- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਦੇ ਖ਼ਾਤਮੇ ਲਈ ਸਮਾਜ ਦੇ ਹਰ ਵਰਗ ਨੂੰ ਗੰਭੀਰ ਹੋਣਾ ਪਵੇਗਾ : ਲਾਲੀ ਬਰਾੜ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਲਈ ਕੇਵਲ ਸਰਕਾਰੀ ਯਤਨ ਹੀ ਕਾਫ਼ੀ ਨਹੀਂ ਹਨ, ਸਗੋਂ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਸਰਗਰਮ ਭੂਮਿਕਾ ਨਿਭਾਉਣੀ ਪਵੇਗੀ। ਨਸ਼ਿਆਂ ਵਰਗੀ ਘਾਤਕ ਸਮਾਜਿਕ ਬੁਰਾਈ ਦੇ ਖ਼ਾਤਮੇ ਲਈ ਮਾਪਿਆਂ, ਅਧਿਆਪਕਾਂ, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ, ਪੰਚਾਇਤਾਂ ਅਤੇ ਆਮ ਲੋਕਾਂ ਨੂੰ ਸਾਂਝੇ ਤੌਰ ’ਤੇ ਹੰਭਲਾ ਮਾਰਨਾ ਹੋਵੇਗਾ। ਇਹ ਵਿਚਾਰ ਪੰਚਾਇਤ ਯੂਨੀਅਨ ਵਿਧਾਨ ਸਭਾ ਹਲਕਾ ਜੈਤੋ ਦੇ ਸਾਬਕਾ ਪ੍ਰਧਾਨ, ਸੀਨੀਅਰ ਕਾਂਗਰਸੀ ਆਗੂ ਅਤੇ ਪਿੰਡ ਚੰਦਭਾਨ ਦੇ ਸਾਬਕਾ ਸਰਪੰਚ ਹਰਜਿੰਦਰ ਸਿੰਘ ‘ਲਾਲੀ ਬਰਾੜ’ ਨੇ ਇੱਥੇ ‘ਪੰਜਾਬੀ ਜਾਗਰਣ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਨਸ਼ਾ ਅੱਜ ਪੰਜਾਬ ਦੀ ਜਵਾਨੀ ਸਾਹਮਣੇ ਸਭ ਤੋਂ ਵੱਡੀਆਂ ਚੁਣੌਤੀਆਂ ਵਿੱਚੋਂ ਇੱਕ ਬਣ ਚੁੱਕਾ ਹੈ। ਇਸ ਨੇ ਨਾ ਸਿਰਫ਼ ਹਜ਼ਾਰਾਂ ਨੌਜਵਾਨਾਂ ਦੇ ਸੁਪਨੇ ਤੋੜੇ ਹਨ, ਸਗੋਂ ਅਨੇਕਾਂ ਪਰਿਵਾਰਾਂ ਦੀਆਂ ਖੁਸ਼ੀਆਂ ਅਤੇ ਆਰਥਿਕ ਹਾਲਤ ਨੂੰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਨਸ਼ਿਆਂ ਕਾਰਨ ਕਈ ਘਰ ਉਜੜ ਰਹੇ ਹਨ ਅਤੇ ਸਮਾਜਿਕ ਢਾਂਚਾ ਕਮਜ਼ੋਰ ਹੋ ਰਿਹਾ ਹੈ, ਜਿਸ ਲਈ ਸਮੇਂ ਸਿਰ ਠੋਸ ਕਦਮ ਚੁੱਕਣ ਦੀ ਲੋੜ ਹੈ। ਹਰਜਿੰਦਰ ਸਿੰਘ ‘ਲਾਲੀ ਬਰਾੜ’ ਨੇ ਕਿਹਾ ਕਿ ਹਰ ਮਾਪੇ ਨੂੰ ਆਪਣੇ ਬੱਚਿਆਂ ਦੀਆਂ ਗਤੀਵਿਧੀਆਂ, ਦੋਸਤ ਮੰਡਲੀ ਅਤੇ ਰੋਜ਼ਾਨਾ ਦੇ ਵਿਹਾਰ ’ਤੇ ਧਿਆਨ ਦੇਣਾ ਚਾਹੀਦਾ ਹੈ। ਬੱਚਿਆਂ ਨਾਲ ਦੋਸਤਾਨਾ ਮਾਹੌਲ ਬਣਾ ਕੇ ਉਨ੍ਹਾਂ ਨੂੰ ਨੈਤਿਕ ਕਦਰਾਂ-ਕੀਮਤਾਂ, ਸਿੱਖਿਆ ਅਤੇ ਖੇਡਾਂ ਵੱਲ ਪ੍ਰੇਰਿਤ ਕਰਨਾ ਅੱਜ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਜੇ ਪਰਿਵਾਰ ਆਪਣੇ ਬੱਚਿਆਂ ਨੂੰ ਸਮਾਂ ਦੇਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਤਾਂ ਬਹੁਤ ਸਾਰੇ ਨੌਜਵਾਨ ਨਸ਼ਿਆਂ ਵੱਲ ਜਾਣ ਤੋਂ ਬਚ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇ ਕਿਸੇ ਇਲਾਕੇ ਜਾਂ ਪਿਡ ਵਿੱਚ ਕੋਈ ਨੌਜਵਾਨ ਨਸ਼ੇ ਦੀ ਲਪੇਟ ਵਿੱਚ ਆ ਜਾਂਦਾ ਹੈ ਤਾਂ ਉਸ ਨੂੰ ਤਿਰਸਕਾਰ ਦੀ ਨਜ਼ਰ ਨਾਲ ਦੇਖਣ ਜਾਂ ਉਸ ਦਾ ਮਜ਼ਾਕ ਉਡਾਉਣ ਦੀ ਬਜਾਏ ਉਸ ਦੀ ਹੌਸਲਾ-ਅਫ਼ਜ਼ਾਈ ਕਰਨੀ ਚਾਹੀਦੀ ਹੈ। ਅਜਿਹੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਮਾਜਕ ਸਹਿਯੋਗ ਦੇ ਕੇ ਮੁੜ ਸਧਾਰਨ ਜੀਵਨ ਵੱਲ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਸਮਾਜ ਦਾ ਇੱਕ ਹੌਸਲੇ ਭਰਿਆ ਸ਼ਬਦ ਵੀ ਕਿਸੇ ਵਿਅਕਤੀ ਦੀ ਜ਼ਿੰਦਗੀ ਬਦਲ ਸਕਦਾ ਹੈ। ਹਰਜਿੰਦਰ ਸਿੰਘ ‘ਲਾਲੀ ਬਰਾੜ’ ਨੇ ਕਿਹਾ ਕਿ ਨਸ਼ੇ ਇੱਕ ਅਜਿਹੀ ਲਾਹਨਤ ਹਨ ਜੋ ਇਨਸਾਨ ਨੂੰ ਅੰਦਰੋਂ ਹੀ ਖੋਖਲਾ ਕਰ ਦਿੰਦੇ ਹਨ। ਨਸ਼ਿਆਂ ਦਾ ਆਦੀ ਵਿਅਕਤੀ ਸਰੀਰਕ ਅਤੇ ਮਾਨਸਿਕ ਤੌਰ ’ਤੇ ਕਮਜ਼ੋਰ ਹੋਣ ਦੇ ਨਾਲ-ਨਾਲ ਆਪਣੀ ਸਮਾਜਿਕ ਪਛਾਣ ਅਤੇ ਪਰਿਵਾਰਕ ਰਿਸ਼ਤਿਆਂ ਨੂੰ ਵੀ ਗੁਆ ਬੈਠਦਾ ਹੈ। ਇਸ ਦਾ ਪ੍ਰਭਾਵ ਕੇਵਲ ਇੱਕ ਵਿਅਕਤੀ ਤੱਕ ਸੀਮਤ ਨਹੀਂ ਰਹਿੰਦਾ, ਸਗੋਂ ਪੂਰਾ ਪਰਿਵਾਰ ਇਸ ਦੀ ਮਾਰ ਸਹਿੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਵਿੱਚ ਬੇਅੰਤ ਸਮਰੱਥਾ ਅਤੇ ਹੁਨਰ ਮੌਜੂਦ ਹੈ। ਜੇ ਨੌਜਵਾਨ ਆਪਣੀ ਊਰਜਾ ਨੂੰ ਪੜ੍ਹਾਈ, ਖੇਡਾਂ, ਰੁਜ਼ਗਾਰ, ਕਾਰੋਬਾਰ ਅਤੇ ਸਮਾਜ ਸੇਵਾ ਵਰਗੀਆਂ ਉਸਾਰੂ ਗਤੀਵਿਧੀਆਂ ਵੱਲ ਲੈ ਕੇ ਜਾਣ ਤਾਂ ਉਹ ਆਪਣੇ ਨਾਲ-ਨਾਲ ਪੰਜਾਬ ਦੀ ਤਰੱਕੀ ਵਿੱਚ ਵੀ ਮਹੱਤਵਪੂਰਨ ਯੋਗਦਾਨ ਪਾ ਸਕਦੇ ਹਨ। ਨਸ਼ਿਆਂ ਤੋਂ ਦੂਰ ਰਹਿ ਕੇ ਹੀ ਨੌਜਵਾਨ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਦੇ ਹਨ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰ ਸਕਦੇ ਹਨ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਆਗੂਆਂ ਅਤੇ ਗ੍ਰਾਮ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਤੇਜ਼ ਕਰਨ ਅਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਲਈ ਵਿਸ਼ੇਸ਼ ਉਪਰਾਲੇ ਕਰਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਮਾਜ ਇਕਜੁੱਟ ਹੋ ਕੇ ਇਸ ਬੁਰਾਈ ਵਿਰੁੱਧ ਨਹੀਂ ਲੜੇਗਾ, ਉਦੋਂ ਤੱਕ ਨਸ਼ਾ-ਮੁਕਤ ਪੰਜਾਬ ਦਾ ਸੁਪਨਾ ਪੂਰਾ ਨਹੀਂ ਹੋ ਸਕਦਾ। ਅੰਤ ਵਿੱਚ ਹਰਜਿੰਦਰ ਸਿੰਘ ‘ਲਾਲੀ ਬਰਾੜ’ ਨੇ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਇੱਕ ਜਨ ਅੰਦੋਲਨ ਖੜ੍ਹਾ ਕਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁਰੱਖਿਅਤ, ਸਿਹਤਮੰਦ ਅਤੇ ਚੰਗਾ ਭਵਿੱਖ ਦੇਣ ਲਈ ਆਪਣਾ ਬਣਦਾ ਯੋਗਦਾਨ ਪਾਉਣ।