- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝੋਨੇ ਦੀ ਫ਼ਸਲ ਵੇਚਣ ਲਈ ਕੋਟਕਪੂਰਾ ਦੀ ਦਾਣਾ ਮੰਡੀ ਆ ਰਹੇ ਇੱਕ ਕਿਸਾਨ ਦੀ ਰਸਤੇ ਵਿੱਚ ਵਾਪਰੇ ਹਾਦਸੇ ਦੌਰਾਨ ਮੌਤ ਹੋ ਗਈ। ਟਰੈਕਟਰ ਤੋਂ ਹੇਠਾਂ ਡਿੱਗਣ ਮਗਰੋਂ ਟਰੈਕਟਰ ਹੇਠਾਂ ਆਉਣ ਕਾਰਨ ਕਿਸਾਨ ਗੰਭੀਰ ਜ਼ਖ਼ਮੀ ਹੋ ਗਿਆ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਝੋਨੇ ਦੀ ਫ਼ਸਲ ਵੇਚਣ ਲਈ ਕੋਟਕਪੂਰਾ ਦੀ ਦਾਣਾ ਮੰਡੀ ਆ ਰਹੇ ਇੱਕ ਕਿਸਾਨ ਦੀ ਰਸਤੇ ਵਿੱਚ ਵਾਪਰੇ ਹਾਦਸੇ ਦੌਰਾਨ ਮੌਤ ਹੋ ਗਈ। ਟਰੈਕਟਰ ਤੋਂ ਹੇਠਾਂ ਡਿੱਗਣ ਮਗਰੋਂ ਟਰੈਕਟਰ ਹੇਠਾਂ ਆਉਣ ਕਾਰਨ ਕਿਸਾਨ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਕੋਟਕਪੂਰਾ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਦੀ ਪਛਾਣ ਜੀਵਨ ਸਿੰਘ ਪੁੱਤਰ ਮੰਗਾ ਸਿੰਘ ਵਾਸੀ ਪਿੰਡ ਵਾਂਦਰ ਡੋਡ, ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਉਹ ਆਪਣੇ ਪਿੱਛੇ ਦੋ ਧੀਆਂ ਅਤੇ ਇੱਕ ਪੁੱਤਰ ਛੱਡ ਗਿਆ ਹੈ। ਘਟਨਾ ਦੀ ਖ਼ਬਰ ਮਿਲਦਿਆਂ ਹੀ ਉਸ ਦੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਜੀਵਨ ਸਿੰਘ ਇੱਕ ਹੋਰ ਵਿਅਕਤੀ ਨਾਲ ਤੜਕਸਾਰ ਟਰੈਕਟਰ-ਟਰਾਲੀ ਰਾਹੀਂ ਝੋਨਾ ਲੈ ਕੇ ਕੋਟਕਪੂਰਾ ਮੰਡੀ ਵੱਲ ਆ ਰਿਹਾ ਸੀ। ਜਦੋਂ ਉਹ ਵੱਡੀ ਸੜਕ ਨੇੜੇ ਪਹੁੰਚੇ ਤਾਂ ਕਿਸੇ ਕਾਰਨ ਜੀਵਨ ਸਿੰਘ ਟਰੈਕਟਰ ਤੋਂ ਹੇਠਾਂ ਡਿੱਗ ਪਿਆ ਅਤੇ ਟਰੈਕਟਰ ਹੇਠਾਂ ਆ ਗਿਆ। ਹਾਦਸਾ ਇੰਨਾ ਅਚਾਨਕ ਵਾਪਰਿਆ ਕਿ ਟਰੈਕਟਰ ਚਾਲਕ ਨੂੰ ਵੀ ਤੁਰੰਤ ਇਸ ਬਾਰੇ ਪਤਾ ਨਹੀਂ ਲੱਗ ਸਕਿਆ। ਬਾਅਦ ਵਿੱਚ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਪਿੰਡ ਵਾਂਦਰ ਡੋਡ ਦੇ ਸਰਪੰਚ ਜੋਰਾ ਸਿੰਘ ਨੇ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਜੀਵਨ ਸਿੰਘ ਗਰੀਬ ਪਰਿਵਾਰ ਨਾਲ ਸਬੰਧਤ ਸੀ। ਉਸ ਦੀ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਦੀ ਮਾੜੀ ਆਰਥਿਕ ਹਾਲਤ ਨੂੰ ਧਿਆਨ ਵਿੱਚ ਰੱਖਦਿਆਂ ਪੀੜਤ ਪਰਿਵਾਰ ਦੀ ਮਾਲੀ ਸਹਾਇਤਾ ਕੀਤੀ ਜਾਵੇ।
ਉੱਧਰ, ਘਟਨਾ ਦੀ ਸੂਚਨਾ ਮਿਲਣ ’ਤੇ ਪੁਲਸ ਵੱਲੋਂ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਨੇ ਟਰੈਕਟਰ ਨੂੰ ਕਬਜ਼ੇ ਵਿੱਚ ਲੈ ਕੇ ਚਾਲਕ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਹਾਦਸੇ ਦੀਆਂ ਸਥਿਤੀਆਂ ਸਪੱਸ਼ਟ ਕਰਨ ਲਈ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਜਾਂਚੀ ਜਾਵੇਗੀ। ਪੁਲਸ ਅਧਿਕਾਰੀਆਂ ਅਨੁਸਾਰ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਅਤੇ ਜਾਂਚ ਪੂਰੀ ਹੋਣ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।