ਮਿਡ ਡੇ ਮੀਲ ਕਰਮਚਾਰੀ 6 ਨੂੰ ਕਰਨਗੇ ਸਿੱਖਿਆ ਭਵਨ ਦਾ ਘਿਰਾਓ ਮਿਡ ਡੇ ਮੀਲ ਦਫ਼ਤਰੀ ਕਰਮਚਾਰੀਆਂ ਵੱਲੋਂ 6 ਅਕਤੂਬਰ ਨੂੰ ਸਿੱਖਿਆ ਭਵਨ ਦੇ ਘਿਰਾਓ ਦਾ ਐਲਾਨ
Publish Date: Sat, 03 Oct 2026 05:34 PM (IST)
Updated Date: Sun, 04 Oct 2026 04:05 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਕੋਟਕਪੂਰਾ : ਮਿਡ ਡੇ ਮੀਲ ਦਫ਼ਤਰੀ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸਰਕਾਰ ਵੱਲੋਂ ਵਾਰ-ਵਾਰ ਦਿੱਤੇ ਜਾ ਰਹੇ ਭਰੋਸਿਆਂ ਦੇ ਬਾਵਜੂਦ ਮੰਗ ਪੂਰੀ ਨਾ ਹੋਣ ਕਾਰਨ ਕਰਮਚਾਰੀਆਂ ਵਿੱਚ ਰੋਸ ਵਧਦਾ ਜਾ ਰਿਹਾ ਹੈ। ਕਰਮਚਾਰੀਆਂ ਦਾ ਦੋਸ਼ ਹੈ ਕਿ ਲੰਬੇ ਸਮੇਂ ਤੋਂ ਰੈਗੂਲਰ ਕਰਨ ਸਬੰਧੀ ਫਾਈਲ ਵਿੱਤ ਵਿਭਾਗ ਅਤੇ ਸਿੱਖਿਆ ਵਿਭਾਗ ਵਿਚਾਲੇ ਘੁੰਮ ਰਹੀ ਹੈ, ਪਰ ਇਸ ਮਾਮਲੇ ਦਾ ਅਜੇ ਤੱਕ ਕੋਈ ਠੋਸ ਹੱਲ ਨਹੀਂ ਨਿਕਲਿਆ। ਮਿਡ ਡੇ ਮੀਲ ਦਫ਼ਤਰੀ ਕਰਮਚਾਰੀਆਂ ਦੇ ਜ਼ਿਲ੍ਹਾ ਆਗੂ ਦੀਪਕ ਨਾਰੰਗ, ਸੋਨੀਆ ਗੁਪਤਾ ਅਤੇ ਅੰਜੂ ਬਾਲਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 21 ਸਤੰਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਇੱਕ ਹਫ਼ਤੇ ਦੇ ਅੰਦਰ ਸਿੱਖਿਆ ਅਤੇ ਵਿੱਤ ਵਿਭਾਗ ਦੀ ਸਾਂਝੀ ਮੀਟਿੰਗ ਕਰਕੇ ਮਾਮਲਾ ਹੱਲ ਕਰਨ ਦੇ ਹੁਕਮ ਦਿੱਤੇ ਗਏ ਸਨ। ਆਗੂਆਂ ਅਨੁਸਾਰ ਇਸ ਦੇ ਬਾਵਜੂਦ ਅਜੇ ਤੱਕ ਦੋਵਾਂ ਵਿਭਾਗਾਂ ਦੀ ਸਾਂਝੀ ਮੀਟਿੰਗ ਨਹੀਂ ਹੋ ਸਕੀ। ਆਗੂਆਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਵੀ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਵਾਅਦੇ ਕੀਤੇ ਗਏ, ਪਰ ਉਨ੍ਹਾਂ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਵੱਲੋਂ ਵੀ ਮੀਟਿੰਗਾਂ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਸਹਿਮਤੀ ਪ੍ਰਗਟਾਈ ਜਾਂਦੀ ਹੈ, ਪਰ ਮੰਗਾਂ ਨੂੰ ਲਾਗੂ ਕਰਨ ਲਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਮਿਡ ਡੇ ਮੀਲ ਦਫ਼ਤਰੀ ਕਰਮਚਾਰੀ 1 ਅਪ੍ਰੈਲ 2018 ਤੋਂ ਰੈਗੂਲਰ ਆਰਡਰ ਜਾਰੀ ਕਰਨ ਦੀ ਮੰਗ ਕਰ ਰਹੇ ਹਨ। ਸਰਕਾਰ ਵੱਲੋਂ ਮੰਗਾਂ ਸਬੰਧੀ ਠੋਸ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਕਰਮਚਾਰੀਆਂ ਨੇ 6 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਸਿੱਖਿਆ ਭਵਨ, ਮੋਹਾਲੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਠੋਸ ਫ਼ੈਸਲਾ ਨਾ ਲਿਆ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਮੁੱਖ ਮੰਤਰੀ ਨਿਵਾਸ, ਚੰਡੀਗੜ੍ਹ ਵੱਲ ਮਾਰਚ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਲੰਬੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਦਫ਼ਤਰੀ ਕਰਮਚਾਰੀਆਂ ਨੂੰ ਰੈਗੂਲਰ ਕਰਨ ਸਬੰਧੀ ਤੁਰੰਤ ਫ਼ੈਸਲਾ ਲਿਆ ਜਾਵੇ।