ਭੋਲਾ ਸ਼ਰਮਾ, ਜੈਤੋ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ 8 ਮਹੀਨੇ ਦਾ ਸਮਾਂ ਹੋ ਗਿਆ ਹੈ ਪਰ ਇਸ ਦੇ ਕਾਰਜਕਾਲ ਦੌਰਾਨ ਪੰਜਾਬ ਦਾ ਹਰ ਵਰਗ ਦੁਖੀ ਹੋ ਗਿਆ ਹੈ ਅਤੇ ਇਸ ਸਰਕਾਰ ਨੂੰ ਕੋਸਦਾ ਨਜ਼ਰ ਆ ਰਿਹਾ ਹੈ। ਇਹ ਪ੍ਰਗਟਾਵਾ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਪਾ ਹਲਕਾ ਜੈਤੋ ਦੇ ਸੀਨੀਅਰ ਅਕਾਲੀ ਆਗੂ ਤੇ ਨਗਰ ਕੌਂਸਲਰ ਨਰਿੰਦਰ ਪਾਲ ਸਿੰਘ ਰਾਮੇਆਣਾ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ ਪੰ੍ਤੂ ਸੱਤਾ ਹਾਸਲ ਕਰਨ ਤੋਂ ਬਾਅਦ ਇਨ੍ਹਾਂ ਵਾਅਦਿਆਂ ਨੂੰ ਬੂਰ ਪਾਉਣ ਦੀ ਬਜਾਏ ਲੋਕਾਂ ਨੂੰ ਹੋਰ ਮਾਮਲਿਆਂ ਵਿਚ ਉਲਝਾ ਕੇ ਰੱਖਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਕਾਨੂੰਨ ਦੀ ਸਥਿਤੀ ਡਾਵਾਡੋਲ ਹੋਈ ਪਈ ਹੈ ਅਤੇ ਆਏ ਦਿਨ ਕਤਲ, ਲੁੱਟਾਂ-ਖੋਹਾਂ ਤੇ ਹੋਰ ਅਪਰਾਧਿਕ ਵਾਰਦਾਤਾਂ ਲਗਾਤਾਰ ਹੋ ਰਹੀਆਂ ਹਨ ਪੰ੍ਤੂ ਸਰਕਾਰ ਇਨ੍ਹਾਂ 'ਤੇ ਲਗਾਮ ਕੱਸਣ ਵਿਚ ਨਾਕਾਮ ਸਾਬਿਤ ਹੋ ਰਹੀ ਹੈ। ਨਰਿੰਦਰ ਪਾਲ ਸਿੰਘ ਰਾਮੇਆਣਾ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨਸ਼ਿਆਂ ਦੀ ਦਲਦਲ ਵਿਚ ਬੁਰੀ ਤਰ੍ਹਾਂ ਨਾਲ ਫ਼ਸਦੀ ਜਾ ਰਹੀ ਹੈ। ਸੂਬੇ ਅੰਦਰ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹਰ ਵਿਅਕਤੀ ਸੂਬੇ ਅੰਦਰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀਆਂ ਦੁੱਖ ਤਕਲੀਫਾਂ ਨੂੰ ਛੱਡ ਕੇ ਦੂਸਰੇ ਸੂਬਿਆਂ ਵਿਚ ਜਾ ਕੇ ਚੋਣ ਪ੍ਰਚਾਰ ਕਰਨ ਵਿਚ ਰੁਝੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਪੰਜਾਬ ਦੇ ਮੁੱਦਿਆਂ ਤੋਂ ਪੂਰੀ ਤਰ੍ਹਾਂ ਆਪਣਾ ਧਿਆਨ ਹਟਾ ਲਿਆ ਗਿਆ ਹੈ, ਜਿਸ ਕਾਰਨ ਪੰਜਾਬ ਦੇ ਲੋਕ ਇਸ ਸਰਕਾਰ ਤੋਂ ਡਾਹਢੇ ਦੁਖੀ ਨਜ਼ਰ ਆ ਰਹੇ ਹਨ।