- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਥਾਨਕ ਬਾਜ਼ੀਗਰ ਬਸਤੀ ਵਿੱਚ ਮੋਬਾਈਲ ਚੋਰੀ ਦੇ ਸ਼ੱਕ ’ਚ 21 ਸਾਲਾ ਨੌਜਵਾਨ ਨੂੰ ਕਥਿਤ ਤੌਰ ’ਤੇ ਬੰਧਕ ਬਣਾ ਕੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗੰਭੀਰ ਜ਼ਖ਼ਮੀ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਥਾਣਾ ਸਿਟੀ-2 ਪੁਲਿਸ ਨੇ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਜਗਮੀਤ ਨੀਟਾ, ਪੰਜਾਬੀ ਜਾਗਰਣ, ਫਰੀਦਕੋਟ: ਸਥਾਨਕ ਬਾਜ਼ੀਗਰ ਬਸਤੀ ਵਿੱਚ ਮੋਬਾਈਲ ਚੋਰੀ ਦੇ ਸ਼ੱਕ ’ਚ 21 ਸਾਲਾ ਨੌਜਵਾਨ ਨੂੰ ਕਥਿਤ ਤੌਰ ’ਤੇ ਬੰਧਕ ਬਣਾ ਕੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗੰਭੀਰ ਜ਼ਖ਼ਮੀ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਥਾਣਾ ਸਿਟੀ-2 ਪੁਲਿਸ ਨੇ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਮ੍ਰਿਤਕ ਦੀ ਮਾਤਾ ਮੀਨਾ ਕੌਰ ਨੇ ਦੱਸਿਆ ਕਿ 4 ਸਤੰਬਰ ਦੀ ਸਵੇਰ ਬਲਵਿੰਦਰ ਸਿੰਘ, ਉਸ ਦੇ ਪੁੱਤਰ ਵਰਿੰਦਰ ਸਿੰਘ, ਅਤਿੰਦਰ ਸਿੰਘ ਤੇ ਅਜੈ ਸਿੰਘ ਹਰਪ੍ਰੀਤ ਨੂੰ ਆਪਣੇ ਘਰ ਲੈ ਗਏ ਅਤੇ ਉਸ ਨਾਲ ਕੁੱਟਮਾਰ ਕੀਤੀ। ਪਰਿਵਾਰ ਵੱਲੋਂ ਛੁਡਾਉਣ ਦੀ ਕੋਸ਼ਿਸ਼ ਕਰਨ ’ਤੇ ਉਨ੍ਹਾਂ ਨੂੰ ਵੀ ਘਰੋਂ ਬਾਹਰ ਕੱਢ ਦਿੱਤਾ ਗਿਆ। ਸ਼ਾਮ ਨੂੰ ਹਰਪ੍ਰੀਤ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਘਰ ਦੇ ਬਾਹਰ ਸੁੱਟ ਦਿੱਤਾ ਗਿਆ। ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਕਰੀਬ ਛੇ ਦਿਨ ਬਾਅਦ ਉਸ ਦੀ ਮੌਤ ਹੋ ਗਈ।
ਪਰਿਵਾਰ ਨੇ ਦੋਸ਼ ਲਾਇਆ ਕਿ ਹਰਪ੍ਰੀਤ ਨੂੰ ਚੋਰੀ ਦੇ ਝੂਠੇ ਇਲਜ਼ਾਮ ਵਿੱਚ ਕੁੱਟਿਆ ਗਿਆ। ਪਰਿਵਾਰ ਨੇ ਇਨਸਾਫ਼ ਮਿਲਣ ਤੱਕ ਅੰਤਿਮ ਸੰਸਕਾਰ ਨਾ ਕਰਨ ਦੀ ਗੱਲ ਕਹੀ ਹੈ।
ਤੱਥਾਂ ਦੇ ਆਧਾਰ ’ਤੇ ਹੋਵੇਗੀ ਕਾਰਵਾਈ: ਥਾਣਾ ਸਿਟੀ-2 ਦੇ ਇੰਚਾਰਜ ਅਕਲਪ੍ਰੀਤ ਸਿੰਘ ਨੇ ਦੱਸਿਆ ਕਿ ਚਾਰਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਬਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਪੋਸਟਮਾਰਟਮ ਰਿਪੋਰਟ ਮਿਲਣ ਤੋਂ ਬਾਅਦ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।