- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਤਾਬੀ ਗਿਆਨ ਤੋਂ ਅੱਗੇ ਵਧੇ ਵਿਦਿਆਰਥੀ, ਇਤਿਹਾਸਕ ਤੇ ਧਾਰਮਿਕ ਸਥਾਨਾਂ ਤੋਂ ਹਾਸਲ ਕੀਤਾ ਪ੍ਰਤੱਖ ਗਿਆਨ

ਜਗਮੀਤ ਸਿੰਘ ਪੰਜਾਬੀ ਜਾਗਰਣ ਕੋਟਕਪੂਰਾ : ਵਿਦਿਆਰਥੀਆਂ ਨੂੰ ਕਿਤਾਬਾਂ ਵਿੱਚ ਪੜ੍ਹਾਏ ਜਾਂਦੇ ਪਾਠਾਂ ਨੂੰ ਅਸਲ ਜੀਵਨ ਅਤੇ ਇਤਿਹਾਸਕ ਸਥਾਨਾਂ ਨਾਲ ਜੋੜਨ ਦੇ ਮਕਸਦ ਤਹਿਤ ਪੀ.ਐਮ.ਸ਼੍ਰੀ ਸਰਕਾਰੀ ਹਾਈ ਸਕੂਲ ਸੁਰਗਪੁਰੀ ਵੱਲੋਂ ਵੱਖ-ਵੱਖ ਐਕਸਪੋਜ਼ਰ ਵਿਜ਼ਿਟਾਂ ਕਰਵਾਈਆਂ ਗਈਆਂ। ਹੈੱਡਮਾਸਟਰ ਮਨੀਸ਼ ਛਾਬੜਾ ਦੀ ਅਗਵਾਈ ਹੇਠ ਜਮਾਤ ਛੇਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਨੇ ਇਨ੍ਹਾਂ ਦੌਰਿਆਂ ਦੌਰਾਨ ਧਾਰਮਿਕ, ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਨੇੜਿਓਂ ਜਾਣਨ ਦਾ ਮੌਕਾ ਹਾਸਲ ਕੀਤਾ। ਸਕੂਲ ਮੁਖੀ ਮਨੀਸ਼ ਛਾਬੜਾ ਨੇ ਦੱਸਿਆ ਕਿ ਜਮਾਤ ਛੇਵੀਂ ਦੇ ਵਿਦਿਆਰਥੀਆਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਬਠਿੰਡਾ ਵਿਖੇ ਲਿਜਾਇਆ ਗਿਆ। ਜਮਾਤ ਸੱਤਵੀਂ ਅਤੇ ਅੱਠਵੀਂ ਦੇ ਵਿਦਿਆਰਥੀਆਂ ਨੇ ਕਿਲ੍ਹਾ ਮੁਬਾਰਕ ਫਰੀਦਕੋਟ, ਗੁਰਦੁਆਰਾ ਸ੍ਰੀ ਸਾਰਾਗੜ੍ਹੀ ਅਤੇ ਫਿਰੋਜ਼ਪੁਰ ਬਾਰਡਰ ਦਾ ਦੌਰਾ ਕੀਤਾ। ਇਸੇ ਤਰ੍ਹਾਂ ਜਮਾਤ ਨੌਵੀਂ ਅਤੇ ਦਸਵੀਂ ਦੇ ਵਿਦਿਆਰਥੀਆਂ ਨੂੰ ਸ੍ਰੀ ਚਮਕੌਰ ਸਾਹਿਬ ਅਤੇ ਗੁਰਦੁਆਰਾ ਕਤਲਗੜ੍ਹ ਸਾਹਿਬ ਦੇ ਦਰਸ਼ਨ ਕਰਵਾਏ ਗਏ। ਵਿਦਿਆਰਥੀਆਂ ਨੇ ਇਨ੍ਹਾਂ ਸਥਾਨਾਂ ਨਾਲ ਸਬੰਧਤ ਇਤਿਹਾਸਕ ਘਟਨਾਵਾਂ, ਧਾਰਮਿਕ ਮਹੱਤਤਾ ਅਤੇ ਸੱਭਿਆਚਾਰਕ ਵਿਰਾਸਤ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਨ੍ਹਾਂ ਵਿਜ਼ਿਟਾਂ ਦੌਰਾਨ ਵਿਦਿਆਰਥੀਆਂ ਵਿੱਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਉਨ੍ਹਾਂ ਨੇ ਵੱਖ-ਵੱਖ ਸਥਾਨਾਂ ਦੀ ਯਾਤਰਾ ਦੇ ਨਾਲ-ਨਾਲ ਉੱਥੋਂ ਦੇ ਇਤਿਹਾਸ ਅਤੇ ਮਹੱਤਤਾ ਨੂੰ ਸਮਝਣ ਵਿੱਚ ਦਿਲਚਸਪੀ ਦਿਖਾਈ। ਸਕੂਲ ਮੁਖੀ ਨੇ ਕਿਹਾ ਕਿ ਅਜਿਹੇ ਵਿਦਿਅਕ ਦੌਰੇ ਬੱਚਿਆਂ ਦੇ ਗਿਆਨ ਵਿੱਚ ਵਾਧਾ ਕਰਨ ਦੇ ਨਾਲ ਉਨ੍ਹਾਂ ਨੂੰ ਆਪਣੀ ਵਿਰਾਸਤ, ਇਤਿਹਾਸ ਅਤੇ ਸੱਭਿਆਚਾਰ ਨਾਲ ਜੋੜਨ ਲਈ ਵੀ ਸਹਾਇਕ ਹੁੰਦੇ ਹਨ। ਇਸ ਮੌਕੇ ਸਕੂਲ ਦਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।