4 ਮਹੀਨਿਆਂ ’ਚ ਨਸ਼ਾ ਤਸਕਰੀ ਦੇ 495 ਮੁਕੱਦਮੇ ਦਰਜ, 706 ਗ੍ਰਿਫ਼ਤਾਰ ਚਾਰ ਮਹੀਨਿਆਂ ਵਿੱਚ ਫ਼ਰੀਦਕੋਟ ਪੁਲਿਸ ਨੇ ਨਸ਼ਾ ਤਸਕਰੀ ਦੇ 495 ਮੁਕੱਦਮੇ ਦਰਜ ਕਰਕੇ 706 ਮੁਲਜ਼ਮ ਕੀਤੇ ਗ੍ਰਿਫ਼ਤਾਰ
Publish Date: Sat, 03 Oct 2026 05:40 PM (IST)
Updated Date: Sun, 04 Oct 2026 04:05 AM (IST)
81 ਕਿਲੋ 493 ਗ੍ਰਾਮ ਹੈਰੋਇਨ ਸਮੇਤ ਭੁੱਕੀ, ਅਫ਼ੀਮ ਤੇ ਨਸ਼ੀਲੀਆਂ ਗੋਲੀਆਂ ਬਰਾਮਦ 9 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਫ੍ਰੀਜ਼ ਜਗਮੀਤ ਸਿੰਘ, ਪੰਜਾਬੀ ਜਾਗਰਣ ਫ਼ਰੀਦਕੋਟ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫ਼ਰੀਦਕੋਟ ਜ਼ਿਲ੍ਹੇ ’ਚ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਦੇ ਅੰਕੜੇ ਸਾਹਮਣੇ ਆਏ ਹਨ। ਪੰਜਾਬ ਪੁਲਿਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਜੂਨ ਤੋਂ ਸਤੰਬਰ 2026 ਤੱਕ 4 ਮਹੀਨਿਆਂ ਦੌਰਾਨ ਜ਼ਿਲ੍ਹੇ ’ਚ ਨਸ਼ਾ ਤਸਕਰੀ ਦੇ 495 ਮੁਕੱਦਮੇ ਦਰਜ ਕਰ ਕੇ 706 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਸਮੇਂ ਦੌਰਾਨ ਪੁਲਿਸ ਨੇ ਵੱਡੀ ਮਾਤਰਾ ’ਚ ਨਸ਼ੀਲੇ ਪਦਾਰਥਾਂ ਦੇ ਨਾਲ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਪੁਲਿਸ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਤੇ ਫ਼ਰੀਦਕੋਟ ਰੇਂਜ ਦੀ ਆਈਜੀ ਨਿਲਾਂਬਰੀ ਜਗਦਲੇ ਦੀ ਅਗਵਾਈ ਹੇਠ ਇਹ ਕਾਰਵਾਈ ਕੀਤੀ ਜਾ ਰਹੀ ਹੈ। ਬਾਕਸ- ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਪੁਲਿਸ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਚਾਰ ਮਹੀਨਿਆਂ ਦੌਰਾਨ 81 ਕਿਲੋ 493 ਗ੍ਰਾਮ ਹੈਰੋਇਨ, 79 ਕਿਲੋ ਭੁੱਕੀ, 8,282 ਨਸ਼ੀਲੀਆਂ ਗੋਲੀਆਂ ਤੇ 2 ਕਿਲੋ 287 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ ਲੱਗਭਗ 76,000 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਹੋਈ। ਹਥਿਆਰਾਂ ਦੀ ਬਰਾਮਦਗੀ ਸਬੰਧੀ ਪੁਲਿਸ ਨੇ ਦੱਸਿਆ ਕਿ ਪਿਛਲੇ ਤਿੰਨ ਮਹੀਨਿਆਂ ਦੌਰਾਨ 19 ਪਿਸਤੌਲ ਅਤੇ ਇੱਕ ਪਾਈਪ ਗੰਨ ਬਰਾਮਦ ਕੀਤੀ ਗਈ ਹੈ। ਬਾਕਸ ਹੈਲਪਲਾਈਨ ’ਤੇ ਆਈਆਂ 899 ਦਰਖਾਸਤਾਂ ਨਸ਼ਾ ਤਸਕਰੀ ਸਬੰਧੀ ਸੂਚਨਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਸੇਫ਼ ਪੰਜਾਬ ਹੈਲਪਲਾਈਨ ਨੰਬਰ 97791-00200 ਜਾਰੀ ਕੀਤਾ ਗਿਆ ਹੈ। ਪੁਲਿਸ ਅਨੁਸਾਰ ਇਸ ਹੈਲਪਲਾਈਨ ਰਾਹੀਂ ਫ਼ਰੀਦਕੋਟ ਜ਼ਿਲ੍ਹੇ ਵਿੱਚ ਕੁੱਲ 899 ਦਰਖਾਸਤਾਂ ਪ੍ਰਾਪਤ ਹੋਈਆਂ। ਇਨ੍ਹਾਂ ਦੀ ਤਸਦੀਕ ਤੋਂ ਬਾਅਦ ਨਸ਼ਾ ਤਸਕਰੀ ਨਾਲ ਸਬੰਧਤ ਮਾਮਲਿਆਂ ਵਿੱਚ 415 ਮੁਕੱਦਮੇ ਦਰਜ ਕੀਤੇ ਗਏ। ਸੂਚਨਾ ਦੇਣ ਵਾਲਿਆਂ ਦਾ ਨਾਮ ਅਤੇ ਪਤਾ ਗੁਪਤ ਰੱਖਣ ਦੀ ਵਿਵਸਥਾ ਵੀ ਕੀਤੀ ਗਈ ਹੈ। ਬਾਕਸ ਨਸ਼ਾ ਤਸਕਰਾਂ ਦੀ 9 ਕਰੋੜ ਤੋਂ ਵੱਧ ਦੀ ਜਾਇਦਾਦ ਫ੍ਰੀਜ਼ ਨਸ਼ਿਆਂ ਦੀ ਕਮਾਈ ਨਾਲ ਬਣਾਈ ਗਈ ਜਾਇਦਾਦ ਖ਼ਿਲਾਫ਼ ਕਾਰਵਾਈ ਕਰਦਿਆਂ ਫ਼ਰੀਦਕੋਟ ਜ਼ਿਲ੍ਹੇ ਵਿੱਚ ਪਿਛਲੇ 19 ਮਹੀਨਿਆਂ ਦੌਰਾਨ 9 ਕਰੋੜ ਰੁਪਏ ਤੋਂ ਵੱਧ ਦੀ ਚੱਲ ਅਤੇ ਅਚੱਲ ਜਾਇਦਾਦ ਫ੍ਰੀਜ਼ ਕਰਵਾਈ ਗਈ ਹੈ। ਪੁਲਿਸ ਅਨੁਸਾਰ ਸਬੰਧਤ ਅਥਾਰਟੀ ਤੋਂ ਮਨਜ਼ੂਰੀ ਮਿਲਣ ਉਪਰੰਤ ਇਹ ਕਾਰਵਾਈ ਕੀਤੀ ਗਈ। ਬਾਕਸ ਨਸ਼ਾ ਛੁਡਾਊ ਅਤੇ ਜਾਗਰੂਕਤਾ ਮੁਹਿੰਮ ਪੁਲਿਸ ਵੱਲੋਂ ਨਸ਼ਾ ਪੀੜਤਾਂ ਨੂੰ ਇਲਾਜ ਲਈ ਪ੍ਰੇਰਿਤ ਕਰਨ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ‘ਪ੍ਰੋਜੈਕਟ ਸੰਪਰਕ’ ਤਹਿਤ ਸਾਲ 2026 ਦੌਰਾਨ ਸਕੂਲਾਂ, ਕਾਲਜਾਂ ਅਤੇ ਆਮ ਲੋਕਾਂ ਨਾਲ 105 ਮੀਟਿੰਗਾਂ ਕੀਤੀਆਂ ਗਈਆਂ ਹਨ। ਇਨ੍ਹਾਂ ਮੀਟਿੰਗਾਂ ਵਿੱਚ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸੇ ਦੌਰਾਨ ਪੁਲਿਸ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀ ਸਾਂਝੀ ਟੀਮ ਨੇ ਜਾਂਚ ਕਰਦਿਆਂ ਸਿਟੀ ਕੋਟਕਪੂਰਾ ਥਾਣੇ ਦੇ ਖੇਤਰ ਵਿੱਚ ਇੱਕ ਅਣਅਧਿਕਾਰਤ ਨਸ਼ਾ ਛੁਡਾਊ ਕੇਂਦਰ ਨੂੰ ਸੀਲ ਕੀਤਾ ਹੈ। ਪੰਜਾਬ ਪੁਲਿਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਨਸ਼ਿਆਂ ਦੀ ਸਪਲਾਈ ਚੇਨ ਤੋੜਨ, ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਅਤੇ ਨਸ਼ਾ ਪੀੜਤਾਂ ਨੂੰ ਇਲਾਜ ਲਈ ਪ੍ਰੇਰਿਤ ਕਰਨ ਦੇ ਉਪਰਾਲੇ ਲਗਾਤਾਰ ਜਾਰੀ ਹਨ।