- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਹੁਲ ਗਾਂਧੀ ਦੇ ਜਨਮ ਦਿਨ ’ਤੇ ਫ਼ਰੀਦਕੋਟ ਐਸ.ਸੀ. ਸੈੱਲ ਨੇ ਕੀਤੇ ਸੇਵਾ ਕਾਰਜ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਜ਼ਿਲ੍ਹਾ ਕਾਂਗਰਸ ਕਮੇਟੀ ਐਸ.ਸੀ ਸੈੱਲ ਫ਼ਰੀਦਕੋਟ ਵੱਲੋਂ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਮੈਂਬਰ ਪਾਰਲੀਮੈਂਟ ਸ਼੍ਰੀ ਰਾਹੁਲ ਗਾਂਧੀ ਦਾ 56ਵਾਂ ਜਨਮ ਦਿਨ ਸਮਾਜਿਕ ਸਰੋਕਾਰਾਂ ਨਾਲ ਜੁੜੇ ਕਾਰਜ ਕਰਕੇ ਬੜੇ ਉਤਸ਼ਾਹ ਅਤੇ ਸਾਦਗੀ ਨਾਲ ਮਨਾਇਆ ਗਿਆ। ਇਸ ਮੌਕੇ ਜਿੱਥੇ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਦਾ ਸੰਦੇਸ਼ ਦਿੰਦਿਆਂ ਵੱਖ-ਵੱਖ ਥਾਵਾਂ ’ਤੇ ਪੌਦੇ ਲਗਾਏ ਗਏ, ਉੱਥੇ ਹੀ ਸਮਾਜ ਦੇ ਲੋੜਵੰਦ ਵਰਗਾਂ ਨਾਲ ਖੁਸ਼ੀਆਂ ਸਾਂਝੀਆਂ ਕਰਦਿਆਂ ਝੁੱਗੀ-ਝੌਂਪੜੀ ਇਲਾਕਿਆਂ ਵਿੱਚ ਰਹਿੰਦੇ ਪਰਿਵਾਰਾਂ ਨੂੰ ਫਲ ਵੰਡੇ ਗਏ। ਇਸ ਸਮਾਗਮ ਦੀ ਅਗਵਾਈ ਜ਼ਿਲ੍ਹਾ ਕਾਂਗਰਸ ਕਮੇਟੀ ਐਸ.ਸੀ ਸੈੱਲ ਫ਼ਰੀਦਕੋਟ ਦੇ ਚੇਅਰਮੈਨ ਗੁਰਸੇਵਕ ਸਿੰਘ ਜੈਤੋ ਨੇ ਕੀਤੀ। ਇਸ ਦੌਰਾਨ ਹਾਜ਼ਰ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸ਼੍ਰੀ ਰਾਹੁਲ ਗਾਂਧੀ ਦੀ ਚੰਗੀ ਸਿਹਤ, ਲੰਬੀ ਉਮਰ ਅਤੇ ਦੇਸ਼ ਦੀ ਲੋਕਤੰਤਰਿਕ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਚੇਅਰਮੈਨ ਗੁਰਸੇਵਕ ਸਿੰਘ ਜੈਤੋ ਨੇ ਕਿਹਾ ਕਿ ਰਾਹੁਲ ਗਾਂਧੀ ਦੇਸ਼ ਦੇ ਇੱਕ ਦੂਰਅੰਦੇਸ਼ ਆਗੂ ਹਨ, ਜਿਨ੍ਹਾਂ ਕੋਲ ਦੇਸ਼ ਦੀਆਂ ਸਮੱਸਿਆਵਾਂ ਅਤੇ ਆਮ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਸਮਝਣ ਲਈ ਵਿਸ਼ਾਲ ਸੋਚ ਅਤੇ ਨਿੱਗਰ ਨਜ਼ਰੀਆ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਹਮੇਸ਼ਾ ਲੋਕਤੰਤਰਿਕ ਕਦਰਾਂ-ਕੀਮਤਾਂ ਦੀ ਰੱਖਿਆ, ਸਮਾਜਿਕ ਨਿਆਂ ਨੂੰ ਮਜ਼ਬੂਤ ਕਰਨ ਅਤੇ ਦੇਸ਼ ਦੇ ਸਰਬਪੱਖੀ ਵਿਕਾਸ ਲਈ ਆਪਣੀ ਆਵਾਜ਼ ਬੁਲੰਦ ਕਰਦੇ ਆ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ ਅਤੇ ਸਮਾਜ ਦੇ ਪਿੱਛੜੇ ਵਰਗਾਂ ਦੇ ਹੱਕਾਂ ਲਈ ਆਵਾਜ਼ ਉਠਾਉਣਾ ਹੀ ਸੱਚੀ ਲੋਕ ਸੇਵਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਲੋਕਾਂ ਦੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਣ ਦੀ ਕੋਸ਼ਿਸ਼ ਜਾਰੀ ਰਹੇਗੀ। ਚੇਅਰਮੈਨ ਗੁਰਸੇਵਕ ਸਿੰਘ ਜੈਤੋ ਨੇ ਕਿਹਾ ਕਿ ਜਨਮ ਦਿਨ ਵਰਗੇ ਮੌਕੇ ਸਿਰਫ਼ ਖੁਸ਼ੀਆਂ ਮਨਾਉਣ ਤੱਕ ਸੀਮਤ ਨਹੀਂ ਹੋਣੇ ਚਾਹੀਦੇ, ਸਗੋਂ ਸਮਾਜ ਦੀ ਭਲਾਈ ਲਈ ਕੋਈ ਨਾ ਕੋਈ ਚੰਗਾ ਕੰਮ ਕਰਕੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੌਦੇ ਲਗਾਉਣਾ ਆਉਣ ਵਾਲੀਆਂ ਪੀੜ੍ਹੀਆਂ ਲਈ ਕੁਦਰਤ ਦੀ ਰੱਖਿਆ ਵੱਲ ਇੱਕ ਮਹੱਤਵਪੂਰਨ ਕਦਮ ਹੈ, ਜਦਕਿ ਲੋੜਵੰਦਾਂ ਦੀ ਮਦਦ ਕਰਨਾ ਸਮਾਜਿਕ ਜ਼ਿੰਮੇਵਾਰੀ ਹੈ। ਇਸ ਮੌਕੇ ਕਾਂਗਰਸ ਕਮੇਟੀ ਐਸ.ਸੀ ਸੈੱਲ ਜੈਤੋ ਸ਼ਹਿਰੀ ਦੇ ਚੇਅਰਮੈਨ ਕਮਲ ਕੁਮਾਰ ਬਾਗੜੀ, ਕਰਨੈਲ ਸਿੰਘ ਖਾਲਸਾ, ਕਪਿਲ, ਬੰਟੀ ਜਿੰਦਲ, ਕਾਮਰੇਡ ਕਿਸ਼ੋਰੀ ਲਾਲ, ਹਰਪਾਲ ਸਿੰਘ, ਹਰਬੰਸ ਸਿੰਘ, ਅੰਮ੍ਰਿਤਪਾਲ ਬੱਬੂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਸਮਾਜ ਦੇ ਹਰ ਵਰਗ ਦੀ ਭਲਾਈ, ਬਰਾਬਰੀ ਅਤੇ ਹੱਕਾਂ ਦੀ ਰੱਖਿਆ ਲਈ ਕੰਮ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਲੋਕਾਂ ਦੇ ਮੁੱਦਿਆਂ ਨੂੰ ਉਠਾਉਣ ਅਤੇ ਆਮ ਲੋਕਾਂ ਨਾਲ ਜੁੜਨ ਦੀ ਕੋਸ਼ਿਸ਼ ਨੂੰ ਵਰਕਰਾਂ ਵੱਲੋਂ ਹਮੇਸ਼ਾ ਸਹਿਯੋਗ ਮਿਲਦਾ ਰਿਹਾ ਹੈ।