲਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ।