Faridkot News : ਦਾਸੂਵਾਲ ਗਿਰੋਹ ਦਾ ਮੁੱਖ ਸ਼ੂਟਰ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ, ਗੈਂਗਸਟਰ ਪ੍ਰਭ ਦਾਸੂਵਾਲ ਦੇ ਇਸ਼ਾਰੇ ’ਤੇ ਦਿੰਦਾ ਸੀ ਟਾਰਗੇਟ ਕਿਲਿੰਗ ਦੀਆਂ ਵਾਰਦਾਤਾ ਨੂੰ ਅੰਜਾਮ
ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਪ੍ਰਭ ਦਾਸੂਵਾਲ ਗੈਂਗ ਦੇ ਮੁੱਖ ਸ਼ੂਟਰ ਨੂੰ ਮੁਕਾਬਲੇ ਤੋਂ ਬਾਅਦ ਕਾਬੂ ਕੀਤਾ ਗਿਆ। ਇਸ ਦੇ ਦੋ ਸਾਥੀ ਪਹਿਲਾਂ ਹੀ ਫਰੀਦਕੋਟ ਪੁਲਿਸ ਵੱਲੋਂ ਪਿਛਲੇ ਦਿਨੀਂ ਨਾਜਾਇਜ਼ ਅਸਲੇ ਸਮੇਤ ਕਾਬੂ ਕੀਤੇ ਸਨ।
Publish Date: Sat, 15 Nov 2025 09:19 PM (IST)
Updated Date: Sat, 15 Nov 2025 09:22 PM (IST)
ਚਾਨਾ/ਸ਼ਰਮਾ, ਪੰਜਾਬੀ ਜਾਗਰਣ, ਫਰੀਦਕੋਟ : ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਪ੍ਰਭ ਦਾਸੂਵਾਲ ਗੈਂਗ ਦੇ ਮੁੱਖ ਸ਼ੂਟਰ ਨੂੰ ਮੁਕਾਬਲੇ ਤੋਂ ਬਾਅਦ ਕਾਬੂ ਕੀਤਾ ਗਿਆ। ਇਸ ਦੇ ਦੋ ਸਾਥੀ ਪਹਿਲਾਂ ਹੀ ਫਰੀਦਕੋਟ ਪੁਲਿਸ ਵੱਲੋਂ ਪਿਛਲੇ ਦਿਨੀਂ ਨਾਜਾਇਜ਼ ਅਸਲੇ ਸਮੇਤ ਕਾਬੂ ਕੀਤੇ ਸਨ।
ਇਹ ਜਾਣਕਾਰੀ ਡਾ. ਪ੍ਰਗਿਆ ਜੈਨ ਐੱਸਐੱਸਪੀ ਫਰੀਦਕੋਟ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਫਰੀਦਕੋਟ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਅਰਸ਼ਦੀਪ ਸਿੰਘ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਏਰੀਆ ਵਿੱਚ ਘੁੰਮ ਰਿਹਾ ਹੈ। ਪੁਲਿਸ ਟੀਮਾਂ ਵੱਲੋਂ ਬਜਾਖਾਨਾ ਦੇ ਏਰੀਆ ਵਿੱਚ ਨਾਕਾਬੰਦੀ ਕੀਤੀ ਹੋਈ ਸੀ। ਉਸ ਸਮੇਂ ਇਹ ਮੁਲਜ਼ਮ ਆਉਂਦਾ ਦਿਖਾਈ ਦਿੱਤਾ ਜਿਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉ੍ਨ੍ਹਾਂ ਨੇ ਪੁਲਿਸ ਟੀਮ ’ਤੇ ਹਮਲਾ ਕਰ ਦਿੱਤਾ, ਜਿਸ ਦੌਰਾਨ ਆਤਮ-ਰੱਖਿਆ ਵਿੱਚ ਪੁਲਿਸ ਪਾਰਟੀ ਵੱਲੋਂ ਜਵਾਬੀ ਫਾਇਰਿੰਗ ਕੀਤੀ ਗਈ ਜਿਸ ਦੌਰਾਨ ਪੁਲਿਸ ਅਤੇ ਮੁਲਜ਼ਮ ਵਿਚਕਾਰ 6 ਰਾਊਂਡ ਫਾਇਰਿੰਗ ਹੋਈ। ਮੁਕਾਬਲੇ ਵਿਚ ਜ਼ਖ਼ਮੀ ਹੋਏ ਮੁਲਜ਼ਮ ਨੂੰ ਕਾਬੂ ਕਰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਮੁਲਜ਼ਮ ਦੀ ਪਹਿਚਾਣ ਅਰਸ਼ਦੀਪ ਸਿੰਘ ਉਰਫ ਵਿੱਕੀ ਵਜੋ ਹੋਈ ਹੈ, ਜੋ ਕਿ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਮਾੜੀ ਕਲਾ ਦਾ ਰਿਹਾਇਸ਼ੀ ਹੈ। ਪੁਲਿਸ ਵੱਲੋਂ ਉਸ ਤੋਂ 1 ਯੂਗਾਨਾ ਪਿਸਤੌਲ ਸਮੇਤ ਰੌਂਦ ਵੀ ਬਰਾਮਦ ਕੀਤਾ ਗਿਆ ਹੈ। ਇਸ ਤੋ ਇਲਾਵਾ ਐੱਚਐੱਫ ਡੀਲਕਸ ਮੋਟਰਸਾਈਕਲ, ਜਿਸ ’ਤੇ ਉਹ ਸਵਾਰ ਹੋ ਕੇ ਆ ਰਿਹਾ ਸੀ, ਨੂੰ ਵੀ ਜ਼ਬਤ ਕੀਤਾ ਗਿਆ ਹੈ। ਅਰਸ਼ਦੀਪ ਸਿੰਘ ਜੋ ਕਿ ਗੈਂਗਸਟਰ ਪ੍ਰਭ ਦਾਸੂਵਾਲ ਨਾਲ ਸਿੱਧੇ ਸੰਪਰਕ ਵਿੱਚ ਸੀ ਅਤੇ ਟਾਰਗੇਟ ਕਿਲਿੰਗ ਨੂੰ ਅੰਜਾਮ ਦਿੰਦਾ ਸੀ। ਇਸ ਵੱਲੋਂ ਗੈਂਗਸਟਰ ਪ੍ਰਭ ਦਾਸੂਵਾਲ ਦੇ ਕਹਿਣ ’ਤੇ ਆਪਣੇ 2 ਸਾਥੀਆਂ ਨਾਲ ਮਿਲ ਕੇ ਅੰਮ੍ਰਿਤਸਰ ਦੇ ਛੇਹਰਟਾ ਵਿਖੇ ਫਾਇਰਿੰਗ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਉਸ ਵੱਲੋਂ ਪ੍ਰਭ ਦਾਸੂਵਾਲ ਦੇ ਇਸ਼ਾਰੇ ’ਤੇ ਰੇਕੀ ਵੀ ਕੀਤੀ ਜਾਂਦੀ ਸੀ।