- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਰੋਨਾਂ ਦੀ ਰੌਸ਼ਨੀ ’ਚ ਗੂੰਜਿਆ ਸ੍ਰੀ ਗੁਰੂ ਰਵਿਦਾਸ ਜੀ ਦਾ ਬਰਾਬਰੀ ਤੇ ਸਾਂਝੀਵਾਲਤਾ ਦਾ ਸੰਦੇਸ਼

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਗਿਆ ਡਰੋਨ ਸ਼ੋਅ ਸ਼ਰਧਾ, ਤਕਨੀਕ ਅਤੇ ਰੂਹਾਨੀਅਤ ਦਾ ਸੁਮੇਲ ਬਣਿਆ। ਅਸਮਾਨ ਵਿੱਚ ਰੌਸ਼ਨੀਆਂ ਨਾਲ ਉਭਰਦੀਆਂ ਵੱਖ-ਵੱਖ ਆਕ੍ਰਿਤੀਆਂ ਰਾਹੀਂ ਗੁਰੂ ਜੀ ਦੇ ਜੀਵਨ, ਫਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਪੇਸ਼ ਕੀਤਾ ਗਿਆ। ਇਸ ਵਿਲੱਖਣ ਨਜ਼ਾਰੇ ਨੂੰ ਦੇਖਣ ਲਈ ਵੱਡੀ ਗਿਣਤੀ ਵਿੱਚ ਸੰਗਤਾਂ ਪਹੁੰਚੀਆਂ ਅਤੇ ਉਨ੍ਹਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਸਮਾਗਮ ਦਾ ਆਨੰਦ ਮਾਣਿਆ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਹੋਏ ਇਸ ਆਯੋਜਨ ਵਿੱਚ ਡਰੋਨਾਂ ਰਾਹੀਂ ਗੁਰੂ ਜੀ ਦੇ ਬਰਾਬਰੀ, ਮਨੁੱਖੀ ਸਨਮਾਨ, ਸਮਾਜਿਕ ਨਿਆਂ ਅਤੇ ਭਾਈਚਾਰਕ ਸਾਂਝ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਗਿਆ। ਸਮਾਗਮ ਦੌਰਾਨ ਸੁਰਿੰਦਰ ਸਿੰਘ ਪਾਰਸ ਦੇ ਢਾਡੀ ਜਥੇ ਨੇ ਢਾਡੀ ਵਾਰਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਬਿਆਨ ਕੀਤਾ। ਗੁਰਬਾਣੀ ਦੇ ਗਾਇਨ ਅਤੇ ਅਸਮਾਨ ਵਿੱਚ ਚਮਕਦੀਆਂ ਰੌਸ਼ਨੀਆਂ ਨੇ ਸਮਾਗਮ ਦੇ ਮਾਹੌਲ ਨੂੰ ਰੂਹਾਨੀ ਰੰਗਤ ਦਿੱਤੀ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਵੱਡੀ ਸ਼ਮੂਲੀਅਤ ਗੁਰੂ ਜੀ ਪ੍ਰਤੀ ਲੋਕਾਂ ਦੀ ਡੂੰਘੀ ਆਸਥਾ ਨੂੰ ਦਰਸਾਉਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਪਾਵਨ ਦਿਹਾੜੇ ਨੂੰ ਸਮਰਪਿਤ ਪੰਜਾਬ ਭਰ ਵਿੱਚ ਚਾਰ ਵਿਸ਼ਾਲ ਨਗਰ ਕੀਰਤਨ ਕੱਢੇ ਜਾਣਗੇ, ਜਿਨ੍ਹਾਂ ਵਿੱਚੋਂ ਇੱਕ ਨਗਰ ਕੀਰਤਨ ਫ਼ਰੀਦਕੋਟ ਤੋਂ ਸਜਾਇਆ ਜਾਵੇਗਾ। ਉਨ੍ਹਾਂ ਬੱਚਿਆਂ, ਨੌਜਵਾਨਾਂ ਅਤੇ ਬਜ਼ੁਰਗਾਂ ਸਮੇਤ ਸਮੂਹ ਸੰਗਤ ਨੂੰ ਇਨ੍ਹਾਂ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਜੀਵਨ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਸਾਂਝੀਵਾਲਤਾ ਅਤੇ ਮਨੁੱਖੀ ਸਨਮਾਨ ਨਾਲ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੰਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਗਮ ਦੌਰਾਨ ਸੰਗਤਾਂ ਦੀ ਸਹੂਲਤ, ਸੁਰੱਖਿਆ ਅਤੇ ਆਵਾਜਾਈ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਸਨ। ਸੰਗਤਾਂ ਲਈ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ। ਇਸ ਮੌਕੇ ਲੰਗਰ ਕਮੇਟੀ ਮਾਤਾ ਖੀਵੀ ਜੀ, ਸਫ਼ਾਈ ਕਮੇਟੀ ਅਤੇ ਜੋੜਾ ਘਰ ਕਮੇਟੀ ਨੂੰ ਸਨਮਾਨਿਤ ਕੀਤਾ ਗਿਆ। ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਡਰੋਨ ਸ਼ੋਅ ਰਾਹੀਂ ਗੁਰੂ ਜੀ ਦੇ ਸਦੀਵੀ ਸੰਦੇਸ਼ ਨੂੰ ਆਧੁਨਿਕ ਤਕਨੀਕ ਦੇ ਮਾਧਿਅਮ ਨਾਲ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਯਤਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਵਿੱਚ ਬਰਾਬਰੀ, ਦਇਆ, ਸਮਾਜਿਕ ਨਿਆਂ ਅਤੇ ਆਪਸੀ ਸਤਿਕਾਰ ਦੀ ਮਹੱਤਤਾ ਨੂੰ ਉਜਾਗਰ ਕਰਦੀਆਂ ਹਨ। ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਧਰਮਪਤਨੀ ਬੇਅੰਤ ਕੌਰ ਸੇਖੋਂ, ਜ਼ਿਲ੍ਹਾ ਪਰਿਸ਼ਦ ਦੀ ਚੇਅਰਪਰਸਨ ਵੀਰਪਾਲ ਕੌਰ, ਅਨਮੋਲ ਸਿੰਘ ਸੇਖੋਂ, ਪੰਜਾਬ ਦੇ ਸੂਚਨਾ ਕਮਿਸ਼ਨਰ ਸੰਦੀਪ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਦੀਪ ਮਲਹੋਤਰਾ, ਮਾਰਕੀਟ ਕਮੇਟੀ ਦੇ ਚੇਅਰਮੈਨ ਅਮਨਦੀਪ ਸਿੰਘ ਬਾਬਾ, ਐੱਸ.ਡੀ.ਐੱਮ. ਪੁਨੀਤ ਸ਼ਰਮਾ, ਨਾਇਬ ਤਹਿਸੀਲਦਾਰ ਹਰਸ਼ਦੀਪ ਗੋਇਲ, ਨਗਰ ਕੌਂਸਲ ਦੇ ਪ੍ਰਧਾਨ ਬਲਜਿੰਦਰ ਸਿੰਘ ਆਹੂਜਾ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।