ਭਗਤ ਸਿੰਘ ਦੇ ਵਿਚਾਰਾਂ ਨੂੰ ਮੌਜੂਦਾ ਹਾਲਾਤ ਨਾਲ ਜੋੜਨ ਦਾ ਸੱਦਾ ਭਗਤ ਸਿੰਘ ਦੇ ਵਿਚਾਰਾਂ ਨੂੰ ਮੌਜੂਦਾ ਪਿਤ ਨਾਲ ਜੋੜਨ ਦਾ ਸੱਦਾ
Publish Date: Sat, 03 Oct 2026 05:21 PM (IST)
Updated Date: Sun, 04 Oct 2026 04:05 AM (IST)
ਸੇਵੇਵਾਲਾ ’ਚ ਲੋਕ ਮੋਰਚਾ ਪੰਜਾਬ ਵੱਲੋਂ ਇਨਕਲਾਬੀ ਕਵੀਸ਼ਰੀ, ਗੀਤ ਤੇ ਨਾਟਕ ਪੇਸ਼ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਲੋਕ ਮੋਰਚਾ ਪੰਜਾਬ ਦੀ ਬਠਿੰਡਾ ਇਕਾਈ ਵੱਲੋਂ ਪਿੰਡ ਸੇਵੇਵਾਲਾ (ਫਰੀਦਕੋਟ) ਵਿਖੇ ਇਨਕਲਾਬੀ ਕਵੀਸ਼ਰੀ, ਗੀਤਾਂ ਅਤੇ ਨਾਟਕਾਂ ਦਾ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੁਲਾਰਿਆਂ ਨੇ ਭਗਤ ਸਿੰਘ ਦੇ ਵਿਚਾਰਾਂ ਅਤੇ ਉਨ੍ਹਾਂ ਦੀ ਇਨਕਲਾਬੀ ਸਿਆਸਤ ਨੂੰ ਮੌਜੂਦਾ ਸਮਾਜਿਕ ਤੇ ਆਰਥਿਕ ਹਾਲਾਤ ਨਾਲ ਜੋੜਦਿਆਂ ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਨੂੰ ਸਾਂਝੀ ਲੋਕ ਲਹਿਰ ਉਸਾਰਨ ਦਾ ਸੱਦਾ ਦਿੱਤਾ। ਲੋਕ ਮੋਰਚਾ ਪੰਜਾਬ ਦੀ ਬਠਿੰਡਾ ਇਕਾਈ ਦੇ ਆਗੂ ਗੁਰਮੁਖ ਸਿੰਘ ਨੇ ਦੱਸਿਆ ਕਿ ਰਸੂਲਪੁਰ ਤੋਂ ਪਹੁੰਚੇ ਕਵੀਸ਼ਰੀ ਜਥੇ ਵੱਲੋਂ ਭਗਤ ਸਿੰਘ ਦੇ ਸੰਘਰਸ਼ਮਈ ਜੀਵਨ ਨਾਲ ਸਬੰਧਤ ਕਵੀਸ਼ਰੀ ਪੇਸ਼ ਕੀਤੀ ਗਈ। ਗਾਇਕਾਂ ਵੱਲੋਂ ਇਨਕਲਾਬੀ ਗੀਤ ਪੇਸ਼ ਕੀਤੇ ਗਏ, ਜਦਕਿ ਸਕੂਲੀ ਬੱਚਿਆਂ ਨੇ ਸ਼ਹੀਦ ਭਗਤ ਸਿੰਘ ਦੀ ਜੀਵਨੀ ’ਤੇ ਆਧਾਰਿਤ ਨਾਟਕ ਪੇਸ਼ ਕਰਕੇ ਦਰਸ਼ਕਾਂ ਦਾ ਧਿਆਨ ਖਿੱਚਿਆ। ਮੋਰਚੇ ਦੀ ਸੂਬਾਈ ਆਗੂ ਸ਼ੀਰੀਂ ਨੇ ਕਿਹਾ ਕਿ ਭਗਤ ਸਿੰਘ ਵੱਲੋਂ ਭਾਰਤੀ ਲੋਕਾਂ ਦੀ ਮੁਕਤੀ ਲਈ ਵਿੱਢੇ ਸੰਘਰਸ਼ ਨੂੰ ਅੱਗੇ ਵਧਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਗਤ ਸਿੰਘ ਦੇ ਵਿਚਾਰਾਂ ਅਨੁਸਾਰ ਮਜ਼ਦੂਰਾਂ ਅਤੇ ਕਿਸਾਨਾਂ ਨੂੰ ਇਕੱਠੇ ਹੋ ਕੇ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਚਾਹੀਦਾ ਹੈ ਅਤੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਵੀ ਇਸ ਦਿਸ਼ਾ ਵਿੱਚ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਬੁਲਾਰੇ ਨੇ ਦੋਸ਼ ਲਾਇਆ ਕਿ ਅੱਜ ਵੀ ਦੇਸ਼ ਵਿੱਚ ਬੇਰੁਜ਼ਗਾਰੀ ਅਤੇ ਆਰਥਿਕ ਮੁਸ਼ਕਲਾਂ ਵਰਗੀਆਂ ਸਮੱਸਿਆਵਾਂ ਮੌਜੂਦ ਹਨ। ਉਨ੍ਹਾਂ ਭਾਜਪਾ ਦੀ ਕੇਂਦਰ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰਾਂ ਵੱਲੋਂ ਵੱਡੀਆਂ ਵਿਦੇਸ਼ੀ ਕੰਪਨੀਆਂ ਅਤੇ ਪੂੰਜੀਪਤੀਆਂ ਨੂੰ ਲਾਭ ਪਹੁੰਚਾਉਣ ਵਾਲੀਆਂ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਹੱਕਾਂ ਲਈ ਕਿਸਾਨ-ਮਜ਼ਦੂਰ ਏਕਤਾ ਨੂੰ ਮਜ਼ਬੂਤ ਕੀਤਾ ਜਾਵੇ। ਸਮਾਗਮ ਵਿੱਚ ਸਪੋਰਟਕਿੰਗ ਫੈਕਟਰੀ ਵਰਕਰਜ਼ ਵੱਲੋਂ ਵੀ ਸ਼ਿਰਕਤ ਕੀਤੀ ਗਈ। ਯੂਨੀਅਨ ਆਗੂ ਅੰਮ੍ਰਿਤਪਾਲ ਬੰਟੀ ਨੇ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਖੇਤ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਵੀ ਮੌਜੂਦ ਸਨ। ਸਟੇਜ ਸਕੱਤਰ ਦੀ ਭੂਮਿਕਾ ਬਲਕਰਨ ਸਿੰਘ ਨੇ ਨਿਭਾਈ।