ਪੰਜਾਬ ਤੇ ਦੇਸ਼ ਦੇ ਤਰੱਕੀ ਲਈ ਕਿਸਾਨੀ ਨੂੰ ਮਜ਼ਬੂਤ ਕਰਨ ਦੀ ਲੋੜ : ਸੰਧਵਾ
ਖੇਤਰੀ ਖੋਜ ਕੇਂਦਰ ਵਿਖੇ ਕਿਸਾਨ ਮੇਲੇ ਦਾ ਆਯੋਜਨ
Publish Date: Tue, 17 Mar 2026 04:52 PM (IST)
Updated Date: Wed, 18 Mar 2026 04:07 AM (IST)

ਸਪੀਕਰ ਸੰਧਵਾਂ ਨੇ ਮੁੱਖ ਮਹਿਮਾਨ ਅਤੇ ਵਿਧਾਇਕ ਸੇਖੋਂ ਨੇ ਵਿਸ਼ੇਸ਼ ਮਹਿਮਾਨ ਵਜੋਂ ਕੀਤੀ ਸ਼ਿਰਕਤ ਕਿਸਾਨ ਖੇਤੀ ਦੇ ਨਾਲ ਨਾਲ ਐਗਰੀ ਬਿਜਨਸ ਵੱਲ ਵੀ ਕਿਸਾਨ ਆਪਣੇ ਕਦਮ ਵਧਾਉਣ : ਸਪੀਕਰ ਸੰਧਵਾਂ ਕਿਸਾਨਾਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਕਿਸਾਨ ਮੇਲੇ : ਸੇਖੋਂ ਹਰਪ੍ਰੀਤ ਸਿੰਘ ਚਾਨਾ, ਪੰਜਾਬੀ ਜਾਗਰਣ, ਫਰੀਦਕੋਟ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਤਰੀ ਖੋਜ ਕੇਂਦਰ ਫਰੀਦਕੋਟ ਵਿਖੇ ਖੇਤੀ ਵਿਭਿੰਨਤਾ ਅਪਣਾਏ, ਵਡਮੁੱਲਾ ਵਾਤਾਵਰਣ ਬਚਾਓ ਦੇ ਉਦੇਸ਼ ਨਾਲ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ, ਖੇਤੀ ਵਿਭਿੰਨਤਾ ਆਦਿ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਕੀਤਾ ਗਿਆ, ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਜਦੋਂ ਕਿ ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਅਤੇ ਡਾ. ਗੁਰਦੇਵ ਸਿੰਘ ਖੁਸ਼ ਅੰਤਰਰਾਸ਼ਟਰੀ ਝੋਨਾ ਵਿਗਿਆਨੀ, ਇੰਜੀਨੀਅਰ ਅਮਰਜੀਤ ਸਿੰਘ ਢਿੱਲੋਂ ਮੈਂਬਰ ਪ੍ਰਬੰਧਕੀ ਬੋਰਡ ਪੀ.ਏ.ਯੂ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮੇਲੇ ਦੀ ਪ੍ਰਧਾਨਗੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉੱਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੇ ਕੀਤੀ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਅਮਨਦੀਪ ਸਿੰਘ ਬਾਬਾ, ਮੁੱਖ ਖੇਤੀਬਾੜੀ ਅਫਸਰ ਡਾ. ਕੁਲਵੰਤ ਸਿੰਘ, ਪ੍ਰੋਜੈਕਟ ਡਾਇਰੈਕਟਰ ਆਤਮਾ ਡਾ. ਅਮਨਦੀਪ ਕੇਸ਼ਵ ਤੋਂ ਇਲਾਵਾ ਯੂਨੀਵਰਸਿਟੀ ਦੇ ਵੱਖ ਵੱਖ ਵਿਭਾਗਾਂ ਤੋਂ ਮੁੱਖੀ ਤੇ ਵਿਗਿਆਨੀ ਹਾਜ਼ਰ ਸਨ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਅਤੇ ਦੇਸ਼ ਦੀ ਤਰੱਕੀ ਲਈ ਸਾਨੂੰ ਕਿਸਾਨ ਤੇ ਕਿਸਾਨੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਿਸਟੀ ਲੁਧਿਆਣਾ ਵੱਕਾਰੀ ਸੰਸਥਾ ਹੈ ਜੋ ਕਿਸਾਨਾਂ ਦੀ ਹਰ ਖੇਤਰ ਵਿੱਚ ਅਗਵਾਈ ਕਰ ਰਹੀ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਦੁਨੀਆ ਦਾ ਸਭ ਤੋਂ ਉੱਤਮ ਕਿੱਤਾ ਖੇਤੀ ਨੂੰ ਮੰਨਿਆ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਦੇ ਨਾਲ ਨਾਲ ਐਗਰੀ ਬਿਜਨਸ ਵੱਲ ਵੀ ਆਪਣਾ ਕਦਮ ਵਧਾਉਣ ਤਾਂ ਜੋ ਪੰਜਾਬ ਨੂੰ ਹੋਰ ਤਰੱਕੀ ਵੱਲ ਲਿਜਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ੋਸ਼ਲ ਮੀਡੀਆ ਤੇ ਬਹੁਤ ਸਾਰੇ ਲੋਕ ਫਸਲਾਂ ਸਬੰਧੀ ਜਾਣਕਾਰੀ ਦੇ ਰਹੇ ਹਨ, ਪਰ ਉਨ੍ਹਾਂ ਨੂੰ ਪਾਸੇ ਰੱਖ ਕੇ ਪੀ.ਏ.ਯੂ ਦੇ ਖੇਤੀ ਮਾਹਿਰਾਂ ਦੀ ਸਲਾਹ ਲਈ ਜਾਵੇ। ਉਨ੍ਹਾਂ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਅਪਣਾ ਕੇ ਆਪਣੀ ਫਸਲ/ਉਪਜ ਦਾ ਪੂਰਾ ਮੁੱਲ ਲੈਣ ਲਈ ਖੇਤੀ ਅਧਾਰਿਤ ਲਘੂ ਉਦਯੋਗ ਸਥਾਪਿਤ ਕਰਨ ਦਾ ਵੀ ਸੱਦਾ ਦਿੰਦਿਆਂ ਕਿਹਾ ਕਿ ਇਸ ਕੰਮ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੇ ਪੰਜਾਬ ਸਰਕਾਰ ਕਿਸਾਨਾਂ ਦੀ ਰਹਿਨੁਮਾਈ ਤੇ ਹਰ ਤਰ੍ਹਾਂ ਦੀ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਿਹਨਤਕਸ਼ ਲੋਕਾਂ ਕਰਕੇ ਇਸ ਦਾ ਭਵਿੱਖ ਵੀ ਸੁਨਿਹਰੀ ਹੋਵੇਗਾ । ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੀਤੇ ਵਿਕਾਸ ਦੇ ਕੰਮਾਂ ਸਬੰਧੀ ਵੀ ਜਾਣਕਾਰੀ ਦਿੱਤੀ। ਵਿਧਾਇਕ ਗੁਰਦਿਤ ਸਿੰਘ ਸੇਖੋਂ ਨੇ ਇਸ ਮੌਕੇ ਕਿਹਾ ਕਿ ਕਿਸਾਨ ਮੇਲਿਆਂ ਰਾਹੀਂ ਕਿਸਾਨਾਂ ਨੂੰ ਖੇਤੀ ਸੰਬੰਧੀ ਵਿਗਿਆਨਕ ਤਰੀਕੇ, ਫਸਲਾਂ ਦੀ ਸੰਭਾਲ, ਜ਼ਰੂਰੀ ਖਾਦਾਂ, ਬੀਜਾਂ ਦੀ ਚੋਣ ਅਤੇ ਕੀੜੇ-ਮਕੌੜਿਆਂ ਤੋਂ ਬਚਾਅ ਬਾਰੇ ਵਿਸਥਾਰ ਨਾਲ ਜਾਣਕਾਰੀ ਮਿਲਦੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਹਰ ਸਾਲ ਵੱਡੇ ਪੱਧਰ ’ਤੇ ਕੀਤੇ ਜਾਣ ਵਾਲੇ ਕਿਸਾਨ ਮੇਲੇ ਕਿਸਾਨਾਂ ਲਈ ਇੱਕ ਮੰਚ ਵਜੋਂ ਕੰਮ ਕਰਦੇ ਹਨ, ਜੋ ਖੇਤੀ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਦਾ ਹੱਲ ਲੱਭਣ ਲਈ ਵੀ ਬਹੁਤ ਮੱਦਦਗਾਰ ਸਾਬਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਹੁਣ ਕਿਸਾਨ ਵੱਡੀ ਗਿਣਤੀ ਵਿੱਚ ਕਿਸਾਨ ਮੇਲਿਆਂ ਵਿੱਚ ਪਹੁੰਚ ਕੇ ਵਿਗਿਆਨੀਆਂ ਨਾਲ ਸੰਪਰਕ ਕਰਕੇ ਆਪਣੀ ਖੇਤੀ ਨੂੰ ਲਾਭਕਾਰੀ ਬਣਾ ਰਹੇ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੇ ਸਾਉਣੀ ਦੀਆਂ ਫਸਲਾਂ ਦੀਆਂ ਨਵੀਆਂ ਕਿਸਮਾਂ. ਖੇਤੀ ਬਾਰੇ ਤਕਨੀਕੀ ਨੁਕਤੇ, ਮੰਡੀਕਰਨ ਅਤੇ ਭਵਿੱਖ ਲਈ ਕੀਤੇ ਜਾ ਰਹੀ ਖੋਜ ਕਾਰਜਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ । ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਕਿਸਾਨਾਂ ਦੀਆਂ ਖੇਤੀ ਸਮੱਸਿਆਵਾਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਯੂਨੀਵਰਸਿਟੀ ਵੱਲੋਂ ਲਗਾਏ ਜਾਂਦੇ ਕਿਸਾਨ ਮੇਲੇ ਕਿਸਾਨਾਂ ਅਤੇ ਖੇਤੀ ਮਾਹਿਰਾਂ ਨੂੰ ਇੱਕ ਮੰਚ ’ਤੇ ਇੱਕਠੇ ਹੋਣ ਦਾ ਸੁਨਿਹਰੀ ਮੌਕਾ ਪ੍ਰਦਾਨ ਕਰਦੇ ਹਨ। ਇਸ ਮੌਕੇ ਡਾ. ਗੁਰਦੇਵ ਸਿੰਘ ਖੁਸ਼ ਨੇ ਪੀਏ.ਯੂ ਮਾਹਿਰਾਂ ਵੱਲੋਂ ਸਬਜ਼ੀਆਂ ਅਤੇ ਫਲਾਂ ਦੀਆਂ ਫਸਲਾਂ ’ਤੇ ਕੀਤੀ ਜਾ ਰਹੀ ਖੇਜ ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਨਾਲ ਖੇਤੀ ਵਿਭਿੰਨਤਾ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਕਿਸਾਨ ਜੋ ਖੇਤੀ ਕਰਕੇ ਆਪਣੀ ਜਿਣਸ ਬਾਹਰਲੇ ਮੁਲਕਾਂ ਵਿੱਚ ਭੇਜ ਰਹੇ ਹਨ ਜੇ ਉਹ ਖੁਦ ਇਸ ਨਾਲ ਆਪਣਾ ਬਿਜਨੈਸ ਕਰਨ ਤਾਂ ਇਸ ਦੇ ਨਾਲ ਜਿੱਥੇ ਉਨ੍ਹਾਂ ਨੂੰ ਬਹੁਤ ਮੁਨਾਫਾ ਮਿਲੇਗਾ, ਉੱਥੇ ਬੇਰੁਜਗਾਰਾਂ ਨੂੰ ਵੀ ਰੁਜ਼ਗਾਰ ਦੇ ਮੌਕੇ ਪ੍ਰਦਾਨ ਹੋਣਗੇ। ਇਸ ਮੌਕੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ, ਡਾ. ਤਰਸੇਮ ਸਿੰਘ ਢਿੱਲੋਂ ਅਪਰ ਨਿਰਦੇਸ਼ਕ ਪਸਾਰ ਸਿੱਖਿਆ, ਕੁਲਦੀਪ ਸਿੰਘ ਨਿਰਦੇਸ਼ਕ ਖੇਤਰੀ ਖੇਜ ਕੇਂਦਰ ਆਦਿ ਨੇ ਵੀ ਕਿਸਾਨਾਂ ਨਾਲ ਸਾਉਣੀ ਦੀਆਂ ਫਸਲਾਂ ਸਬੰਧੀ ਜਾਣਕਾਰੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਡਾ. ਤੇਜਿੰਦਰ ਸਿੰਘ ਰਿਆੜ ਅਪਰ ਨਿਰਦੇਸ਼ਕ ਸੰਚਾਰ ਪੀ.ਏ.ਯੂ ਨੇ ਨਿਭਾਈ। ਇਸ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਕਿਸਾਨਾਂ ਲਈ ਬੀਜ਼ ਤੇ ਸਬਜੀਆਂ ਦੇ ਸਟਾਲ ਵੀ ਲਗਾਏ ਗਏ।