ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਕਿਸਾਨਾਂ ਵੱਲੋਂ ਮਾਰਚ ਭਲਕੇ 10 ਅਗਸਤ ਨੂੰ ਜ਼ਿਲ੍ਹਾ ਅਤੇ ਤਹਿਸੀਲ ਪੱਧਰ ’ਤੇ ਕਿਸਾਨਾਂ ਵੱਲੋਂ ਮਾਰਚ : ਨਛੱਤਰ ਸਿੰਘ ਜੈਤੋ
Publish Date: Sat, 08 Aug 2026 04:54 PM (IST)
Updated Date: Sun, 09 Aug 2026 04:02 AM (IST)
1 ਸਤੰਬਰ ਤੋਂ ਚੰਡੀਗੜ੍ਹ ’ਚ ਐੱਸਕੇਐੱਮ ਦੇ ਸੱਦੇ ’ਤੇ ਅੱਠ ਦਿਨਾ ਪੱਕਾ ਮੋਰਚਾ ਲਾਉਣ ਦਾ ਐਲਾਨ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਦੀ ਪੰਜਾਬ ਪੱਧਰੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਨਾਨਕਸਰ ਸਾਹਿਬ, ਬਾਦਲ ਰੋਡ, ਗਿੱਦੜਬਹਾ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਕੁਲਵੀਰ ਸਿੰਘ ਨੇ ਕੀਤੀ। ਇਸ ਮੌਕੇ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਮੈਂਬਰ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਦੇ ਸੂਬਾ ਪ੍ਰਧਾਨ ਨਛੱਤਰ ਸਿੰਘ ਜੈਤੋ ਵਿਸ਼ੇਸ਼ ਤੌਰ ’ਤੇ ਪਹੁੰਚੇ। ਮੀਟਿੰਗ ਦੌਰਾਨ ਕਿਸਾਨੀ ਨਾਲ ਸਬੰਧਤ ਵੱਖ-ਵੱਖ ਭਖਦੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕਰਦਿਆਂ ਭਵਿੱਖ ਦੀਆਂ ਸੰਘਰਸ਼ਮਈ ਗਤੀਵਿਧੀਆਂ ਦੀ ਰੂਪ-ਰੇਖਾ ਤਿਆਰ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਨਛੱਤਰ ਸਿੰਘ ਜੈਤੋ ਨੇ ਕਿਹਾ ਕਿ ਕਿਸਾਨਾਂ ਅਤੇ ਆਮ ਲੋਕਾਂ ਨੂੰ ਕਾਰਪੋਰੇਟ ਘਰਾਣਿਆਂ ਦੀਆਂ ਨੀਤੀਆਂ ਤੇ ਕਿਸਾਨੀ ਨਾਲ ਸਬੰਧਤ ਮੁੱਦਿਆਂ ਪ੍ਰਤੀ ਜਾਗਰੂਕ ਕਰਨ ਲਈ 10 ਅਗਸਤ, ਦਿਨ ਸੋਮਵਾਰ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਤੇ ਤਹਿਸੀਲਾਂ ਵਿੱਚ ਮਾਰਚ ਕੱਢੇ ਜਾਣਗੇ। ਇਨ੍ਹਾਂ ਮਾਰਚਾਂ ਰਾਹੀਂ ‘ਕਾਰਪੋਰੇਟ ਭਜਾਓ, ਭਾਰਤ ਬਚਾਓ’ ਦਾ ਸੁਨੇਹਾ ਲੋਕਾਂ ਤੱਕ ਪਹੁੰਚਾਇਆ ਜਾਵੇਗਾ ਅਤੇ ਕਿਸਾਨਾਂ ਨੂੰ ਆਪਣੇ ਹੱਕਾਂ ਲਈ ਲਾਮਬੰਦ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 1 ਸਤੰਬਰ 2026 ਤੋਂ ਚੰਡੀਗੜ੍ਹ ਵਿਖੇ ਐੱਸਕੇਐੱਮ ਦੇ ਸੱਦੇ ’ਤੇ ਅੱਠ ਦਿਨਾਂ ਦਾ ਪੱਕਾ ਮੋਰਚਾ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੋਰਚੇ ਦੌਰਾਨ ਕਿਸਾਨਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਇਸ ਮੌਕੇ ਹਾਜ਼ਰ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਹੱਕਾਂ ਅਤੇ ਹਿੱਸੇਦਾਰੀ ਨਾਲ ਸਬੰਧਤ ਮੁੱਦਿਆਂ ’ਤੇ ਸਰਕਾਰ ਤੋਂ ਸਪੱਸ਼ਟ ਅਤੇ ਠੋਸ ਨੀਤੀ ਦੀ ਮੰਗ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਐੱਮਐੱਸਪੀ ਨੂੰ ਸੀ2 50 ਫ਼ੀਸਦੀ ਦੇ ਫਾਰਮੂਲੇ ਅਨੁਸਾਰ ਕਾਨੂੰਨੀ ਗਾਰੰਟੀ ਦੇਣ, ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨ, ਹੜ੍ਹਾਂ ਕਾਰਨ ਨੁਕਸਾਨੀਆਂ ਫ਼ਸਲਾਂ ਅਤੇ ਘਰਾਂ ਦਾ ਢੁੱਕਵਾਂ ਮੁਆਵਜ਼ਾ ਦੇਣ ਅਤੇ ਕਿਸਾਨਾਂ ’ਤੇ ਦਰਜ ਕੀਤੇ ਗਏ ਪਰਚੇ ਰੱਦ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਲੈਂਡ ਪੂਲਿੰਗ ਪਾਲਿਸੀ ਨੂੰ ਰੱਦ ਕਰਨ ਅਤੇ ਅਮਰੀਕਾ ਨਾਲ ਕੀਤੀ ਜਾ ਰਹੀ ਡੀਲ ਨੂੰ ਰੱਦ ਕਰਨ ਦੀ ਮੰਗ ਵੀ ਉਠਾਈ ਗਈ। ਇਸ ਮੌਕੇ ਸੂਬਾ ਪ੍ਰਧਾਨ ਨਛੱਤਰ ਸਿੰਘ ਜੈਤੋ ਨੇ ਕਿਹਾ ਕਿ ਕਿਸਾਨੀ ਅਤੇ ਪੰਜਾਬ ਦੇ ਹਿੱਤਾਂ ਨਾਲ ਜੁੜੇ ਇਨ੍ਹਾਂ ਮੁੱਦਿਆਂ ’ਤੇ ਸਰਕਾਰ ਵੱਲੋਂ ਗੰਭੀਰਤਾ ਨਾ ਦਿਖਾਏ ਜਾਣ ਕਾਰਨ ਕਿਸਾਨ ਜਥੇਬੰਦੀਆਂ ਨੂੰ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਵੱਡੀ ਗਿਣਤੀ ਵਿੱਚ ਜਥੇਬੰਦ ਹੋ ਕੇ ਆਉਣ ਵਾਲੇ ਸੰਘਰਸ਼ਾਂ ਵਿੱਚ ਸ਼ਮੂਲੀਅਤ ਕਰਨ ਦੀ ਪੁਰਜ਼ੋਰ ਅਪੀਲ ਕੀਤੀ। ਮੀਟਿੰਗ ਦੌਰਾਨ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਕੁਝ ਨਵੀਆਂ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ। ਸੁਖਜੀਤ ਸਿੰਘ ਵਿਰਕ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਮੀਤ ਪ੍ਰਧਾਨ, ਬਲਜਿੰਦਰ ਸਿੰਘ ਖਾਲਸਾ ਨੂੰ ਬਲਾਕ ਗਿੱਦੜਬਹਾ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ, ਜਦਕਿ ਜਗਸੀਤ ਸਿੰਘ ਦੌਲੇ ਨੂੰ ਪਿੰਡ ਇਕਾਈ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸ ਮੌਕੇ ਸਵਰਨ ਸਿੰਘ, ਸੁਪਿੰਦਰ ਸਿੰਘ, ਜਗਸੀਰ ਸਿੰਘ, ਕੁਲਬੀਰ ਸਿੰਘ, ਤਰਸੇਮ ਸਿੰਘ, ਹਰਨੇਕ ਸਿੰਘ, ਬਖਤੌਰ ਸਿੰਘ, ਸੁਖਮੰਦਰ ਸਿੰਘ ਢਿੱਲਵਾਂ, ਪੱਪੂ ਸਿੰਘ ਗਰੇਵਾਲ, ਮੋਹਕਮ ਸਿੰਘ, ਕੁਲਦੀਪ ਸਿੰਘ, ਗੁਰਮੀਤ ਸਿੰਘ, ਜਗਦੇਵ ਸਿੰਘ, ਸਾਹਿਬ ਸਿੰਘ, ਹੈਪੀ ਸਿੰਘ, ਮਲਕੀਤ ਸਿੰਘ, ਬਲਜਿੰਦਰ ਸਿੰਘ, ਜਗਸੀਰ ਸਿੰਘ, ਹਰਪ੍ਰੀਤ ਸਿੰਘ, ਗੁਰਸਾਹਿਬ ਸਿੰਘ, ਅਮਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਹਾਜ਼ਰ ਸਨ।