- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਮੀਨ ਦਾ ਕਬਜ਼ਾ ਦਿਵਾਉਣ ਦੇ ਬਦਲੇ 40 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਹਲਕਾ ਗੋਲੇਵਾਲਾ ਦੇ ਕਾਨੂੰਗੋ ਵਰਿੰਦਰ ਸਿੰਘ ਬੁੱਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਸ਼ਿਵ ਕੁਮਾਰ ਸ਼ਰਮਾ, ਪੰਜਾਬੀ ਜਾਗਰਣ, ਫਰੀਦਕੋਟ: ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਮੀਨ ਦਾ ਕਬਜ਼ਾ ਦਿਵਾਉਣ ਦੇ ਬਦਲੇ 40 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਹਲਕਾ ਗੋਲੇਵਾਲਾ ਦੇ ਕਾਨੂੰਗੋ ਵਰਿੰਦਰ ਸਿੰਘ ਬੁੱਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਖ਼ਿਲਾਫ਼ 13 ਮਈ 2026 ਨੂੰ ਥਾਣਾ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਕੇਸ ਦਰਜ ਕੀਤਾ ਗਿਆ ਸੀ।
ਜਾਣਕਾਰੀ ਅਨੁਸਾਰ ਪਿੰਡ ਭਾਗਥਲਾ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਨੇ ਪੰਜਾਬ ਸਰਕਾਰ ਦੀ ਐਂਟੀ ਕਰਪਸ਼ਨ ਹੈਲਪਲਾਈਨ 'ਤੇ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਸੀ ਕਿ ਉਸ ਦੀ ਜ਼ਮੀਨ ਨਾਲ ਸਬੰਧਤ ਅਦਾਲਤੀ ਹੁਕਮਾਂ ਨੂੰ ਲਾਗੂ ਕਰਵਾਉਣ ਅਤੇ ਕਬਜ਼ਾ ਦਿਵਾਉਣ ਦੇ ਬਦਲੇ ਕਾਨੂੰਨਗੋ ਵੱਲੋਂ ਰਿਸ਼ਵਤ ਦੀ ਮੰਗ ਕੀਤੀ ਗਈ।
ਸ਼ਿਕਾਇਤਕਰਤਾ ਦਾ ਜ਼ਮੀਨ ਸਬੰਧੀ ਵਿਵਾਦ ਕਈ ਸਾਲਾਂ ਤੋਂ ਅਦਾਲਤ ਵਿੱਚ ਚੱਲ ਰਿਹਾ ਸੀ। ਸਾਲ 2019 ਵਿੱਚ ਜ਼ਿਲ੍ਹਾ ਅਦਾਲਤ ਫਰੀਦਕੋਟ ਨੇ ਫ਼ੈਸਲਾ ਸ਼ਿਕਾਇਤਕਰਤਾ ਦੇ ਹੱਕ ਵਿੱਚ ਸੁਣਾਇਆ ਸੀ। ਇਸ ਤੋਂ ਬਾਅਦ ਵਿਰੋਧੀ ਧਿਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਪੀਲ ਦਾਇਰ ਕੀਤੀ ਸੀ, ਜਿਸ ਨੂੰ ਹਾਈ ਕੋਰਟ ਨੇ ਖਾਰਜ ਕਰ ਦਿੱਤਾ। ਬਾਅਦ ਵਿੱਚ ਸਿਵਲ ਜੱਜ ਫਰੀਦਕੋਟ ਨੇ ਮਾਲ ਵਿਭਾਗ ਨੂੰ ਸ਼ਿਕਾਇਤਕਰਤਾ ਨੂੰ ਜ਼ਮੀਨ ਦਾ ਕਬਜ਼ਾ ਦਿਵਾਉਣ ਦੇ ਹੁਕਮ ਜਾਰੀ ਕੀਤੇ ਸਨ।
ਵਿਜੀਲੈਂਸ ਜਾਂਚ ਦੌਰਾਨ ਸਾਹਮਣੇ ਆਇਆ ਕਿ ਅਦਾਲਤੀ ਹੁਕਮਾਂ ਨੂੰ ਲਾਗੂ ਕਰਨ ਦੇ ਬਦਲੇ ਕਾਨੂੰਨਗੋ ਨੇ ਸ਼ਿਕਾਇਤਕਰਤਾ ਅਤੇ ਉਸ ਦੇ ਪੁੱਤਰ ਤੋਂ 80 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਵੱਲੋਂ 40 ਹਜ਼ਾਰ ਰੁਪਏ ਮੁਲਜ਼ਮ ਨੂੰ ਦਿੱਤੇ ਗਏ ਸਨ, ਜਿਸ ਦੀ ਵੀਡੀਓ ਰਿਕਾਰਡਿੰਗ ਵੀ ਕੀਤੀ ਗਈ ਸੀ। ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਰਿਸ਼ਵਤ ਲੈਣ ਦੇ ਦੋਸ਼ ਸਹੀ ਪਾਏ ਗਏ।
ਮਾਮਲੇ ਦੇ ਜਾਂਚ ਅਧਿਕਾਰੀ ਇੰਸਪੈਕਟਰ ਸੰਦੀਪ ਸਿੰਘ ਨੇ ਦੱਸਿਆ ਕਿ ਵਿਜੀਲੈਂਸ ਟੀਮ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ ਹਾਸਲ ਕੀਤਾ ਜਾਵੇਗਾ।