- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਲਾਇੰਸ ਇੰਟਰਨੈਸ਼ਨਲ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਜੈਤੋ : ਅਲਾਇੰਸ ਇੰਟਰਨੈਸ਼ਨਲ ਸਕੂਲ, ਜੈਤੋ ਵਿਖੇ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਸਰਵਪੱਖੀ ਵਿਕਾਸ ਸਬੰਧੀ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਦੌਰਾਨ ਅਧਿਆਪਕਾਂ ਵੱਲੋਂ ਮਾਪਿਆਂ ਨਾਲ ਬੱਚਿਆਂ ਦੀ ਅਕਾਦਮਿਕ ਕਾਰਗੁਜ਼ਾਰੀ, ਵਿਅਕਤੀਗਤ ਵਿਕਾਸ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਅਧਿਆਪਕਾਂ ਨੇ ਹਰੇਕ ਵਿਦਿਆਰਥੀ ਦੀ ਪ੍ਰਗਤੀ ਬਾਰੇ ਮਾਪਿਆਂ ਨੂੰ ਜਾਣਕਾਰੀ ਦਿੱਤੀ ਅਤੇ ਬੱਚਿਆਂ ਦੀ ਪੜ੍ਹਾਈ ਨੂੰ ਹੋਰ ਬਿਹਤਰ ਬਣਾਉਣ ਲਈ ਲੋੜੀਂਦੇ ਸੁਝਾਅ ਸਾਂਝੇ ਕੀਤੇ। ਇਸ ਤੋਂ ਇਲਾਵਾ ਮਾਪਿਆਂ ਨੂੰ ਬੱਚਿਆਂ ਦੀਆਂ ਰੁਚੀਆਂ ਅਤੇ ਕਾਬਲੀਅਤਾਂ ਨੂੰ ਪਛਾਣ ਕੇ ਉਨ੍ਹਾਂ ਨੂੰ ਅਕਾਦਮਿਕ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚ ਅੱਗੇ ਵਧਣ ਲਈ ਉਤਸ਼ਾਹਿਤ ਕਰਨ ਬਾਰੇ ਵੀ ਚਰਚਾ ਕੀਤੀ ਗਈ। ਮਾਪਿਆਂ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਨਿਖਾਰਨ ਅਤੇ ਉਨ੍ਹਾਂ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਲਿਆਉਣ ਲਈ ਆਪਸੀ ਸਹਿਯੋਗ ਨਾਲ ਕੰਮ ਕਰਨ ਲਈ ਵਿਚਾਰ ਅਤੇ ਸੁਝਾਅ ਸਾਂਝੇ ਕੀਤੇ। ਮੀਟਿੰਗ ਦੌਰਾਨ ਮਾਪਿਆਂ ਨੇ ਸਕੂਲ ਵੱਲੋਂ ਵਿਦਿਆਰਥੀਆਂ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਵੀ ਕੀਤੀ। ਸਕੂਲ ਦੀ ਪ੍ਰਿੰਸੀਪਲ ਗੁਰਸੇਵਕ ਕੌਰ ਮਾਨ ਨੇ ਮਾਪਿਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਬਿਹਤਰ ਸਿੱਖਿਆ ਅਤੇ ਸਰਵਪੱਖੀ ਵਿਕਾਸ ਲਈ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਫਲਤਾ ਲਈ ਸਕੂਲ ਅਤੇ ਮਾਪਿਆਂ ਵਿਚਕਾਰ ਨਿਰੰਤਰ ਤਾਲਮੇਲ ਬਹੁਤ ਜ਼ਰੂਰੀ ਹੈ।