- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਸਕੂਲਾਂ ਦੇ ਸਫ਼ਾਈ ਸੇਵਕਾਂ ਤੇ ਚੌਕੀਦਾਰਾਂ ਨੇ ਮਿਹਨਤਾਨਾ ਵਧਾਉਣ ਅਤੇ ਹੱਕ ਦੇਣ ਦੀ ਕੀਤੀ ਮੰਗ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਤਾਇਨਾਤ ਸਫ਼ਾਈ ਸੇਵਕਾਂ ਅਤੇ ਚੌਕੀਦਾਰਾਂ ਨੇ ਆਪਣੇ ਹੱਕਾਂ ਦੀ ਰਾਖੀ, ਮਿਹਨਤਾਨੇ ਵਿੱਚ ਵਾਧਾ ਕਰਨ ਅਤੇ ਯੋਗਤਾ ਦੇ ਆਧਾਰ ’ਤੇ ਤਰੱਕੀ ਦੇ ਮੌਕੇ ਦੇਣ ਦੀ ਮੰਗ ਕੀਤੀ ਹੈ। ਇਸ ਸਬੰਧੀ ਬਲਾਕ ਜੈਤੋ ਵਿਖੇ ਸਫ਼ਾਈ ਸੇਵਕਾਂ ਅਤੇ ਚੌਕੀਦਾਰਾਂ ਦੀ ਮੀਟਿੰਗ ਹੋਈ, ਜਿਸ ਵਿੱਚ ਮੁਲਾਜ਼ਮਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਯੂਨੀਅਨ ਦੇ ਬਲਾਕ ਪ੍ਰਧਾਨ ਸਰਬਜੀਤ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਸਫ਼ਾਈ ਸੇਵਕਾਂ ਨੂੰ ਮਹਿਜ਼ 1,000 ਰੁਪਏ ਮਹੀਨਾਵਾਰ ਮਿਹਨਤਾਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਅਨੁਸਾਰ, ਛੁੱਟੀਆਂ ਵਾਲੇ ਦਿਨਾਂ ਦੀ ਰਕਮ ਕੱਟੇ ਜਾਣ ਕਾਰਨ ਕਈ ਵਾਰ ਇਹ ਮਿਹਨਤਾਨਾ ਹੋਰ ਵੀ ਘੱਟ ਰਹਿ ਜਾਂਦਾ ਹੈ। ਉਨ੍ਹਾਂ ਸਵਾਲ ਉਠਾਇਆ ਕਿ ਮੌਜੂਦਾ ਮਹਿੰਗਾਈ ਦੇ ਦੌਰ ਵਿੱਚ ਇੰਨੀ ਨਿਗੂਣੀ ਰਕਮ ਨਾਲ ਮੁਲਾਜ਼ਮ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਿਵੇਂ ਕਰ ਸਕਦੇ ਹਨ। ਸਰਬਜੀਤ ਸਿੰਘ ਨੇ ਕਿਹਾ ਕਿ ਸਕੂਲਾਂ ਵਿੱਚ ਸਫ਼ਾਈ ਸੇਵਕਾਂ ਦੀ ਗਿਣਤੀ ਘੱਟ ਹੋਣ ਕਾਰਨ ਉਨ੍ਹਾਂ ’ਤੇ ਕੰਮ ਦਾ ਵਾਧੂ ਬੋਝ ਪੈ ਰਿਹਾ ਹੈ। ਬੱਚਿਆਂ ਦੀ ਗਿਣਤੀ ਵਧਣ ਨਾਲ ਸਕੂਲਾਂ ਵਿੱਚ ਸਫ਼ਾਈ ਦੇ ਕੰਮ ਵਿੱਚ ਵੀ ਵਾਧਾ ਹੋਇਆ ਹੈ, ਪਰ ਇਸ ਦੇ ਬਾਵਜੂਦ ਮੁਲਾਜ਼ਮਾਂ ਦੇ ਮਿਹਨਤਾਨੇ ਵਿੱਚ ਢੁੱਕਵਾਂ ਵਾਧਾ ਨਹੀਂ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਮੁਲਾਜ਼ਮਾਂ ਤੋਂ ਲਏ ਜਾਂਦੇ ਕੰਮ ਦੇ ਅਨੁਸਾਰ ਉਨ੍ਹਾਂ ਨੂੰ ਉਚਿਤ ਮਿਹਨਤਾਨਾ ਦਿੱਤਾ ਜਾਵੇ ਅਤੇ ਛੁੱਟੀਆਂ ਦੇ ਨਾਂ ’ਤੇ ਉਨ੍ਹਾਂ ਦੀ ਰਕਮ ਨਾ ਕੱਟੀ ਜਾਵੇ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾਂ ਅਤੇ ਚੌਕੀਦਾਰਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਰਕਾਰ ਅਤੇ ਸਿੱਖਿਆ ਵਿਭਾਗ ਨੂੰ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਕਮੇਟੀ ਦੇ ਗਠਨ ਤੋਂ ਬਾਅਦ ਯੋਗਤਾ ਰੱਖਣ ਵਾਲੇ ਸਫ਼ਾਈ ਕਰਮਚਾਰੀਆਂ ਨੂੰ ਤਰੱਕੀ ਦੇਣ ਲਈ ਢੁੱਕਵੇਂ ਕਦਮ ਚੁੱਕੇ ਜਾਣ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਆਵਾਜ਼ ਸਿਰਫ਼ ਸਕੂਲਾਂ ਦੇ ਸਫ਼ਾਈ ਸੇਵਕਾਂ ਤੱਕ ਸੀਮਤ ਨਹੀਂ ਹੈ, ਸਗੋਂ ਉਹ ਹੋਰਨਾਂ ਵਿਭਾਗਾਂ ਵਿੱਚ ਕੰਮ ਕਰਦੇ ਦਰਜਾ ਚਾਰ ਮੁਲਾਜ਼ਮਾਂ ਦੇ ਹੱਕਾਂ ਦੀ ਹਮਾਇਤ ਵੀ ਕਰਦੇ ਹਨ। ਮੀਟਿੰਗ ਵਿੱਚ ਕੁਲਦੀਪ ਸਿੰਘ ਚੌਕੀਦਾਰ, ਵਿਰਪਾਲ ਕੌਰ ਛੰਨਾ ਸਫ਼ਾਈ ਸੇਵਕ, ਜਗਤਾਰ ਸਿੰਘ, ਸੁਖਪ੍ਰੀਤ ਕੌਰ ਰਾਮਸਰ, ਗੁਰਦੀਪ ਕੌਰ ਢੈਪਈ ਸਮੇਤ ਹੋਰ ਸਾਥੀ ਹਾਜ਼ਰ ਸਨ। ਉਨ੍ਹਾਂ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।