
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ 29 ਅਗਸਤ ਨੂੰ ਫਰੀਦਕੋਟ ਵਿੱਚ ਕੀਤੇ ਜਾਣ ਵਾਲੇ ਸੂਬਾ ਪੱਧਰੀ ਪ੍ਰਦਰਸ਼ਨ ਤੋਂ ਪਹਿਲਾਂ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਸਮੇਤ 194 ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ।

ਵਿਕਾਸ ਕੁਮਾਰ ਗਰਗ, ਪੰਜਾਬੀ ਜਾਗਰਣ, ਫਰੀਦਕੋਟ : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ 29 ਅਗਸਤ ਨੂੰ ਫਰੀਦਕੋਟ ਵਿੱਚ ਕੀਤੇ ਜਾਣ ਵਾਲੇ ਸੂਬਾ ਪੱਧਰੀ ਪ੍ਰਦਰਸ਼ਨ ਤੋਂ ਪਹਿਲਾਂ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਸਮੇਤ 194 ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ। ਬਾਅਦ ਵਿੱਚ ਸਾਰਿਆਂ ਨੂੰ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ।ਇਨ੍ਹਾਂ ਵਿੱਚੋਂ 145 ਕਿਸਾਨਾਂ ਨੂੰ ਫਰੀਦਕੋਟ ਜੇਲ੍ਹ ਅਤੇ 49 ਨੂੰ ਬਠਿੰਡਾ ਜੇਲ੍ਹ ਭੇਜਿਆ ਗਿਆ ਹੈ।
ਹਿਰਾਸਤ ਵਿੱਚ ਲਏ ਗਏ ਕਿਸਾਨਾਂ ਵਿੱਚ ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ, ਪ੍ਰਦੇਸ਼ ਉਪ-ਪ੍ਰਧਾਨ ਜਸਵੀਰ ਸਿੰਘ ਸਿੱਧੂਪੁਰ, ਮੁਕਤਸਰ ਦੇ ਜ਼ਿਲ੍ਹਾ ਪ੍ਰਧਾਨ ਬੇਅੰਤ ਸਿੰਘ ਦੋਦਾ ਅਤੇ ਫਾਜ਼ਿਲਕਾ ਦੇ ਜ਼ਿਲ੍ਹਾ ਜਨਰਲ ਸਕੱਤਰ ਲਖਵਿੰਦਰ ਸਿੰਘ ਸਮੇਤ ਹੋਰ ਕਿਸਾਨ ਆਗੂ ਸ਼ਾਮਲ ਹਨ। ਕਿਸਾਨ ਜਥੇਬੰਦੀ ਵੱਲੋਂ ਪਿਛਲੇ ਕਰੀਬ ਪੰਜ ਮਹੀਨਿਆਂ ਤੋਂ ਲੈਂਡ ਮਾਰਗੇਜ ਬੈਂਕ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ।
ਓਟੀਐੱਸ ਸਕੀਮ ਲਾਗੂ ਕਰਨ ਦੀ ਮੰਗ
ਕਿਸਾਨਾਂ ਦੀਆਂ ਮੁੱਖ ਮੰਗਾਂ ਵਿੱਚ ਓਟੀਐੱਸ ਸਕੀਮ ਲਾਗੂ ਕਰਨਾ, ਕਿਸਾਨਾਂ ਤੋਂ ਲਏ ਖਾਲੀ ਚੈੱਕ ਵਾਪਸ ਕਰਨਾ ਅਤੇ ਹੋਰ ਮੰਗਾਂ ਸ਼ਾਮਲ ਹਨ। ਜਥੇਬੰਦੀ ਨੇ ਮੰਗਾਂ ਦਾ ਹੱਲ ਨਾ ਹੋਣ ’ਤੇ 29 ਅਗਸਤ ਨੂੰ ਫਰੀਦਕੋਟ ਵਿੱਚ ਸੂਬਾ ਪੱਧਰੀ ਪ੍ਰਦਰਸ਼ਨ ਕਰਨ ਦੇ ਨਾਲ ਸੜਕਾਂ ਅਤੇ ਰੇਲਵੇ ਟਰੈਕ ਜਾਮ ਕਰਨ ਦੀ ਚਿਤਾਵਨੀ ਦਿੱਤੀ ਸੀ। ਇਸ ਤੋਂ ਪਹਿਲਾਂ ਹੀ ਪੁਲਿਸ ਨੇ ਪ੍ਰਦਰਸ਼ਨ ਦੀ ਤਿਆਰੀ ਕਰ ਰਹੇ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਦੇਰ ਰਾਤ ਕਾਨੂੰਨੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ।
ਸਰਕਾਰ ਖ਼ਿਲਾਫ਼ ਜੇਲ੍ਹ ਭਰੋ ਅੰਦੋਲਨ
ਪੁਲਿਸ ਕਾਰਵਾਈ ਤੋਂ ਬਾਅਦ ਬੀਕੇਯੂ ਏਕਤਾ ਸਿੱਧੂਪੁਰ ਨੇ ਸਰਕਾਰ ਖ਼ਿਲਾਫ਼ ਜੇਲ੍ਹ ਭਰੋ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਧਾਲੀਵਾਲ ਨੇ ਕਿਹਾ ਕਿ ਸਰਕਾਰ ਦੀ ਕਥਿਤ ਦਮਨਕਾਰੀ ਨੀਤੀ ਦੇ ਵਿਰੋਧ ਵਿੱਚ ਹੁਣ ਹਰ ਰੋਜ਼ ਕਿਸਾਨ ਜਥਿਆਂ ਦੇ ਰੂਪ ਵਿੱਚ ਫਰੀਦਕੋਟ ਪਹੁੰਚ ਕੇ ਗ੍ਰਿਫ਼ਤਾਰੀਆਂ ਦੇਣਗੇ।
21 ਕਿਸਾਨਾਂ ਨੇ ਦਿੱਤੀ ਗ੍ਰਿਫ਼ਤਾਰੀ
ਇਸੇ ਲੜੀ ਤਹਿਤ ਬੀਕੇਯੂ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਿੰਘ ਘਣੀਆਂ ਦੀ ਅਗਵਾਈ ਵਿੱਚ ਕਿਸਾਨਾਂ ਨੇ ਧਰਨਾ ਸਥਾਨ ਤੋਂ ਐੱਸਡੀਐੱਮ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਡੀਸੀ ਦਫ਼ਤਰ ਵਿਖੇ 21 ਕਿਸਾਨਾਂ ਨੇ ਆਪਣੀਆਂ ਗ੍ਰਿਫ਼ਤਾਰੀਆਂ ਦਿੱਤੀਆਂ। ਇੰਦਰਜੀਤ ਸਿੰਘ ਘਣੀਆਂ ਨੇ ਕਿਹਾ ਕਿ ਸਰਕਾਰ ਤੁਰੰਤ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਇਨਸਾਫ ਦੇਵੇ ਅਤੇ ਕਿਸਾਨਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰੇ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਮੰਗਾਂ ਦਾ ਹੱਲ ਨਾ ਹੋਣ ਤੱਕ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।