- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝੋਨੇ ਦੀ ਖਰੀਦ ਲਈ ਪ੍ਰਸ਼ਾਸਨ ਨੇ ਖਿੱਚੀ ਤਿਆਰੀ, ਮੰਡੀਆਂ ’ਚ ਕਿਸਾਨਾਂ ਨੂੰ ਸਹੂਲਤਾਂ ਦੇਣ ਦੇ ਨਿਰਦੇਸ਼

ਜਗਮੀਤ ਸਿੰਘ ਪੰਜਾਬੀ ਜਾਗਰਣ ਫ਼ਰੀਦਕੋਟ : ਝੋਨੇ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਾ ਆਵੇ, ਇਸ ਲਈ ਫ਼ਰੀਦਕੋਟ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖਰੀਦ ਏਜੰਸੀਆਂ, ਆੜ੍ਹਤੀਆਂ, ਰਾਈਸ ਮਿੱਲਰਾਂ, ਮਜ਼ਦੂਰਾਂ ਅਤੇ ਟਰਾਂਸਪੋਰਟਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਰੀਦ, ਲਿਫਟਿੰਗ ਅਤੇ ਢੋਆ-ਢੁਆਈ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਹੋਣੀ ਚਾਹੀਦੀ। ਇਸ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਮੰਡੀਆਂ ਵਿੱਚ ਫ਼ਸਲ ਦੀ ਆਮਦ ਤੋਂ ਲੈ ਕੇ ਖਰੀਦ ਤੇ ਚੁਕਾਈ ਤੱਕ ਦੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ। ਉਨ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਮੰਡੀਆਂ ਵਿੱਚ ਪੀਣ ਵਾਲੇ ਸਾਫ਼ ਪਾਣੀ, ਸਫ਼ਾਈ ਅਤੇ ਰੌਸ਼ਨੀ ਦੇ ਢੁੱਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਫ਼ਸਲ ਦੀ ਆਮਦ ਸਮੇਂ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਵੀ ਲੋੜੀਂਦੇ ਕਦਮ ਚੁੱਕਣ ਲਈ ਕਿਹਾ। ਬਾਹਰੀ ਸੂਬਿਆਂ ਤੋਂ ਆਉਣ ਵਾਲੇ ਝੋਨੇ ’ਤੇ ਰਹੇਗੀ ਨਜ਼ਰ ਡਿਪਟੀ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਮੰਡੀਆਂ ਦੇ ਆਲੇ-ਦੁਆਲੇ ਟ੍ਰੈਫਿਕ ਵਿਵਸਥਾ ਠੀਕ ਰੱਖਣ ਦੇ ਨਾਲ-ਨਾਲ ਗੁਆਂਢੀ ਸੂਬਿਆਂ ਤੋਂ ਆਉਣ ਵਾਲੇ ਝੋਨੇ ਦੀ ਆਮਦ ਰੋਕਣ ਲਈ ਚੌਕਸੀ ਵਰਤਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਢੁੱਕਵੀਆਂ ਥਾਵਾਂ ’ਤੇ ਪੁਲਿਸ ਨਾਕੇ ਲਗਾਏ ਜਾਣ ਅਤੇ ਗਸ਼ਤ ਯਕੀਨੀ ਬਣਾਈ ਜਾਵੇ, ਤਾਂ ਜੋ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਦਾ ਟੀਚਾ ਪੂਰਾ ਕੀਤਾ ਜਾ ਸਕੇ। ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਫ਼ਸਲ ਦੀ ਖਰੀਦ ਅਤੇ ਲਿਫਟਿੰਗ ਵਿੱਚ ਦੇਰੀ ਨਾ ਹੋਣ ਦੇਣ ਲਈ ਕਿਹਾ ਗਿਆ। ਇਸ ਮੌਕੇ ਆੜ੍ਹਤੀਆਂ, ਮਿੱਲਰਾਂ, ਮਜ਼ਦੂਰਾਂ ਅਤੇ ਟਰਾਂਸਪੋਰਟਰਾਂ ਨੂੰ ਵੀ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ। ਕਿਸਾਨਾਂ ਨੂੰ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀ ਵਿੱਚ ਝੋਨਾ ਲਿਆਉਣ ਤੋਂ ਪਹਿਲਾਂ ਫ਼ਸਲ ਵਿੱਚ ਨਮੀ ਦੀ ਮਾਤਰਾ ਦੀ ਜਾਂਚ ਜ਼ਰੂਰ ਕੀਤੀ ਜਾਵੇ। ਝੋਨੇ ਵਿੱਚ ਨਮੀ 17 ਫ਼ੀਸਦੀ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਨ੍ਹਾਂ ਨੇ ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਕਰਨ ਲਈ ਵੀ ਕਿਹਾ, ਤਾਂ ਜੋ ਫ਼ਸਲ ਵਿੱਚ ਵੱਧ ਨਮੀ ਦੀ ਸਮੱਸਿਆ ਤੋਂ ਬਚਿਆ ਜਾ ਸਕੇ। ਮੀਟਿੰਗ ਵਿੱਚ ਡੀ.ਐੱਫ਼.ਐੱਸ.ਸੀ. ਗੁਰਜੀਤ ਸਿੰਘ ਦਿਓਲ, ਡਿਪਟੀ ਮੰਡੀ ਅਫ਼ਸਰ ਹਰਪ੍ਰੀਤ ਸਿੰਘ ਅਤੇ ਟਰੱਕ ਯੂਨੀਅਨ ਦੇ ਪ੍ਰਧਾਨ ਹਰਸਿਮਰਨ ਸਿੰਘ ਸਮੇਤ ਹੋਰ ਸਬੰਧਤ ਨੁਮਾਇੰਦੇ ਹਾਜ਼ਰ ਸਨ।