- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
।ਵਿਸ਼ਵ ਹਿਰਦਾ ਦਿਵਸ ਮੌਕੇ ਨਰਸਿੰਗ ਵਿਦਿਆਰਥੀਆਂ ਨੇ ਦਿੱਤਾ ਸਿਹਤਮੰਦ ਜੀਵਨ ਦਾ ਸੁਨੇਹਾ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਕੰਨਸਟੀਚਿਊਟ ਕਾਲਜ ਯੂਨੀਵਰਸਿਟੀ ਕਾਲਜ ਆਫ਼ ਨਰਸਿੰਗ ਵੱਲੋਂ ਐਨ.ਐੱਸ.ਐੱਸ. ਯੂਨਿਟ ਦੇ ਸਹਿਯੋਗ ਨਾਲ ਵਿਸ਼ਵ ਹਿਰਦਾ ਦਿਵਸ ਮੌਕੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਨਰਸਿੰਗ ਵਿਦਿਆਰਥੀਆਂ ਨੇ ਰੋਲ ਪਲੇਅ ਅਤੇ ਸਿਹਤ ਜਾਗਰੂਕਤਾ ਭਾਸ਼ਣਾਂ ਰਾਹੀਂ ਲੋਕਾਂ ਨੂੰ ਦਿਲ ਦੀ ਸਿਹਤ ਪ੍ਰਤੀ ਸੁਚੇਤ ਕੀਤਾ। ਸਮਾਗਮ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ. ਰਾਜਿੰਦਰ ਕੁਮਾਰ ਬਾਂਸਲ ਦੀ ਰਹਿਨੁਮਾਈ ਅਤੇ ਕਾਲਜ ਦੀ ਪ੍ਰਿੰਸੀਪਲ ਡਾ. ਹਰਦੀਪ ਕੌਰ ਮੱਲ ਦੀ ਅਗਵਾਈ ਹੇਠ ਕਰਵਾਇਆ ਗਿਆ। ਜੀ.ਜੀ.ਐੱਸ. ਓ.ਪੀ.ਡੀ. ਵਿਖੇ ਹੋਏ ਇਸ ਪ੍ਰੋਗਰਾਮ ਦੌਰਾਨ ਫੈਕਲਟੀ ਮੈਂਬਰ ਹਰਪ੍ਰੀਤ ਕੌਰ ਅਤੇ ਜੈਸਮੀਨ ਕੌਰ ਦੀ ਦੇਖ-ਰੇਖ ਹੇਠ ਬੀ.ਐੱਸ.ਸੀ. ਨਰਸਿੰਗ ਦੂਜੇ ਸਮੈਸਟਰ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਨੇ ਰੋਲ ਪਲੇਅ ਰਾਹੀਂ ਦਿਲ ਦੀਆਂ ਬਿਮਾਰੀਆਂ ਦੇ ਕਾਰਨਾਂ, ਬਚਾਅ ਦੇ ਤਰੀਕਿਆਂ ਅਤੇ ਰੋਜ਼ਾਨਾ ਜੀਵਨ ਵਿੱਚ ਸਿਹਤਮੰਦ ਆਦਤਾਂ ਅਪਣਾਉਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਸੰਤੁਲਿਤ ਖੁਰਾਕ, ਨਿਯਮਿਤ ਕਸਰਤ ਅਤੇ ਸਿਹਤਮੰਦ ਜੀਵਨਸ਼ੈਲੀ ਦਿਲ ਨੂੰ ਤੰਦਰੁਸਤ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਸਿਹਤ ਜਾਗਰੂਕਤਾ ਭਾਸ਼ਣਾਂ ਦੌਰਾਨ ਲੋਕਾਂ ਨੂੰ ਦਿਲ ਦੀਆਂ ਬਿਮਾਰੀਆਂ ਨਾਲ ਜੁੜੇ ਜੋਖਮ ਕਾਰਕਾਂ ਬਾਰੇ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੇ ਸਿਹਤ ਦੀ ਸਮੇਂ-ਸਮੇਂ ’ਤੇ ਜਾਂਚ ਕਰਵਾਉਣ ਅਤੇ ਰੋਜ਼ਾਨਾ ਜੀਵਨ ਵਿੱਚ ਸਿਹਤਮੰਦ ਰੁਟੀਨ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਨੂੰ ਸਫ਼ਲ ਬਣਾਉਣ ਵਿੱਚ ਐਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਹਰਮੀਤ ਕੌਰ ਅਤੇ ਰਮਨਦੀਪ ਕੌਰ ਨੇ ਸਰਗਰਮ ਭੂਮਿਕਾ ਨਿਭਾਈ। ਪ੍ਰੋਗਰਾਮ ਦਾ ਮੁੱਖ ਉਦੇਸ਼ ਲੋਕਾਂ ਨੂੰ ਦਿਲ ਦੀ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦਾ ਸੁਨੇਹਾ ਦੇਣਾ ਸੀ।