- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਦੇਸ਼ ਦਾ ਹਰ ਵਰਗ ਪ੍ਰੇਸ਼ਾਨ : ਦਰਸ਼ਨ ਸਿੰਘ ਢਿੱਲਵਾਂ/ਮਾਸਟਰ ਬਲਦੇਵ ਸਿੰਘ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਕਾਂਗਰਸ ਪਾਰਟੀ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਕਾਮਰੇਡ ਦਰਸ਼ਨ ਸਿੰਘ ਢਿੱਲਵਾਂ ਅਤੇ ਸਾਬਕਾ ਵਿਧਾਇਕ ਮਾਸਟਰ ਬਲਦੇਵ ਸਿੰਘ ਦੀ ਅਗਵਾਈ ਹੇਠ ਪਿੰਡ ਰਾਮੇਆਣਾ ਵਿਖੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਇੱਕ ਪ੍ਰਭਾਵਸ਼ਾਲੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਤਿੱਖਾ ਰੋਸ ਪ੍ਰਗਟ ਕੀਤਾ ਗਿਆ ਅਤੇ ਸਰਕਾਰਾਂ ’ਤੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰਨ ਦੇ ਦੋਸ਼ ਲਗਾਏ ਗਏ। ਇਸ ਮੌਕੇ ਸੰਬੋਧਨ ਕਰਦਿਆਂ ਕਾਮਰੇਡ ਦਰਸ਼ਨ ਸਿੰਘ ਢਿੱਲਵਾਂ ਅਤੇ ਮਾਸਟਰ ਬਲਦੇਵ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਆਰਥਿਕ ਅਤੇ ਲੋਕ ਵਿਰੋਧੀ ਨੀਤੀਆਂ ਕਾਰਨ ਦੇਸ਼ ਵਿੱਚ ਮਹਿੰਗਾਈ ਲਗਾਤਾਰ ਵਧ ਰਹੀ ਹੈ, ਜਿਸ ਨੇ ਆਮ ਲੋਕਾਂ ਦੀ ਜ਼ਿੰਦਗੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੈਟਰੋਲ, ਡੀਜ਼ਲ, ਰਸੋਈ ਗੈਸ ਅਤੇ ਰੋਜ਼ਾਨਾ ਵਰਤੋਂ ਦੀਆਂ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਬੇਤਹਾਸ਼ਾ ਵਾਧੇ ਕਾਰਨ ਆਮ ਪਰਿਵਾਰਾਂ ਦਾ ਘਰੇਲੂ ਬਜਟ ਵਿਗੜ ਚੁੱਕਾ ਹੈ ਅਤੇ ਗਰੀਬ ਵਰਗ ਲਈ ਗੁਜ਼ਾਰਾ ਕਰਨਾ ਦਿਨੋ-ਦਿਨ ਮੁਸ਼ਕਲ ਹੁੰਦਾ ਜਾ ਰਿਹਾ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਭਾਜਪਾ ਸਰਕਾਰ ਵੱਲੋਂ ਹਰ ਸਾਲ ਲੱਖਾਂ ਨੌਕਰੀਆਂ ਦੇਣ ਦੇ ਕੀਤੇ ਗਏ ਵਾਅਦੇ ਸਿਰਫ਼ ਚੋਣ ਜੁਮਲੇ ਸਾਬਤ ਹੋਏ ਹਨ। ਅੱਜ ਦੇਸ਼ ਦਾ ਪੜਿਆ-ਲਿਖਿਆ ਨੌਜਵਾਨ ਰੁਜ਼ਗਾਰ ਦੀ ਭਾਲ ਵਿੱਚ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੈ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਲਗਾਤਾਰ ਵਧ ਰਹੀ ਹੈ ਪਰ ਸਰਕਾਰ ਕੋਲ ਇਸ ਸਮੱਸਿਆ ਦਾ ਕੋਈ ਠੋਸ ਹੱਲ ਨਹੀਂ ਹੈ। ਇਸ ਦੇ ਨਾਲ ਹੀ ਲੋਕਾਂ ਦੇ ਬੈਂਕ ਖਾਤਿਆਂ ਵਿੱਚ 15-15 ਲੱਖ ਰੁਪਏ ਭੇਜਣ ਦਾ ਕੀਤਾ ਗਿਆ ਵਾਅਦਾ ਵੀ ਪੂਰੀ ਤਰ੍ਹਾਂ ਖੋਖਲਾ ਸਾਬਤ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਵੱਡੇ-ਵੱਡੇ ਦਾਅਵਿਆਂ ਅਤੇ ਝੂਠੇ ਵਾਅਦਿਆਂ ਦੇ ਸਹਾਰੇ ਸੱਤਾ ਵਿੱਚ ਆਈ ਭਾਜਪਾ ਸਰਕਾਰ ਹਰ ਮੋਰਚੇ ’ਤੇ ਅਸਫ਼ਲ ਰਹੀ ਹੈ। ਕਿਸਾਨ, ਮਜ਼ਦੂਰ, ਮੁਲਾਜ਼ਮ, ਵਪਾਰੀ, ਨੌਜਵਾਨ ਅਤੇ ਗਰੀਬ ਵਰਗ ਸਮੇਤ ਸਮਾਜ ਦਾ ਹਰ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਅਤੇ ਪ੍ਰੇਸ਼ਾਨ ਹੈ। ਕਾਮਰੇਡ ਦਰਸ਼ਨ ਸਿੰਘ ਢਿੱਲਵਾਂ ਅਤੇ ਮਾਸਟਰ ਬਲਦੇਵ ਸਿੰਘ ਨੇ ਪੰਜਾਬ ਸਰਕਾਰ ਦੀ ਵੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਪਟਿਆਲਾ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ 2600 ਆਈ.ਟੀ.ਆਈ. ਯੋਗ ਉਮੀਦਵਾਰਾਂ ’ਤੇ ਪੁਲਿਸ ਵੱਲੋਂ ਕੀਤਾ ਗਿਆ ਲਾਠੀਚਾਰਜ ਬਹੁਤ ਹੀ ਮੰਦਭਾਗਾ ਅਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਨੌਜਵਾਨਾਂ ਨੂੰ ਆਪਣੀ ਆਵਾਜ਼ ਉਠਾਉਣ ਦਾ ਪੂਰਾ ਹੱਕ ਹੈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸੁਣਨ ਦੀ ਬਜਾਏ ਬਲ ਦੀ ਵਰਤੋਂ ਕਰਨਾ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਅਨੁਸਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨੇ ਚਾਹੀਦੇ ਸਨ, ਪਰ ਇਸ ਦੀ ਥਾਂ ਪੁਲਿਸ ਕਾਰਵਾਈ ਰਾਹੀਂ ਨੌਜਵਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਕਾਂਗਰਸ ਪਾਰਟੀ ਅਜਿਹੀਆਂ ਕਾਰਵਾਈਆਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ ਅਤੇ ਨੌਜਵਾਨਾਂ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖੇਗੀ। ਮੀਟਿੰਗ ਦੌਰਾਨ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜੈਤੋ ਦੇ ਸਾਬਕਾ ਜਨਰਲ ਸੈਕਟਰੀ ਚਮਕੌਰ ਸਿੰਘ ਵਾਂਦਰ ਰਾਮੇਆਣਾ, ਸੀਨੀਅਰ ਕਾਂਗਰਸੀ ਆਗੂ ਗਿਆਨ ਸਿੰਘ ਸੰਧੂ ਰਾਮੇਆਣਾ, ਯੂਥ ਕਾਂਗਰਸ ਜ਼ਿਲ੍ਹਾ ਫ਼ਰੀਦਕੋਟ ਦੇ ਸਾਬਕਾ ਜਨਰਲ ਸੈਕਟਰੀ ਗਗਨ ਸਿੰਘ ਧਾਲੀਵਾਲ ਰਾਮੇਆਣਾ, ਕਾਂਗਰਸੀ ਆਗੂ ਸੱਤਾ ਸਿੰਘ ਭਾਊ ਕਾਸਮ ਭੱਟੀ, ਡਾ. ਇਕਬਾਲ ਸਿੰਘ, ਦਰਸ਼ਨ ਸਿੰਘ ਸਹੋਤਾ, ਪ੍ਰਧਾਨ ਜਗਜੀਤ ਸਿੰਘ, ਮੋਹਣਾ ਸਿੰਘ ਗਿੱਲ, ਰਾਜਵਿੰਦਰ ਸਿੰਘ ਭੁੱਲਰ ਰੋੜੀਕਪੂਰਾ, ਯੋਧਵੀਰ ਸਿੰਘ ਸਰਪੰਚ, ਲਖਵਿੰਦਰ ਸਿੰਘ ਰੋੜੀਕਪੂਰਾ, ਦਰਸ਼ਨ ਸਿੰਘ ਸਰਾਂ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।