- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਸ਼ਮੇਸ਼ ਨਗਰ ਦੀਆਂ ਗਲੀਆਂ ਨੂੰ ਮਿਲੀ ਨਵੀਂ ਦਿੱਖ, 20.70 ਲੱਖ ਨਾਲ ਵਿਕਾਸ ਕਾਰਜ ਮੁਕੰਮਲ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫਰੀਦਕੋਟ : ਫਰੀਦਕੋਟ ਦੇ ਦਸ਼ਮੇਸ਼ ਨਗਰ ਵਿੱਚ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਸੀਵਰੇਜ ਅਤੇ ਇੰਟਰਲੌਕਿੰਗ ਨਾਲ ਗਲੀਆਂ ਦੇ ਵਿਕਾਸ ਕਾਰਜ ਮੁਕੰਮਲ ਕਰਵਾਏ ਗਏ ਹਨ। ਜ਼ਿਲ੍ਹਾ ਯੋਜਨਾ ਕਮੇਟੀ ਫਰੀਦਕੋਟ ਵੱਲੋਂ ਕਰਵਾਏ ਗਏ ਇਨ੍ਹਾਂ ਕੰਮਾਂ ’ਤੇ 20.70 ਲੱਖ ਰੁਪਏ ਦੀ ਲਾਗਤ ਆਈ ਹੈ। ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਤੇਜ ਸਿੰਘ ਖੋਸਾ ਨੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤੇ ਵਾਅਦਿਆਂ ਦੇ ਅਨੁਸਾਰ ਲੋੜੀਂਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਵਾਇਆ ਜਾ ਰਿਹਾ ਹੈ। ਗੁਰਤੇਜ ਸਿੰਘ ਖੋਸਾ ਨੇ ਕਿਹਾ ਕਿ ਸੀਵਰੇਜ ਅਤੇ ਪੱਕੀਆਂ ਇੰਟਰਲੌਕਿੰਗ ਗਲੀਆਂ ਬਣਨ ਨਾਲ ਦਸ਼ਮੇਸ਼ ਨਗਰ ਦੇ ਵਸਨੀਕਾਂ ਨੂੰ ਰੋਜ਼ਾਨਾ ਆਉਣ-ਜਾਣ ਵਿੱਚ ਸਹੂਲਤ ਮਿਲੇਗੀ ਅਤੇ ਇਲਾਕੇ ਦੀ ਦਿੱਖ ਵਿੱਚ ਵੀ ਸੁਧਾਰ ਆਵੇਗਾ। ਉਨ੍ਹਾਂ ਮੁਹੱਲਾ ਵਾਸੀਆਂ ਵੱਲੋਂ ਦਿੱਤੇ ਪਿਆਰ, ਸਤਿਕਾਰ ਅਤੇ ਭਰੋਸੇ ਲਈ ਧੰਨਵਾਦ ਕਰਦਿਆਂ ਕਿਹਾ ਕਿ ਲੋਕ ਸੇਵਾ ਅਤੇ ਇਲਾਕੇ ਦੇ ਵਿਕਾਸ ਲਈ ਯਤਨ ਅੱਗੇ ਵੀ ਜਾਰੀ ਰਹਿਣਗੇ। ਇਸ ਦੌਰਾਨ ਮੁਹੱਲਾ ਨਿਵਾਸੀਆਂ ਨੇ ਵਿਕਾਸ ਕਾਰਜ ਸਮੇਂ ਸਿਰ ਮੁਕੰਮਲ ਕਰਵਾਉਣ ਲਈ ਚੇਅਰਮੈਨ ਗੁਰਤੇਜ ਸਿੰਘ ਖੋਸਾ ਦਾ ਧੰਨਵਾਦ ਕੀਤਾ। ਇਸ ਮੌਕੇ ਐਮ.ਸੀ. ਗੁਰਵਿੰਦਰ ਕੌਰ ਪਤਨੀ ਗੁਰਚਰਨ ਸਿੰਘ (ਚੰਨਾ ਸੰਧੂ), ਐਮ.ਸੀ. ਸਤਨਾਮ ਸਿੰਘ, ਜਗਤਾਰ ਸਿੰਘ ਨੰਗਲ, ਸਿਮਰਤ ਸੰਧੂ ਬਲਾਕ ਪ੍ਰਧਾਨ, ਹੈਰੀ ਸਰਪੰਚ, ਸੋਨੂ ਗਿੱਲ, ਜਗਜੀਤ ਸਿੰਘ ਜੰਗੀ ਗਿੱਲ, ਯਾਦਵਿੰਦਰ ਸਿੰਘ, ਹਰਦੀਪ ਜੰਡਵਾਲਾ, ਰਾਜਵਿੰਦਰ ਸਿੰਘ ਸਮੇਤ ਪਾਰਟੀ ਵਰਕਰ ਅਮਰਜੀਤ, ਹਰਭਗਵਾਨ, ਸੁਖਚੈਨ ਸਿੰਘ, ਕ੍ਰਿਸ਼ਨ ਕੁਮਾਰ ਅਤੇ ਵੱਡੀ ਗਿਣਤੀ ਵਿੱਚ ਮੁਹੱਲਾ ਵਾਸੀ ਹਾਜ਼ਰ ਸਨ।