- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਿਉਹਾਰਾਂ ਦੇ ਮੱਦੇਨਜ਼ਰ ਕੋਟਕਪੂਰਾ ਰੇਲਵੇ ਸਟੇਸ਼ਨ ’ਤੇ ਚੈਕਿੰਗ ਮੁਹਿੰਮ, ਸ਼ੱਕੀ ਵਿਅਕਤੀਆਂ ਦੀ ਕੀਤੀ ਜਾ ਰਹੀ ਪੁੱਛਗਿੱਛ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟਕਪੂਰਾ : ਕੋਟਕਪੂਰਾ: ਤਿਉਹਾਰਾਂ ਦੇ ਮੱਦੇਨਜ਼ਰ ਰੇਲਵੇ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੋਟਕਪੂਰਾ ਦੇ ਸਥਾਨਕ ਰੇਲਵੇ ਸਟੇਸ਼ਨ ’ਤੇ ਜੀਆਰਪੀ ਅਤੇ ਆਰਪੀਐੱਫ ਪੁਲਿਸ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਰੇਲ ਗੱਡੀਆਂ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਦੇ ਸਾਮਾਨ ਦੀ ਜਾਂਚ ਕੀਤੀ ਗਈ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ। ਫ਼ਰੀਦਕੋਟ ਦੇ ਐੱਸਐੱਚਓ ਜਸਵੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚਲਾਈ ਗਈ ਇਸ ਮੁਹਿੰਮ ਸਬੰਧੀ ਰੇਲਵੇ ਪੁਲਿਸ ਚੌਕੀ ਦੇ ਇੰਚਾਰਜ ਜਸਪਾਲ ਸ਼ਰਮਾ ਨੇ ਦੱਸਿਆ ਕਿ ਤਿਉਹਾਰਾਂ ਦੌਰਾਨ ਰੇਲਵੇ ਖੇਤਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਰੇਲਵੇ ਸਟੇਸ਼ਨ ਅਤੇ ਰੇਲ ਗੱਡੀਆਂ ਵਿੱਚ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਯਾਤਰੀਆਂ ਨੂੰ ਸੁਰੱਖਿਆ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਮੁਸਾਫ਼ਰਾਂ ਨੂੰ ਹਦਾਇਤ ਕੀਤੀ ਜਾ ਰਹੀ ਹੈ ਕਿ ਉਹ ਕਿਸੇ ਅਣਜਾਣ ਵਿਅਕਤੀ ਵੱਲੋਂ ਦਿੱਤੀ ਗਈ ਖਾਣ-ਪੀਣ ਦੀ ਵਸਤੂ ਨੂੰ ਸਵੀਕਾਰ ਨਾ ਕਰਨ। ਇਸ ਤੋਂ ਇਲਾਵਾ ਰੇਲਵੇ ਸਟੇਸ਼ਨ ਜਾਂ ਰੇਲ ਗੱਡੀ ਵਿੱਚ ਕੋਈ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਨਜ਼ਰ ਆਉਣ ’ਤੇ ਤੁਰੰਤ ਰੇਲਵੇ ਪੁਲਿਸ ਨੂੰ ਸੂਚਿਤ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਚੌਕੀ ਇੰਚਾਰਜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਰੇਲਵੇ ਖੇਤਰ ਵਿੱਚ ਨਸ਼ੇ ਦਾ ਸੇਵਨ ਕਰਕੇ ਨਾ ਆਉਣ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਸੁਚਾਰੂ ਬਣਾਈ ਰੱਖਣ ਲਈ ਪੁਲਿਸ ਦਾ ਸਹਿਯੋਗ ਕਰਨ। ਇਸ ਮੌਕੇ ਏਐੱਸਆਈ ਜਸਪਾਲ ਸ਼ਰਮਾ ਅਤੇ ਐੱਸਆਈ ਕੁਲਦੀਪ ਕੁਮਾਰ ਸਮੇਤ ਪੁਲਿਸ ਮੁਲਾਜ਼ਮ ਮੌਜੂਦ ਸਨ।