- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਸ.ਆਈ.ਆਰ. ਤਹਿਤ ਵੋਟਾਂ ਕੱਟਣ ਦੇ ਵਿਰੋਧ ’ਚ ਆਰ.ਐਮ.ਪੀ.ਆਈ. ਨੇ ਫੂਕਿਆ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਕੋਟਕਪੂਰਾ: ਐਸ.ਆਈ.ਆਰ. (ਵਿਸ਼ੇਸ਼ ਵਿਆਪਕ ਸੁਧਾਈ) ਦੇ ਨਾਮ ’ਤੇ ਕਥਿਤ ਤੌਰ ’ਤੇ ਨਾਜਾਇਜ਼ ਢੰਗ ਨਾਲ ਵੋਟਾਂ ਕੱਟਣ ਦੇ ਵਿਰੋਧ ਵਿੱਚ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਵੱਲੋਂ ਸ਼ਹੀਦ ਕਾਮਰੇਡ ਅਮੋਲਕ ਸਿੰਘ ਦੀ ਯਾਦਗਾਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕ ਕੇ ਰੋਸ ਜ਼ਾਹਰ ਕੀਤਾ। ਇਹ ਪ੍ਰਦਰਸ਼ਨ ਭਾਰਤ ਦੀਆਂ ਪੰਜ ਖੱਬੀਆਂ ਧਿਰਾਂ ਵੱਲੋਂ ਉਲੀਕੇ ਗਏ ਪ੍ਰੋਗਰਾਮਾਂ ਦੀ ਲੜੀ ਤਹਿਤ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਔਲਖ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੋਸ਼ ਲਾਇਆ ਕਿ ਐਸ.ਆਈ.ਆਰ. ਦੀ ਪ੍ਰਕਿਰਿਆ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਦੀਆਂ ਵੋਟਾਂ ਕੱਟਣ ਸਬੰਧੀ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਇਸ ਪ੍ਰਕਿਰਿਆ ਨੂੰ ਲਾਗੂ ਕਰਦਿਆਂ ਚੋਣ ਕਮਿਸ਼ਨ ਦੇ ਦੋ ਹੋਰ ਮੈਂਬਰਾਂ ਐੱਸ.ਐੱਸ. ਸੰਧੂ ਅਤੇ ਵਿਵੇਕ ਜੋਸ਼ੀ ਵੱਲੋਂ ਉਠਾਏ ਗਏ ਇਤਰਾਜ਼ਾਂ ਅਤੇ ਦਿੱਤੇ ਗਏ ਸੁਝਾਵਾਂ ਨੂੰ ਅਣਗੌਲਿਆ ਕੀਤਾ। ਆਗੂਆਂ ਨੇ ਕਿਹਾ ਕਿ ਵੋਟ ਦਾ ਅਧਿਕਾਰ ਲੋਕਤੰਤਰ ਦੀ ਬੁਨਿਆਦ ਹੈ ਅਤੇ ਕਿਸੇ ਵੀ ਯੋਗ ਨਾਗਰਿਕ ਨੂੰ ਇਸ ਅਧਿਕਾਰ ਤੋਂ ਵਾਂਝਾ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਮੁੱਖ ਚੋਣ ਕਮਿਸ਼ਨਰ ਤੋਂ ਤੁਰੰਤ ਅਸਤੀਫ਼ਾ ਲਿਆ ਜਾਵੇ ਅਤੇ ਐਸ.ਆਈ.ਆਰ. ਦੀ ਪ੍ਰਕਿਰਿਆ ਦੌਰਾਨ ਕਥਿਤ ਤੌਰ ’ਤੇ ਗੈਰ-ਕਾਨੂੰਨੀ ਢੰਗ ਨਾਲ ਕੱਟੀਆਂ ਗਈਆਂ ਵੋਟਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਬਹਾਲ ਕੀਤਾ ਜਾਵੇ। ਬੁਲਾਰਿਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਵੀ ਨੈਤਿਕ ਜ਼ਿੰਮੇਵਾਰੀ ਸਵੀਕਾਰ ਕਰਦਿਆਂ ਅਸਤੀਫ਼ਾ ਦੇਣ ਦੀ ਮੰਗ ਕੀਤੀ। ਉਨ੍ਹਾਂ ਜ਼ੋਰ ਦਿੱਤਾ ਕਿ ਚੋਣ ਕਮਿਸ਼ਨ ਦੀ ਭਰੋਸੇਯੋਗਤਾ, ਇਮਾਨਦਾਰੀ, ਨਿਰਪੱਖਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ, ਤਾਂ ਜੋ ਲੋਕਾਂ ਦਾ ਚੋਣ ਪ੍ਰਣਾਲੀ ਵਿੱਚ ਵਿਸ਼ਵਾਸ ਕਾਇਮ ਰਹੇ। ਇਸ ਰੋਸ ਪ੍ਰਦਰਸ਼ਨ ਵਿੱਚ ਜੇ.ਪੀ.ਐੱਮ.ਓ. ਦੇ ਜ਼ਿਲ੍ਹਾ ਫ਼ਰੀਦਕੋਟ ਕਨਵੀਨਰ ਵੀਰਇੰਦਰਜੀਤ ਸਿੰਘ ਪੁਰੀ, ਆਰ.ਐਮ.ਪੀ.ਆਈ. ਦੇ ਬਰਾਂਚ ਸਕੱਤਰ ਅਮਰਜੀਤ ਸਿੰਘ, ਪਾਰਟੀ ਮੈਂਬਰ ਗਗਨਦੀਪ ਕੌਰ ਅਤੇ ਸੁਖਦੇਵ ਸਿੰਘ ਸਮੇਤ ਹੋਰ ਵਰਕਰਾਂ ਨੇ ਸ਼ਮੂਲੀਅਤ ਕੀਤੀ।