- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵੱਲੋਂ ਪੰਜਾਬ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ 45 ਫਾਰਮੇਸੀ ਅਫਸਰਾਂ ਦੀ ਭਰਤੀ ਲਈ ਐਤਵਾਰ ਨੂੰ ਕਰਵਾਈ ਗਈ ਲਿਖਤੀ ਪ੍ਰੀਖਿਆ ਦੌਰਾਨ ਬਲੂਟੁੱਥ ਡਿਵਾਈਸ ਰਾਹੀਂ ਨਕਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਫਰੀਦਕੋਟ : ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵੱਲੋਂ ਪੰਜਾਬ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ 45 ਫਾਰਮੇਸੀ ਅਫਸਰਾਂ ਦੀ ਭਰਤੀ ਲਈ ਐਤਵਾਰ ਨੂੰ ਕਰਵਾਈ ਗਈ ਲਿਖਤੀ ਪ੍ਰੀਖਿਆ ਦੌਰਾਨ ਬਲੂਟੁੱਥ ਡਿਵਾਈਸ ਰਾਹੀਂ ਨਕਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਅਨੁਸਾਰ ਪੁਲਿਸ ਨੂੰ ਮਿਲੇ ਇਨਪੁੱਟ ਤੋਂ ਬਾਅਦ ਫਰੀਦਕੋਟ, ਕੋਟਕਪੂਰਾ ਅਤੇ ਫਿਰੋਜ਼ਪੁਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ’ਤੇ ਕਾਰਵਾਈ ਕਰਦਿਆਂ ਕਰੀਬ 30 ਉਮੀਦਵਾਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਦਕਿ ਕੁਝ ਸ਼ੱਕੀ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਰਹੇ।
ਹਾਲਾਂਕਿ ਇਸ ਮਾਮਲੇ ਵਿੱਚ ਨਾ ਤਾਂ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਅਤੇ ਨਾ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਅਜੇ ਤੱਕ ਕੋਈ ਅਧਿਕਾਰਕ ਬਿਆਨ ਜਾਰੀ ਕੀਤਾ ਗਿਆ ਹੈ।
ਸੂਤਰਾਂ ਮੁਤਾਬਕ ਪ੍ਰੀਖਿਆ ਦੌਰਾਨ ਪੁਲਿਸ ਨੇ ਨਕਲ ਕਰਵਾਉਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ। ਗਿਰੋਹ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ’ਤੇ ਛਾਪੇਮਾਰੀ ਕੀਤੀ ਗਈ, ਜਿੱਥੇ ਬਲੂਟੁੱਥ ਡਿਵਾਈਸ ਦੀ ਮਦਦ ਨਾਲ ਪ੍ਰੀਖਿਆ ਦੇ ਰਹੇ ਕਈ ਉਮੀਦਵਾਰਾਂ ਨੂੰ ਕਾਬੂ ਕੀਤਾ ਗਿਆ।
ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਸਿਹਤ ਵਿਭਾਗ ਵਿੱਚ 454 ਫਾਰਮੇਸੀ ਅਫਸਰਾਂ ਦੀ ਭਰਤੀ ਲਈ ਬਾਬਾ ਫਰੀਦ ਯੂਨੀਵਰਸਿਟੀ ਨੂੰ ਨੋਡਲ ਏਜੰਸੀ ਨਿਯੁਕਤ ਕੀਤਾ ਸੀ। ਇਸ ਤਹਿਤ ਐਤਵਾਰ ਨੂੰ ਹੋਈ ਲਿਖਤੀ ਪ੍ਰੀਖਿਆ ਵਿੱਚ ਕਰੀਬ 7 ਹਜ਼ਾਰ ਉਮੀਦਵਾਰਾਂ ਨੇ ਹਿੱਸਾ ਲਿਆ। ਪ੍ਰੀਖਿਆ ਲਈ ਫਰੀਦਕੋਟ, ਕੋਟਕਪੂਰਾ ਅਤੇ ਫਿਰੋਜ਼ਪੁਰ ਦੇ ਵੱਖ-ਵੱਖ ਵਿਦਿਅਕ ਅਦਾਰਿਆਂ ਵਿੱਚ ਪ੍ਰੀਖਿਆ ਕੇਂਦਰ ਬਣਾਏ ਗਏ ਸਨ।
ਸੂਤਰਾਂ ਦੇ ਮੁਤਾਬਕ ਪੁਲਿਸ ਨੂੰ ਫਰੀਦਕੋਟ ਵਿੱਚ 11, ਕੋਟਕਪੂਰਾ ਵਿੱਚ 6 ਅਤੇ ਫਿਰੋਜ਼ਪੁਰ ਵਿੱਚ 25 ਸ਼ੱਕੀ ਉਮੀਦਵਾਰਾਂ ਵੱਲੋਂ ਬਲੂਟੁੱਥ ਡਿਵਾਈਸ ਵਰਤਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਵੱਖ-ਵੱਖ ਕੇਂਦਰਾਂ ’ਤੇ ਕਾਰਵਾਈ ਕੀਤੀ ਗਈ। ਹਾਲਾਂਕਿ ਹੁਣ ਤੱਕ ਕਿੰਨੇ ਉਮੀਦਵਾਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨ੍ਹਾਂ ਖ਼ਿਲਾਫ਼ ਕੀ ਕਾਰਵਾਈ ਕੀਤੀ ਗਈ ਹੈ, ਇਸ ਦੀ ਅਧਿਕਾਰਕ ਪੁਸ਼ਟੀ ਨਹੀਂ ਹੋਈ। ਉਮੀਦ ਕੀਤੀ ਜਾ ਰਹੀ ਹੈ ਕਿ ਪੁਲਿਸ ਪ੍ਰਸ਼ਾਸਨ ਜਲਦ ਹੀ ਪੂਰੇ ਮਾਮਲੇ ਦਾ ਖੁਲਾਸਾ ਕਰੇਗਾ।