- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਲ 2015 ਵਿੱਚ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲ਼ੀਕਾਂਡ ਦੇ ਪੀੜਤ ਪਰਿਵਾਰਾਂ ਨੂੰ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਇਨਸਾਫ਼ ਨਾ ਮਿਲਣ ਦਾ ਮੁੱਦਾ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਠਾਇਆ ਹੈ।

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਫ਼ਰੀਦਕੋਟ : ਸਾਲ 2015 ਵਿੱਚ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲ਼ੀਕਾਂਡ ਦੇ ਪੀੜਤ ਪਰਿਵਾਰਾਂ ਨੂੰ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਇਨਸਾਫ਼ ਨਾ ਮਿਲਣ ਦਾ ਮੁੱਦਾ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਠਾਇਆ ਹੈ। ਉਨ੍ਹਾਂ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਲਈ ਬਾਦਲ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਦੋਸ਼ ਲਾਇਆ ਕਿ ਸਿਆਸੀ ਲਿਹਾਜ਼ ਕਾਰਨ ਪਹਿਲਾਂ ਇਨ੍ਹਾਂ ਮਾਮਲਿਆਂ ਵਿੱਚ ਢੁੱਕਵੀਂ ਕਾਰਵਾਈ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾਉਣ ਦਾ ਇੱਕ ਕਾਰਨ ਇਹ ਵੀ ਸੀ ਕਿ ਉਹ ਬਾਦਲਾਂ ਨਾਲ ਲਿਹਾਜ਼ ਰੱਖਣਾ ਚਾਹੁੰਦੇ ਸਨ।
'ਜਵਾਨੀ ਸੰਭਾਲ ਸਾਈਕਲ ਯਾਤਰਾ' ਤਹਿਤ ਫ਼ਰੀਦਕੋਟ ਜ਼ਿਲ੍ਹੇ ਵਿੱਚ ਪਹੁੰਚੇ ਚਰਨਜੀਤ ਸਿੰਘ ਚੰਨੀ ਅੱਜ ਵਿਧਾਨ ਸਭਾ ਹਲਕਾ ਜੈਤੋ ਦੇ ਪਿੰਡ ਸਰਾਵਾਂ ਅਤੇ ਬਹਿਬਲ ਕਲਾਂ ਵਿਖੇ ਪਹੁੰਚੇ। ਸਭ ਤੋਂ ਪਹਿਲਾਂ ਉਹ ਪਿੰਡ ਸਰਾਵਾਂ ਵਿਖੇ ਬਹਿਬਲ ਕਲਾਂ ਗੋਲੀਕਾਂਡ ਦੌਰਾਨ ਸ਼ਹੀਦ ਹੋਏ ਗੁਰਜੀਤ ਸਿੰਘ ਦੇ ਘਰ ਪਹੁੰਚੇ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਇਸ ਮੌਕੇ ਸ਼ਹੀਦ ਗੁਰਜੀਤ ਸਿੰਘ ਦੇ ਪਿਤਾ ਸਾਧੂ ਸਿੰਘ ਮਠਾੜੂ ਨੇ ਚਰਨਜੀਤ ਸਿੰਘ ਚੰਨੀ ਦੀ ਹਿਮਾਇਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਚੰਨੀ ਤੋਂ ਇਨਸਾਫ਼ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਜਦੋਂ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਨੇ ਗੁਰਜੀਤ ਸਿੰਘ ਦੇ ਨਾਮ 'ਤੇ ਸੜਕ ਦਾ ਨਾਮਕਰਨ ਵੀ ਕੀਤਾ ਸੀ। ਇਸ ਕਰਕੇ ਉਨ੍ਹਾਂ ਨੂੰ ਆਸ ਹੈ ਕਿ ਚੰਨੀ ਇਸ ਮਾਮਲੇ ਵਿੱਚ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਆਪਣੀ ਆਵਾਜ਼ ਬੁਲੰਦ ਕਰਨਗੇ।
ਇਸ ਤੋਂ ਬਾਅਦ ਬਹਿਬਲ ਕਲਾਂ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਚੰਨੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲਿਆਂ ਵਿੱਚ ਇਨਸਾਫ਼ ਮਿਲਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਘਟਨਾਵਾਂ ਲਈ ਬਾਦਲ ਪਰਿਵਾਰ ਜ਼ਿੰਮੇਵਾਰ ਹੈ ਅਤੇ ਪਿਛਲੀ ਕਾਂਗਰਸ ਸਰਕਾਰ ਦੌਰਾਨ ਵੀ ਇਨਸਾਫ਼ ਦੇਣ ਦੇ ਰਾਹ ਵਿੱਚ ਸਿਆਸੀ ਲਿਹਾਜ਼ ਅੜਿੱਕਾ ਬਣਿਆ ਰਿਹਾ।
ਚੰਨੀ ਨੇ ਕਿਹਾ ਕਿ ਉਹ ਪਿਛਲੀ ਕਾਂਗਰਸ ਸਰਕਾਰ ਸਮੇਂ ਕਈ ਵਾਰ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ ਸਨ ਅਤੇ ਉਨ੍ਹਾਂ ਨੂੰ ਬੇਅਦਬੀ ਤੇ ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲਿਆਂ ਵਿੱਚ ਜਲਦੀ ਕਾਰਵਾਈ ਕਰਕੇ ਇਨਸਾਫ਼ ਦੇਣ ਦੀ ਅਪੀਲ ਕਰਦੇ ਰਹੇ ਸਨ। ਪਰ ਉਨ੍ਹਾਂ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਬਾਦਲ ਪਰਿਵਾਰ ਨਾਲ ਦੁਸ਼ਮਣੀ ਨਹੀਂ ਪਾਉਣਾ ਚਾਹੁੰਦੇ ਸਨ, ਜਿਸ ਕਾਰਨ ਇਨ੍ਹਾਂ ਮਾਮਲਿਆਂ ਵਿੱਚ ਲੋੜੀਂਦੀ ਕਾਰਵਾਈ ਨਹੀਂ ਹੋ ਸਕੀ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾਉਣ ਦਾ ਕਾਰਨ ਵੀ ਇਹੀ ਸੀ ਅਤੇ ਜਦੋਂ ਉਨ੍ਹਾਂ ਨੇ ਮੁੱਖ ਮੰਤਰੀ ਵਜੋਂ ਜ਼ਿੰਮੇਵਾਰੀ ਸੰਭਾਲੀ ਤਾਂ ਤਿੰਨ ਮਹੀਨਿਆਂ ਦੇ ਅੰਦਰ ਇਨ੍ਹਾਂ ਮਾਮਲਿਆਂ ਦੀ ਜਾਂਚ ਨੂੰ ਸਹੀ ਦਿਸ਼ਾ ਵਿੱਚ ਅੱਗੇ ਵਧਾਉਣ ਲਈ ਕਦਮ ਚੁੱਕੇ ਗਏ ਸਨ। ਚੰਨੀ ਨੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਨੇ ਜਾਣਬੁੱਝ ਕੇ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਨਾਲ ਸਬੰਧਤ ਕੇਸ ਚੰਡੀਗੜ੍ਹ ਤਬਦੀਲ ਕਰਵਾ ਦਿੱਤੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਸ ਤਰ੍ਹਾਂ ਜਾਂਚ ਨੂੰ ਗਲਤ ਦਿਸ਼ਾ ਵੱਲ ਮੋੜਿਆ ਜਾ ਰਿਹਾ ਹੈ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲਣ ਵਿੱਚ ਦੇਰੀ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਸਾਲ 2015 ਦੀਆਂ ਇਨ੍ਹਾਂ ਘਟਨਾਵਾਂ ਨੂੰ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਪੀੜਤ ਪਰਿਵਾਰ ਇਨਸਾਫ਼ ਦੀ ਉਡੀਕ ਕਰ ਰਹੇ ਹਨ। ਇਨ੍ਹਾਂ ਮਾਮਲਿਆਂ ਵਿੱਚ ਨਿਰਪੱਖ ਜਾਂਚ ਕਰਕੇ ਅਸਲ ਦੋਸ਼ੀਆਂ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲ ਸਕੇ।
ਇਸ ਮੌਕੇ ਵਿਧਾਨ ਸਭਾ ਹਲਕਾ ਜੈਤੋ ਤੋਂ ਸਾਲ 2022 ਦੀਆਂ ਚੋਣਾਂ ਲੜ ਚੁੱਕੇ ਕਾਂਗਰਸੀ ਆਗੂ ਦਰਸ਼ਨ ਸਿੰਘ ਢਿੱਲਵਾਂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਸਾਬਕਾ ਜਿਲ੍ਹਾ ਪ੍ਰਧਾਨ ਅਜੇਪਾਲ ਸੰਧੂ ਸਰਪੰਚ ਰਾਜਦੀਪ ਸਿੰਘ ਰਾਮੇਆਣਾ ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਵੀ ਮੌਜੂਦ ਸਨ।