ਦੀਵਾਲੀ ਮਗਰੋਂ ਫਰੀਦਕੋਟ ਦੀ ਹਵਾ ਹੋਈ ਜ਼ਹਿਰੀਲੀ, ਅਸਮਾਨ 'ਚ ਛਾਈ ਧੂੰਏਂ ਦੀ ਸੰਘਣੀ ਚਾਦਰ; AQI 204 'ਤੇ ਪੁੱਜਿਆ
ਡਾ. ਕੱਕੜ ਨੇ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਲਈ ਪਰਾਲੀ ਦੇ ਸੁਚੱਜੇ ਪ੍ਰਬੰਧਨ ਵਾਸਤੇ ਬਦਲਵੇਂ ਪ੍ਰਬੰਧ ਮੁਹੱਈਆ ਕਰਵਾਉਣੇ ਚਾਹੀਦੇ ਹਨ, ਤਾਂ ਜੋ ਕਿਸਾਨਾਂ ਨੂੰ ਪਰਾਲੀ ਸਾੜਨ ਲਈ ਮਜਬੂਰ ਨਾ ਹੋਣਾ ਪਵੇ।
Publish Date: Mon, 09 Nov 2026 03:28 PM (IST)
Updated Date: Mon, 09 Nov 2026 03:30 PM (IST)
ਸ਼ਿਵ ਕੁਮਾਰ ਸ਼ਰਮਾ, ਜਾਗਰਣ ਫਰੀਦਕੋਟ : ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ 'ਚ ਪਿਛਲੇ ਇਕ ਹਫ਼ਤੇ ਤੋਂ ਅਸਮਾਨ 'ਚ ਧੂੰਏਂ ਦੀ ਸੰਘਣੀ ਪਰਤ ਛਾਈ ਹੋਈ ਹੈ। ਦੀਵਾਲੀ ਤੋਂ ਬਾਅਦ ਹਵਾ ਪ੍ਰਦੂਸ਼ਣ 'ਚ ਹੋਏ ਵਾਧੇ ਨੇ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਹਵਾ 'ਚ ਫੈਲੇ ਧੂੰਏਂ ਕਾਰਨ ਲੋਕਾਂ ਨੂੰ ਸਾਹ ਲੈਣ 'ਚ ਦਿੱਕਤ, ਅੱਖਾਂ 'ਚ ਜਲਣ ਅਤੇ ਹੋਰ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਡਾਕਟਰਾਂ ਅਨੁਸਾਰ ਇਨ੍ਹਾਂ ਸਮੱਸਿਆਵਾਂ ਕਾਰਨ ਹਸਪਤਾਲਾਂ 'ਚ ਮਰੀਜ਼ਾਂ ਦੀ ਆਮਦ ਵੀ ਵਧੀ ਹੈ। ਫਰੀਦਕੋਟ 'ਚ ਹਵਾ ਗੁਣਵੱਤਾ ਸੂਚਕ ਅੰਕ (AQI) 204 'ਤੇ ਪਹੁੰਚ ਗਿਆ ਹੈ।
ਇਲਾਕੇ 'ਚ ਪਿਛਲੇ ਕਈ ਦਿਨਾਂ ਤੋਂ ਛਾਈ ਧੂੰਏਂ ਦੀ ਪਰਤ ਦਾ ਮੁੱਖ ਕਾਰਨ ਖੇਤਾਂ 'ਚ ਸਾੜੀ ਜਾ ਰਹੀ ਪਰਾਲੀ ਨੂੰ ਮੰਨਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਦੀਵਾਲੀ ਮੌਕੇ ਚਲਾਏ ਗਏ ਪਟਾਕਿਆਂ ਦੇ ਧੂੰਏਂ ਨੇ ਹਵਾ ਦੀ ਗੁਣਵੱਤਾ ਨੂੰ ਹੋਰ ਖ਼ਰਾਬ ਕਰ ਦਿੱਤਾ ਹੈ। ਪ੍ਰਦੂਸ਼ਿਤ ਹਵਾ ਦਾ ਸਭ ਤੋਂ ਵੱਧ ਅਸਰ ਬੱਚਿਆਂ, ਬਜ਼ੁਰਗਾਂ ਅਤੇ ਸਾਹ ਸਬੰਧੀ ਬਿਮਾਰੀਆਂ ਤੋਂ ਪੀੜਤ ਲੋਕਾਂ 'ਤੇ ਪੈ ਰਿਹਾ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਸੇਵਾਮੁਕਤ ਸਿਵਲ ਸਰਜਨ ਡਾ. ਚੰਦਨ ਸ਼ਿਖਰ ਕੱਕੜ ਨੇ ਦੱਸਿਆ ਕਿ ਹਵਾ 'ਚ ਫੈਲੇ ਧੂੰਏਂ ਕਾਰਨ ਅੱਖਾਂ 'ਚ ਜਲਣ ਅਤੇ ਸਾਹ ਲੈਣ 'ਚ ਤਕਲੀਫ਼ ਦੀ ਸ਼ਿਕਾਇਤ ਲੈ ਕੇ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਅਤੇ ਪਟਾਕਿਆਂ ਤੋਂ ਨਿਕਲਣ ਵਾਲਾ ਧੂੰਆਂ ਹਵਾ ਪ੍ਰਦੂਸ਼ਣ ਦੇ ਮੁੱਖ ਕਾਰਨਾਂ 'ਚ ਸ਼ਾਮਲ ਹੈ।
ਕੀ ਕਹਿੰਦੇ ਹਨ ਡਾਕਟਰ?
ਡਾ. ਕੱਕੜ ਨੇ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਲਈ ਪਰਾਲੀ ਦੇ ਸੁਚੱਜੇ ਪ੍ਰਬੰਧਨ ਵਾਸਤੇ ਬਦਲਵੇਂ ਪ੍ਰਬੰਧ ਮੁਹੱਈਆ ਕਰਵਾਉਣੇ ਚਾਹੀਦੇ ਹਨ, ਤਾਂ ਜੋ ਕਿਸਾਨਾਂ ਨੂੰ ਪਰਾਲੀ ਸਾੜਨ ਲਈ ਮਜਬੂਰ ਨਾ ਹੋਣਾ ਪਵੇ।
ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਦੀਵਾਲੀ ਵਰਗੇ ਤਿਉਹਾਰਾਂ ਮੌਕੇ ਗ੍ਰੀਨ ਪਟਾਕਿਆਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ, ਕਿਉਂਕਿ ਸਾਫ਼ ਹਵਾ ਹੀ ਸਿਹਤਮੰਦ ਜੀਵਨ ਦੀ ਬੁਨਿਆਦ ਹੈ।