- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਲਾਜ਼ਮਾਂ ਦੇ ਸੰਘਰਸ਼ ਦੀ ਤਿਆਰੀ: 10 ਅਕਤੂਬਰ ਨੂੰ ਸੰਗਰੂਰ ਰੈਲੀ ’ਚ ਫ਼ਰੀਦਕੋਟ ਤੋਂ ਵੱਡੀ ਗਿਣਤੀ ’ਚ ਪਹੁੰਚਣਗੇ ਮੁਲਾਜ਼ਮ ਤੇ ਪੈਨਸ਼ਨਰ

ਜਗਮੀਤ ਸਿੰਘ ਪੰਜਾਬੀ ਜਾਗਰਣ ਫ਼ਰੀਦਕੋਟ : ਪੰਜਾਬ ਦੇ ਮੁਲਾਜ਼ਮਾਂ, ਅਧਿਆਪਕਾਂ, ਸਕੀਮ ਵਰਕਰਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦੀ ਰਣਨੀਤੀ ਉਲੀਕਦਿਆਂ ਜ਼ਿਲ੍ਹਾ ਫ਼ਰੀਦਕੋਟ ਦੀਆਂ ਵੱਖ-ਵੱਖ ਜਥੇਬੰਦੀਆਂ ਨੇ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਸੂਬਾਈ ਮਹਾਂ ਰੈਲੀ ਵਿੱਚ ਵੱਡੀ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਸਰਕਾਰੀ ਕੰਮਕਾਜ ਠੱਪ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ। ਇਹ ਫ਼ੈਸਲਾ ਸਥਾਨਕ ਪੈਨਸ਼ਨਰਜ਼ ਭਵਨ ਵਿਖੇ ਸਾਂਝੀ ਤਾਲਮੇਲ ਕਮੇਟੀ ਪੰਜਾਬ, ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੀ ਜ਼ਿਲ੍ਹਾ ਇਕਾਈ ਦੇ ਆਗੂਆਂ ਦੀ ਮੀਟਿੰਗ ਦੌਰਾਨ ਲਿਆ ਗਿਆ। ਮੀਟਿੰਗ ਦੀ ਪ੍ਰਧਾਨਗੀ ਪਾਵਰਕੌਮ ਪੈਨਸ਼ਨਰ ਆਗੂ ਬਲਵਿੰਦਰ ਰਾਮ ਸ਼ਰਮਾ ਨੇ ਕੀਤੀ। ਇਸ ਦੌਰਾਨ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਸਕੀਮ ਵਰਕਰਾਂ ਦੇ ਵੱਖ-ਵੱਖ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕਰਦਿਆਂ ਸਰਕਾਰ ਤੋਂ ਮੰਗਾਂ ਦਾ ਤੁਰੰਤ ਨਿਪਟਾਰਾ ਕਰਨ ਦੀ ਮੰਗ ਕੀਤੀ ਗਈ। ਮੀਟਿੰਗ ਵਿੱਚ ਆਗੂਆਂ ਨੇ 18 ਫ਼ੀਸਦੀ ਡੀ.ਏ. ਦੀ ਅਦਾਇਗੀ ਕੇਂਦਰੀ ਪੈਟਰਨ ਅਨੁਸਾਰ ਕਰਨ, ਕੱਚੇ ਅਤੇ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਪੂਰੀ ਤਨਖਾਹ ਤੇ ਭੱਤਿਆਂ ਸਮੇਤ ਰੈਗੂਲਰ ਕਰਨ ਅਤੇ ਆਸ਼ਾ ਵਰਕਰਾਂ, ਮਿਡ-ਡੇ ਮੀਲ ਵਰਕਰਾਂ ਤੇ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ ਉਜਰਤ ਕਾਨੂੰਨ ਲਾਗੂ ਕਰਨ ਦੀ ਮੰਗ ਉਠਾਈ। ਇਸ ਤੋਂ ਇਲਾਵਾ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਲਾਗੂ ਕਰਨ ਅਤੇ 15 ਜਨਵਰੀ 2015 ਤੇ 17 ਜੁਲਾਈ 2020 ਦੇ ਪੱਤਰ ਰੱਦ ਕਰਨ ਦੀ ਮੰਗ ਕੀਤੀ ਗਈ। ਆਗੂਆਂ ਨੇ ਇਹ ਵੀ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਅਦਾਲਤਾਂ ਵੱਲੋਂ ਸੁਣਾਏ ਗਏ ਫ਼ੈਸਲਿਆਂ ਨੂੰ ਬਿਨਾਂ ਦੇਰੀ ਲਾਗੂ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ 10 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸ਼ਹਿਰ ਸੰਗਰੂਰ ਵਿਖੇ ਹੋਣ ਵਾਲੀ ਸੂਬਾਈ ਰੈਲੀ ਵਿੱਚ ਫ਼ਰੀਦਕੋਟ ਜ਼ਿਲ੍ਹੇ ਤੋਂ ਸਕੀਮ ਵਰਕਰਾਂ, ਅਧਿਆਪਕਾਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਅਨੁਸਾਰ ਰੈਲੀ ਰਾਹੀਂ ਸਰਕਾਰ ਦਾ ਧਿਆਨ ਮੁਲਾਜ਼ਮ ਵਰਗ ਦੀਆਂ ਮੰਗਾਂ ਅਤੇ ਦਰਪੇਸ਼ ਸਮੱਸਿਆਵਾਂ ਵੱਲ ਖਿੱਚਿਆ ਜਾਵੇਗਾ। ਮੀਟਿੰਗ ਵਿੱਚ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਸਰਕਾਰੀ ਕੰਮਕਾਜ ਬੰਦ ਕਰਨ ਦੇ ਸੱਦੇ ਨੂੰ ਲਾਗੂ ਕਰਨ ਲਈ ਵੀ ਵਿਚਾਰ ਕੀਤਾ ਗਿਆ। ਆਗੂਆਂ ਨੇ ਸਪੱਸ਼ਟ ਕੀਤਾ ਕਿ ਮੰਗਾਂ ਦਾ ਹੱਲ ਨਾ ਹੋਣ ਦੀ ਸੂਰਤ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਮੀਟਿੰਗ ਨੂੰ ਬਿਕਰਮਜੀਤ ਸਿੰਘ ਢਿੱਲੋਂ, ਜਤਿੰਦਰ ਕੁਮਾਰ, ਸਿਮਰਜੀਤ ਸਿੰਘ ਬਰਾੜ, ਪ੍ਰੇਮ ਚਾਵਲਾ, ਇੰਦਰਜੀਤ ਸਿੰਘ ਖੀਵਾ, ਕੁਲਵੰਤ ਸਿੰਘ ਚਾਨੀ, ਇਕਬਾਲ ਸਿੰਘ ਰਣ ਸਿੰਘ ਵਾਲਾ, ਗਗਨ ਪਾਹਵਾ, ਧਰਮਿੰਦਰ ਸਿੰਘ, ਜੀਤੇਂਦਰ ਕੁਮਾਰ ਹੰਸ, ਸਰਬਜੀਤ ਕੌਰ ਮਚਾਕੀ, ਇੰਦਰਜੀਤ ਸਿੰਘ ਗਿੱਲ, ਪ੍ਰਿੰਸੀਪਲ ਕ੍ਰਿਸ਼ਨ ਲਾਲ, ਵਰਿੰਦਰ ਅਮਰ, ਮਨਦੀਪ ਸਿੰਘ ਕਪੂਰ, ਨਰਿੰਦਰ ਕੁਮਾਰ, ਯੋਗਿੰਦਰ ਸਿੰਘ, ਬਖਸ਼ਿੰਦਰਜੀਤ ਸਿੰਘ, ਗੁਰਜੰਟ ਸਿੰਘ, ਅਮਨਦੀਪ ਸਿੰਘ, ਅਮਰਜੀਤ ਸਿੰਘ ਵਾਲੀਆ ਅਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ।