- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਸਿੱਖ ਕੌਮ ਕਿਸੇ ਦਿਖਾਵਟੀ ਕਾਰਵਾਈ ਜਾਂ ਕਾਨੂੰਨੀ ਚਲਾਕੀ ਦੀ ਨਹੀਂ, ਸਗੋਂ ਅਜਿਹੇ ਪ੍ਰਭਾਵਸ਼ਾਲੀ ਕਾਨੂੰਨ ਦੀ ਹਾਮੀ ਹੈ ਜੋ ਸਾਰੇ ਧਰਮਾਂ ਦੇ ਪਵਿੱਤਰ ਗ੍ਰੰਥਾਂ ਦਾ ਸਤਿਕਾਰ ਯਕੀਨੀ ਬਣਾਵੇ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਿੱਚ ਸਹਾਇਕ ਹੋਵੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਝਾਈਆਂ ਸੋਧਾਂ ਨੂੰ ਕਾਨੂੰਨ ਵਿੱਚ ਸ਼ਾਮਲ ਕਰਨ ਨਾਲ ਸੰਤੁਲਿਤ ਅਤੇ ਸਰਬਪੱਖੀ ਸਤਿਕਾਰ ਐਕਟ ਬਣ ਸਕਦਾ ਹੈ।

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਸ੍ਰੀ ਗੰਗਸਰ ਸਾਹਿਬ, ਜੈਤੋ ਵਿਖੇ ਐਤਵਾਰ ਨੂੰ ‘ਮੀਰੀ-ਪੀਰੀ ਖਾਲਸਾ ਮਾਰਚ’ ਸਬੰਧੀ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜੇਕਰ ਸਰਕਾਰ ਬੇਅਦਬੀ ਦੇ ਮਾਮਲਿਆਂ ਦਾ ਸਥਾਈ ਅਤੇ ਪ੍ਰਭਾਵਸ਼ਾਲੀ ਹੱਲ ਚਾਹੁੰਦੀ ਹੈ ਤਾਂ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਉੱਚ ਪੱਧਰੀ ਕਮੇਟੀ ਨਾਲ ਰਾਬਤਾ ਕਰਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕਰੇ।
ਉਨ੍ਹਾਂ ਕਿਹਾ ਕਿ ਸਿੱਖ ਕੌਮ ਕਿਸੇ ਦਿਖਾਵਟੀ ਕਾਰਵਾਈ ਜਾਂ ਕਾਨੂੰਨੀ ਚਲਾਕੀ ਦੀ ਨਹੀਂ, ਸਗੋਂ ਅਜਿਹੇ ਪ੍ਰਭਾਵਸ਼ਾਲੀ ਕਾਨੂੰਨ ਦੀ ਹਾਮੀ ਹੈ ਜੋ ਸਾਰੇ ਧਰਮਾਂ ਦੇ ਪਵਿੱਤਰ ਗ੍ਰੰਥਾਂ ਦਾ ਸਤਿਕਾਰ ਯਕੀਨੀ ਬਣਾਵੇ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਿੱਚ ਸਹਾਇਕ ਹੋਵੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਝਾਈਆਂ ਸੋਧਾਂ ਨੂੰ ਕਾਨੂੰਨ ਵਿੱਚ ਸ਼ਾਮਲ ਕਰਨ ਨਾਲ ਸੰਤੁਲਿਤ ਅਤੇ ਸਰਬਪੱਖੀ ਸਤਿਕਾਰ ਐਕਟ ਬਣ ਸਕਦਾ ਹੈ।
ਜਥੇਦਾਰ ਗੜਗੱਜ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਿੱਖ ਕੌਮ ਲਈ ਧਾਰਮਿਕ ਮਜ਼ਬੂਤੀ ਦੇ ਨਾਲ-ਨਾਲ ਸਿਆਸੀ ਤੌਰ 'ਤੇ ਵੀ ਇਕਜੁੱਟ ਰਹਿਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਸਿੱਖ ਕੌਮ ਗੁਰਮਤਿ ਸਿਧਾਂਤਾਂ ਤੋਂ ਦੂਰ ਹੋਈ ਹੈ ਤਾਂ ਪੰਥ ਵਿਰੋਧੀ ਤਾਕਤਾਂ ਨੂੰ ਮੌਕਾ ਮਿਲਿਆ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਦੋਖੀ ਅਤੇ ਖਾਲਸਾ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਨਾਲ ਜੁੜੇ ਰਹਿਣ ਦੀ ਅਪੀਲ ਕੀਤੀ।
ਉਨ੍ਹਾਂ ਆਪਣੇ ਸੰਬੋਧਨ ਵਿੱਚ ਮੀਰੀ-ਪੀਰੀ ਦੇ ਸਿਧਾਂਤ ਦੀ ਵਿਆਖਿਆ ਕਰਦਿਆਂ ਕਿਹਾ ਕਿ ਸਿੱਖ ਧਰਮ ਵਿੱਚ ਰਾਜਨੀਤੀ ਧਾਰਮਿਕ ਕਦਰਾਂ-ਕੀਮਤਾਂ ਦੇ ਅਧੀਨ ਲੋਕ ਭਲਾਈ ਦਾ ਸਾਧਨ ਹੈ। ਉਨ੍ਹਾਂ ਜੈਤੋ ਮੋਰਚੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਿੱਖ ਕੌਮ ਨੇ ਹਮੇਸ਼ਾ ਆਪਣੇ ਧਰਮ ਅਤੇ ਸਿਧਾਂਤਾਂ ਦੀ ਰੱਖਿਆ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ।
ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਅਤੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਵੀ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰਬਾਣੀ, ਪੰਥਕ ਏਕਤਾ ਅਤੇ ਸਮਾਜਿਕ ਜ਼ਿੰਮੇਵਾਰੀਆਂ ਨਾਲ ਜੁੜਨ ਦਾ ਸੱਦਾ ਦਿੱਤਾ। ਸਮਾਗਮ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ, ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਗੁਰਬਾਣੀ ਕੀਰਤਨ, ਅਰਦਾਸ ਅਤੇ ਪੰਥਕ ਵਿਚਾਰਾਂ ਨਾਲ ਸਮਾਗਮ ਦਾ ਮਾਹੌਲ ਪੂਰੀ ਤਰ੍ਹਾਂ ਧਾਰਮਿਕ ਰੰਗ ਵਿੱਚ ਰੰਗਿਆ ਰਿਹਾ।