- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਰੀਦਕੋਟ ’ਚ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ ਖਿਡਾਰੀ ਦਿਖਾ ਰਹੇ ਨੇ ਦਮਖਮ

ਅੱਜ ਹੋਣਗੇ ਫਾਈਨਲ ਮੁਕਾਬਲੇ, ਜੇਤੂਆਂ ਨੂੰ ਵੰਡੇ ਜਾਣਗੇ ਇਨਾਮ
ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਫ਼ਰੀਦਕੋਟ: ਪੰਜਾਬ ਸਰਕਾਰ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਸਥਾਨਕ ਨਹਿਰੂ ਸਟੇਡੀਅਮ ਸਮੇਤ ਵੱਖ-ਵੱਖ ਖੇਡ ਮੈਦਾਨਾਂ ਵਿੱਚ ਜਾਰੀ ਹਨ। ਇਨ੍ਹਾਂ ਮੁਕਾਬਲਿਆਂ ਵਿੱਚ ਲੜਕੇ ਅਤੇ ਲੜਕੀਆਂ ਦੇ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਰਹੇ ਹਨ। ਖੇਡ ਮੁਕਾਬਲਿਆਂ ਦੇ ਆਖ਼ਰੀ ਦਿਨ 5 ਅਕਤੂਬਰ ਨੂੰ ਦੁਪਹਿਰ 12 ਵਜੇ ਇਨਾਮ ਵੰਡ ਸਮਾਰੋਹ ਕਰਵਾਇਆ ਜਾਵੇਗਾ, ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਜ਼ਿਲ੍ਹਾ ਖੇਡ ਅਫ਼ਸਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਨਹਿਰੂ ਸਟੇਡੀਅਮ, ਸਰਕਾਰੀ ਬਲਵੀਰ ਸਕੂਲ ਅਤੇ ਸਰਕਾਰੀ ਬ੍ਰਿਜਿੰਦਰਾ ਕਾਲਜ, ਫ਼ਰੀਦਕੋਟ ਵਿਖੇ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਸ਼ਤਰੰਜ ਦੇ ਮੁਕਾਬਲੇ ਡਾ. ਮਹਿੰਦਰ ਸਿੰਘ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਫ਼ਰੀਦਕੋਟ ਵਿਖੇ ਹੋ ਰਹੇ ਹਨ। ਇਹ ਖੇਡ ਮੁਕਾਬਲੇ 5 ਅਕਤੂਬਰ ਤੱਕ ਜਾਰੀ ਰਹਿਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਦੌਰਾਨ ਅਥਲੈਟਿਕਸ, ਫੁੱਟਬਾਲ, ਖੋ-ਖੋ, ਕਬੱਡੀ ਨੈਸ਼ਨਲ ਅਤੇ ਸਰਕਲ ਸਟਾਈਲ, ਵਾਲੀਬਾਲ ਸਮੈਸ਼ਿੰਗ ਅਤੇ ਸ਼ੂਟਿੰਗ, ਹੈਂਡਬਾਲ, ਜੂਡੋ, ਗੱਤਕਾ, ਕਿੱਕਬਾਕਸਿੰਗ, ਹਾਕੀ, ਬੈਡਮਿੰਟਨ, ਬਾਸਕਟਬਾਲ, ਕੁਸ਼ਤੀ, ਟੇਬਲ ਟੈਨਿਸ, ਸ਼ਤਰੰਜ, ਤੈਰਾਕੀ, ਵੇਟਲਿਫਟਿੰਗ ਅਤੇ ਪਾਵਰਲਿਫਟਿੰਗ ਸਮੇਤ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਮੁਕਾਬਲਿਆਂ ਦੌਰਾਨ ਅੰਡਰ-14 ਲੜਕਿਆਂ ਦੀ 60 ਮੀਟਰ ਦੌੜ ਵਿੱਚ ਸ਼ੁਭਕਰਨ ਸਿੰਘ ਨੇ ਪਹਿਲਾ, ਮਨੀ ਸਿੰਘ ਨੇ ਦੂਜਾ ਅਤੇ ਹਰਸਿਮਰਨ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-17 ਲੜਕਿਆਂ ਦੀ 1500 ਮੀਟਰ ਦੌੜ ਵਿੱਚ ਅਮਨਿੰਦਰ ਸਿੰਘ ਪਹਿਲੇ, ਨਮਨਦੀਪ ਸਿੰਘ ਦੂਜੇ ਅਤੇ ਲਵਦੀਪ ਸਿੰਘ ਤੀਜੇ ਸਥਾਨ ’ਤੇ ਰਹੇ। ਇਸੇ ਤਰ੍ਹਾਂ 21 ਤੋਂ 30 ਸਾਲ ਉਮਰ ਵਰਗ ਦੇ ਲੜਕਿਆਂ ਦੀ 1500 ਮੀਟਰ ਦੌੜ ਵਿੱਚ ਜਸਵਿੰਦਰ ਸਿੰਘ ਨੇ ਪਹਿਲਾ, ਲਵਪ੍ਰੀਤ ਸਿੰਘ ਨੇ ਦੂਜਾ ਅਤੇ ਸਾਜਨਪ੍ਰੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੂਡੋ ਦੇ ਅੰਡਰ-14 ਲੜਕਿਆਂ ਦੇ 35 ਕਿਲੋਗ੍ਰਾਮ ਤੋਂ ਘੱਟ ਭਾਰ ਵਰਗ ਵਿੱਚ ਸੈਮ ਗਰੋਵਰ ਨੇ ਪਹਿਲਾ, ਅਭੀਜੋਤ ਨੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਹਰਸ਼ ਕੁਮਾਰ ਅਤੇ ਕਮਲਦੀਪ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਲੜਕਿਆਂ ਦੇ 55 ਕਿਲੋਗ੍ਰਾਮ ਤੋਂ ਘੱਟ ਭਾਰ ਵਰਗ ਵਿੱਚ ਯੁਵਰਾਜ ਸਿੰਘ ਪਹਿਲੇ, ਪ੍ਰਿੰਸ ਦੂਜੇ ਅਤੇ ਪੁਸ਼ਪਗਿਰੀ ਤੇ ਜਸਮੀਤ ਸਿੰਘ ਤੀਜੇ ਸਥਾਨ ’ਤੇ ਰਹੇ। ਵਾਲੀਬਾਲ ਸਮੈਸ਼ਿੰਗ ਦੇ ਅੰਡਰ-17 ਲੜਕਿਆਂ ਦੇ ਕੁਆਰਟਰ ਫਾਈਨਲ ਮੁਕਾਬਲਿਆਂ ਵਿੱਚ ਹਰੀਨੌ, ਸ਼ੇਰ ਸਿੰਘ ਵਾਲਾ ਅਤੇ ਵਾਂਦਰ ਜਟਾਣਾ ਦੀਆਂ ਟੀਮਾਂ ਨੇ ਜਿੱਤ ਦਰਜ ਕੀਤੀ। ਉਪਲਬਧ ਵੇਰਵਿਆਂ ਅਨੁਸਾਰ ਸ਼ੇਰ ਸਿੰਘ ਵਾਲਾ ਦੀ ਟੀਮ ਨੇ ਦੋ ਕੁਆਰਟਰ ਫਾਈਨਲ ਮੁਕਾਬਲਿਆਂ ਵਿੱਚ ਜਿੱਤ ਹਾਸਲ ਕੀਤੀ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਖੇਡਾਂ ਦਾ ਸਮਾਪਤੀ ਸਮਾਰੋਹ 5 ਅਕਤੂਬਰ ਨੂੰ ਕਰਵਾਇਆ ਜਾਵੇਗਾ, ਜਿਸ ਦੌਰਾਨ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।