- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਰੀਦਕੋਟ ਵਿੱਚ ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ਵਿਵਾਦ: ਕਾਂਗਰਸ ਦਾ ਧਰਨਾ, ਚੰਨੀ ਨੇ ਸਰਕਾਰ 'ਤੇ ਲਗਾਏ ਗੰਭੀਰ ਦੋਸ਼

ਚੰਨੀ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਨੂੰ ਲੈ ਕੇ ਉਠਾਏ ਸਵਾਲ
ਪੰਜਾਬੀ ਜਾਗਰਣ ਟੀਮ, ਫਰੀਦਕੋਟ : ਪੰਜਾਬ ਵਿੱਚ ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ਨੂੰ ਲੈ ਕੇ ਉੱਠੇ ਵਿਵਾਦ ਦੇ ਮੱਦੇਨਜ਼ਰ ਬੁੱਧਵਾਰ ਨੂੰ ਫਰੀਦਕੋਟ ਸਥਿਤ ਬਾਬਾ ਫਰੀਦ ਯੂਨੀਵਰਸਿਟੀ ਦੇ ਸਾਹਮਣੇ ਪੰਜਾਬ ਕਾਂਗਰਸ ਵੱਲੋਂ ਜ਼ੋਰਦਾਰ ਧਰਨਾ ਦਿੱਤਾ ਗਿਆ। ਇਸ ਧਰਨੇ ਦੀ ਅਗਵਾਈ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਕੀਤੀ, ਜਦਕਿ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਧਰਨੇ ਦੌਰਾਨ ਕਾਂਗਰਸੀ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਭਰਤੀ ਪ੍ਰਕਿਰਿਆ ਵਿੱਚ ਵੱਡੇ ਪੱਧਰ 'ਤੇ ਬੇਨਿਯਮੀਆਂ, ਪੇਪਰ ਲੀਕ ਅਤੇ ਹਾਈਟੈਕ ਨਕਲ ਨੂੰ ਲੈ ਕੇ ਗੰਭੀਰ ਦੋਸ਼ ਲਗਾਏ। ਧਰਨੇ ਨੂੰ ਸੰਬੋਧਨ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਸਿਰਫ਼ ਪੇਪਰ ਲੀਕ ਜਾਂ ਹਾਈਟੈਕ ਨਕਲ ਦਾ ਮਾਮਲਾ ਨਹੀਂ, ਸਗੋਂ ਪੰਜਾਬ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਵਿੱਚ ਸਰਕਾਰੀ ਨੌਕਰੀਆਂ ਨੂੰ ਪਾਰਦਰਸ਼ੀ ਢੰਗ ਨਾਲ ਨਹੀਂ ਦਿੱਤਾ ਜਾ ਰਿਹਾ, ਸਗੋਂ ਮਨਪਸੰਦ ਲੋਕਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਚੰਨੀ ਨੇ ਇਹ ਵੀ ਕਿਹਾ ਕਿ ਕਈ ਮਾਮਲਿਆਂ ਵਿੱਚ ਹਰਿਆਣਾ ਦੇ ਉਮੀਦਵਾਰਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ, ਜਿਸ ਨਾਲ ਪੰਜਾਬ ਦੇ ਹੱਕਦਾਰ ਨੌਜਵਾਨਾਂ ਨਾਲ ਅਨਿਆਇ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਹਰ ਭਰਤੀ ਦੀ ਜਾਂਚ ਕਰਕੇ ਪੂਰਾ ਹਿਸਾਬ ਲਿਆ ਜਾਵੇਗਾ। ਸਾਬਕਾ ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸਰਕਾਰ ਇੱਕ ਵੀ ਸਰਕਾਰੀ ਨੌਕਰੀ ਨਿਰਪੱਖ ਢੰਗ ਨਾਲ ਨਹੀਂ ਦੇ ਸਕੀ। ਉਨ੍ਹਾਂ ਦੋਸ਼ ਲਗਾਇਆ ਕਿ ਭਰਤੀ ਪ੍ਰੀਖਿਆਵਾਂ ਵਿੱਚ ਵੱਡੇ ਪੱਧਰ 'ਤੇ ਧਾਂਧਲੀ ਕੀਤੀ ਗਈ ਅਤੇ ਆਪਣੇ ਚਹੇਤਿਆਂ ਨੂੰ ਨੌਕਰੀਆਂ ਦਿਵਾਉਣ ਲਈ ਹਰ ਤਰ੍ਹਾਂ ਦੇ ਹਥਕੰਡੇ ਅਪਣਾਏ ਗਏ। ਚੰਨੀ ਨੇ ਇਹ ਵੀ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਸਰਕਾਰ ਦੇ ਆਗੂਆਂ ਨੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਣ ਦੀ ਬਜਾਏ ਸਿਰਫ਼ ਪੈਸਾ ਇਕੱਠਾ ਕਰਨ ਦੀ ਰਾਜਨੀਤੀ ਕੀਤੀ ਹੈ। ਧਰਨੇ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਨੇ ਨਗਰ ਕੌਂਸਲ ਦਫ਼ਤਰ ਅੱਗੇ ਧਰਨੇ 'ਤੇ ਬੈਠੇ ਸਫਾਈ ਸੇਵਕਾਂ ਅਤੇ ਧਰਨੇ 'ਤੇ ਬੈਠੇ ਵਕੀਲਾਂ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਦੋਵਾਂ ਵਰਗਾਂ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਆਵਾਜ਼ ਸੰਸਦ ਵਿੱਚ ਵੀ ਉਠਾਈ ਜਾਵੇਗੀ ਅਤੇ ਉਨ੍ਹਾਂ ਦੇ ਹੱਕਾਂ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਧਰਨੇ ਵਿੱਚ ਵਿਧਾਇਕ ਰਾਣਾ ਗੁਰਜੀਤ ਸਿੰਘ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਵਿੰਦਰ ਸਿੰਘ ਪਹਾੜਾ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਵਿਧਾਇਕ ਰਵਿੰਦਰ ਸਿੰਘ ਆਂਵਲਾ, ਸਾਬਕਾ ਸੰਸਦ ਮੈਂਬਰ ਮੁਹੰਮਦ ਸਾਦਿਕ, ਕਰਨ ਕੋਰ ਬਰਾੜ, ਦਰਸ਼ਨ ਸਿੰਘ ਬਰਾੜ, ਕਾਕਾ ਲੋਹਗੜ੍ਹ ਸਮੇਤ ਕਈ ਸੀਨੀਅਰ ਕਾਂਗਰਸੀ ਆਗੂਆਂ ਨੇ ਸ਼ਿਰਕਤ ਕੀਤੀ। ਧਰਨੇ ਦੌਰਾਨ ਕਾਂਗਰਸ ਆਗੂਆਂ ਨੇ ਸਰਕਾਰ ਤੋਂ ਭਰਤੀ ਪ੍ਰੀਖਿਆ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਭਰਤੀ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਉਣ ਦੀ ਮੰਗ ਕੀਤੀ।