ਬਾਬਾ ਫਰੀਦ ਜੀ ਦੇ ਰੰਗ ’ਚ ਰੰਗਿਆ ਫਰੀਦਕੋਟ, ਵਿਸ਼ਾਲ ਨਗਰ ਕੀਰਤਨ ਸਜਾਇਆ ਬਾਬਾ ਫਰੀਦ ਜੀ ਦੇ ਰੰਗ ’ਚ ਰੰਗਿਆ ਫਰੀਦਕੋਟ, ਵਿਸ਼ਾਲ ਨਗਰ ਕੀਰਤਨ ’ਚ ਉਮੜਿਆ ਸੰਗਤਾਂ ਦਾ ਸੈਲਾਬ
Publish Date: Wed, 23 Sep 2026 04:12 PM (IST)
Updated Date: Wed, 23 Sep 2026 04:15 PM (IST)
ਦੂਰ-ਦੁਰਾਡੇ ਤੋਂ ਵੱਡੀ ਗਿਣਤੀ ’ਚ ਸੰਗਤਾਂ ਨੇ ਕੀਤੀ ਸ਼ਮੂਲੀਅਤ, ਥਾਂ-ਥਾਂ ਲਗਾਏ ਲੰਗਰ ਵਿਕਾਸ ਕੁਮਾਰ ਗਰਗ ਪੰਜਾਬੀ ਜਾਗਰਣ ਫਰੀਦਕੋਟ: ਬਾਬਾ ਸ਼ੇਖ ਫਰੀਦ ਜੀ ਦੇ ਪਵਿੱਤਰ ਆਗਮਨ ਪੁਰਬ ਨੂੰ ਸਮਰਪਿਤ ਅੱਜ ਫਰੀਦਕੋਟ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵਿੱਚ ਦੂਰ-ਦੁਰਾਡੇ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਬਾਬਾ ਫਰੀਦ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਪੂਰਾ ਫਰੀਦਕੋਟ ਸ਼ਹਿਰ ਧਾਰਮਿਕ ਰੰਗ ਵਿੱਚ ਰੰਗਿਆ ਨਜ਼ਰ ਆਇਆ। ਇਹ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਟਿੱਲਾ ਬਾਬਾ ਫਰੀਦ ਜੀ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਸਮਾਪਤ ਹੋਵੇਗਾ। ਨਗਰ ਕੀਰਤਨ ਦੌਰਾਨ ਸੰਗਤਾਂ ਵੱਲੋਂ ਬਾਬਾ ਸ਼ੇਖ ਫਰੀਦ ਜੀ ਦੀ ਪਵਿੱਤਰ ਬਾਣੀ ਅਤੇ ਉਨ੍ਹਾਂ ਵੱਲੋਂ ਦਿੱਤੇ ਪ੍ਰੇਮ, ਸਾਂਝ, ਭਾਈਚਾਰੇ ਤੇ ਮਨੁੱਖਤਾ ਦੇ ਸੰਦੇਸ਼ ਨੂੰ ਯਾਦ ਕੀਤਾ ਗਿਆ। ਨਗਰ ਕੀਰਤਨ ਦੇ ਰਸਤੇ ਵਿੱਚ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਸ਼ਰਧਾ ਨਾਲ ਸਵਾਗਤ ਕੀਤਾ ਗਿਆ। ਕਈ ਥਾਵਾਂ ’ਤੇ ਧਾਰਮਿਕ ਸੰਸਥਾਵਾਂ, ਸਮਾਜ ਸੇਵੀ ਜਥੇਬੰਦੀਆਂ ਅਤੇ ਸੇਵਾਦਾਰਾਂ ਵੱਲੋਂ ਲੰਗਰ ਲਗਾਏ ਗਏ। ਸੰਗਤਾਂ ਲਈ ਚਾਹ, ਪਾਣੀ, ਪ੍ਰਸ਼ਾਦਾ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਦੀ ਸੇਵਾ ਕੀਤੀ ਗਈ। ਸੇਵਾਦਾਰਾਂ ਵੱਲੋਂ ਪੂਰੀ ਸ਼ਰਧਾ ਨਾਲ ਸੰਗਤ ਦੀ ਸੇਵਾ ਕੀਤੀ ਜਾ ਰਹੀ ਹੈ। ਫਰੀਦਕੋਟ ਬਾਬਾ ਫਰੀਦ ਆਗਮਨ ਪੁਰਬ ਦੇ ਆਖਰੀ ਦਿਨ ਸ਼ਰਧਾ ਪੂਰਵਕ ਕੱਢਿਆ ਗਿਆ ਨਗਰ ਕੀਰਤਨ।ਨਗਰ ਕੀਰਤਨ ਸ਼ੁਰੂ ਹੋਣ ਤੋਂ ਪਹਿਲਾਂ ਸਵੇਰੇ ਗੁਰਦੁਆਰਾ ਟਿੱਲਾ ਬਾਬਾ ਫਰੀਦ ਵਿਖੇ ਪਾਠ ਦੇ ਭੋਗ ਪਾਏ ਗਏ। ਅਰਦਾਸ ਤੋਂ ਬਾਅਦ, ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ਼ੁਰੂ ਹੋਇਆ। ਅਤੇ ਟਿੱਲਾ ਬਾਬਾ ਫਰੀਦ ਤੋਂ ਸ਼ੁਰੂ ਹੋ ਗੁਰਦੁਆਰਾ ਗੋਦੜੀ ਸਾਹਿਬ ਜਾ ਕੇ ਸਮਾਪਤ ਹੋਇਆ। ਨਗਰ ਕੀਰਤਨ ਦਾ ਰਸਤੇ ਵਿੱਚ ਵੱਖ-ਵੱਖ ਥਾਵਾਂ ਤੇ ਵੱਖ-ਵੱਖ ਸੰਗਠਨਾਂ ਅਤੇ ਲੋਕਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਤੇ ਵੱਖ-ਵੱਖ ਸੰਗਠਨਾਂ ਨੇ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ। ਨਗਰ ਕੀਰਤਨ ਦੌਰਾਨ, ਛੋਟੇ ਬੱਚਿਆਂ ਸਮੇਤ ਰਾਗੀ ਜਥਿਆਂ ਨੇ ਬਾਬਾ ਫਰੀਦ ਜੀ ਦੇ ਸ਼ਬਦਾਂ ਦਾ ਜਾਪ ਕਰਕੇ ਦਰਸ਼ਕਾਂ ਨੂੰ ਨਿਹਾਲ ਕੀਤਾ। ਬਾਬਾ ਫਰੀਦ ਪਬਲਿਕ ਸਕੂਲ ਦੇ ਬੈਂਡ ਨੇ ਪੰਜਾਬ ਪੁਲਿਸ ਦੇ ਬੈਂਡ ਦੇ ਨਾਲ ਮਿਲ ਕੇ ਆਪਣੀਆਂ ਸੁਰੀਲੀਆਂ ਧੁਨਾਂ ਨਾਲ ਸਭ ਨੂੰ ਮੋਹ ਲਿਆ। ਗੱਤਕਾ ਟੀਮ ਦੇ ਮੈਂਬਰਾਂ ਨੇ ਆਪਣੇ ਕਰਤੱਬ ਦਿਖਾਏ। ਗੁਰਦੁਆਰਾ ਗੋਦੜੀ ਸਾਹਿਬ ਪਹੁੰਚਣ ਤੇ, ਬਾਬਾ ਫਰੀਦ ਸੁਸਾਇਟੀ, ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ, ਸੰਗਤ ਨੇ ਗੁਰਦੁਆਰਾ ਗੋਦੜੀ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਅਤੇ ਲੰਗਰ ਵੀ ਛਕਿਆ। ਬਾਬਾ ਫਰੀਦ ਜੀ ਦੇ ਆਗਮਨ ਪੁਰਬ ਨੂੰ ਲੈ ਕੇ ਫਰੀਦਕੋਟ ਹੀ ਨਹੀਂ, ਸਗੋਂ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਵੀ ਸੰਗਤਾਂ ਵੱਡੀ ਗਿਣਤੀ ਵਿੱਚ ਪਹੁੰਚ ਰਹੀਆਂ ਹਨ। ਨਗਰ ਕੀਰਤਨ ਦੌਰਾਨ ਬਾਬਾ ਫਰੀਦ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਆਪਸੀ ਪਿਆਰ, ਭਾਈਚਾਰੇ, ਸਦਭਾਵਨਾ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ ਗਿਆ।ਜ਼ਿਕਰਯੋਗ ਹੈ ਕਿ ਫਰੀਦਕੋਟ ਵਿੱਚ ਹਰ ਸਾਲ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਸਾਲ ਵੀ 23 ਸਤੰਬਰ ਨੂੰ ਬਾਬਾ ਫਰੀਦ ਜੀ ਦਾ ਵਿਸ਼ਾਲ ਆਗਮਨ ਪੁਰਬ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਵੱਖ-ਵੱਖ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਮੇਲੇ ਦੀਆਂ ਗਤੀਵਿਧੀਆਂ 19 ਸਤੰਬਰ ਤੋਂ 28 ਸਤੰਬਰ ਤੱਕ ਚੱਲ ਰਹੀਆਂ ਹਨ। ਆਗਮਨ ਪੁਰਬ ਮੌਕੇ ਫਰੀਦਕੋਟ ਸ਼ਹਿਰ ਵਿੱਚ ਥਾਂ-ਥਾਂ ਲੰਗਰ ਲਗਾ ਕੇ ਸੇਵਾ ਕੀਤੀ ਜਾ ਰਹੀ ਹੈ। ਸ਼ਹਿਰ ਵਿੱਚ ਪਹੁੰਚ ਰਹੀਆਂ ਸੰਗਤਾਂ ਦੀ ਸਹੂਲਤ ਲਈ ਵੱਖ-ਵੱਖ ਸੰਸਥਾਵਾਂ ਅਤੇ ਸੇਵਾਦਾਰਾਂ ਵੱਲੋਂ ਪ੍ਰਬੰਧ ਕੀਤੇ ਗਏ ਹਨ। ਬਾਬਾ ਸ਼ੇਖ ਫਰੀਦ ਜੀ ਦੀ ਪਵਿੱਤਰ ਧਰਤੀ ਫਰੀਦਕੋਟ ਵਿੱਚ ਆਗਮਨ ਪੁਰਬ ਮੌਕੇ ਬਣਿਆ ਧਾਰਮਿਕ ਅਤੇ ਉਤਸ਼ਾਹਪੂਰਨ ਮਾਹੌਲ ਹਰ ਕਿਸੇ ਲਈ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਸੰਗਤਾਂ ਵੱਲੋਂ ਸ਼ਰਧਾ ਨਾਲ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਕੇ ਬਾਬਾ ਫਰੀਦ ਜੀ ਨੂੰ ਨਤਮਸਤਕ ਹੋਇਆ ਜਾ ਰਿਹਾ ਹੈ। ਨਗਰ ਕੀਰਤਨ ਨੂੰ ਲੈ ਕੇ ਪੁਲਿਸ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਗਏ ਸੀ। ਐਸਐਸਪੀ ਗੁਰੂਬੰਸ ਸਿੰਘ ਬੈਂਸ ਵੱਲੋਂ ਨਗਰ ਕੀਰਤਨ ਤੋਂ ਪਹਿਲਾਂ ਪੁਲਿਸ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਅਤੇ ਪੂਰੇ ਸ਼ਹਿਰ ਦਾ ਦੌਰਾ ਕੀਤਾ। ਅਤੇ ਪੁਲਿਸ ਨੂੰ ਸਖਤ ਹਦਾਇਤਾਂ ਦਿੱਤੀਆਂ ਗਈਆਂ ਕਿਸੇ ਵੀ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਾ ਜਾਵੇ। ਅਤੇ ਟਰੈਫਿਕ ਨੂੰ ਵੀ ਰੂਟ ਪਲਾਨ ਦੇ ਅਧਾਰ ਤੇ ਹੀ ਕੰਟਰੋਲ ਕੀਤਾ ਗਿਆ।