- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝੋਨੇ ਦੇ ਸੀਜ਼ਨ ਦੀ ਸੁਚਾਰੂ ਖਰੀਦ ਲਈ ਆੜ੍ਹਤੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ

ਅਰਸ਼ਦੀਪ ਸੋਨੀ, ਪੰਜਾਬੀ ਜਾਗਰਣ ਸਾਦਿਕ : ਝੋਨੇ ਦੇ ਸ਼ੁਰੂ ਹੋ ਰਹੇ ਸੀਜ਼ਨ ਨੂੰ ਮੁੱਖ ਰੱਖਦਿਆਂ ਆੜ੍ਹਤੀਆ ਐਸੋਸੀਏਸ਼ਨ ਸਾਦਿਕ ਵੱਲੋਂ ਮਾਰਕੀਟ ਕਮੇਟੀ ਸਾਦਿਕ ਦੇ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਧਾਰਮਿਕ ਸਮਾਗਮ ਵਿੱਚ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਚੇਅਰਪਰਸਨ ਨੀਤੂ ਕਪੂਰ ਸਿੰਗਲਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ, ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਗੁਰਜੀਤ ਸਿੰਘ ਦਿਓਲ, ਜ਼ਿਲ੍ਹਾ ਮੈਨੇਜਰ ਮਾਰਕਫੈਡ ਸੁਖਜਿੰਦਰ ਸਿੰਘ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਮਨੀਸ਼ ਕੁਮਾਰ, ਸਕੱਤਰ ਵਰਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਮੰਡੀਆਂ ਦੇ ਆੜ੍ਹਤੀ, ਖਰੀਦ ਏਜੰਸੀਆਂ ਦੇ ਨੁਮਾਇੰਦੇ ਅਤੇ ਸਿਆਸੀ ਆਗੂ ਹਾਜ਼ਰ ਹੋਏ। ਸਮਾਗਮ ਦੌਰਾਨ ਆੜ੍ਹਤੀਆ ਐਸੋਸੀਏਸ਼ਨ ਵੱਲੋਂ ਝੋਨੇ ਦੀ ਖਰੀਦ ਦੇ ਸੀਜ਼ਨ ਦੌਰਾਨ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਾ ਆਉਣ ਦੇਣ ਲਈ ਸੁਚਾਰੂ ਪ੍ਰਬੰਧਾਂ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਮੰਚ ਸੰਚਾਲਨ ਕਰਦਿਆਂ ਪਰਮਜੀਤ ਸੋਨੀ ਨੇ ਸਮਾਗਮ ਵਿੱਚ ਪਹੁੰਚੀ ਸੰਗਤ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਆੜ੍ਹਤ ਦਾ ਕਾਰੋਬਾਰ ਲਗਾਤਾਰ ਮੁਸ਼ਕਲ ਹੁੰਦਾ ਜਾ ਰਿਹਾ ਹੈ। ਇਸ ਵਾਰ ਝੋਨੇ ਦੀ ਆਮਦ ਮੰਡੀਆਂ ਵਿੱਚ ਤੇਜ਼ੀ ਨਾਲ ਸ਼ੁਰੂ ਹੋ ਰਹੀ ਹੈ, ਜਦਕਿ ਸ਼ੈਲਰ ਮਾਲਕਾਂ ਦੀ ਹੜਤਾਲ ਕਾਰਨ ਖਰੀਦ ਪ੍ਰਬੰਧਾਂ ਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੰਡੀਆਂ ਵਿੱਚ ਝੋਨੇ ਦੀ ਆਮਦ ਵਧਦੀ ਗਈ ਤਾਂ ਮੰਡੀ ਵਿੱਚ ਜਗ੍ਹਾ ਦੀ ਘਾਟ ਪੈਦਾ ਹੋ ਸਕਦੀ ਹੈ ਅਤੇ ਗੋਦਾਮਾਂ ਵਿੱਚ ਸਟੋਰੇਜ ਦੀ ਸਮੱਸਿਆ ਵੀ ਸਾਹਮਣੇ ਆ ਸਕਦੀ ਹੈ, ਜਿਸ ਦਾ ਸਿੱਧਾ ਅਸਰ ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਸਬੰਧਤ ਧਿਰਾਂ ’ਤੇ ਪਵੇਗਾ। ਪਰਮਜੀਤ ਸੋਨੀ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਸ਼ੈਲਰ ਮਾਲਕਾਂ ਦੀਆਂ ਜਾਇਜ਼ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਕੇ ਮਸਲੇ ਦਾ ਜਲਦ ਹੱਲ ਕੀਤਾ ਜਾਵੇ ਅਤੇ ਝੋਨੇ ਦੀ ਖਰੀਦ ਵਿੱਚ ਤੇਜ਼ੀ ਲਿਆਂਦੀ ਜਾਵੇ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਜੈਦੀਪ ਸਿੰਘ ਬਰਾੜ, ਸੁਖਰਾਜ ਸਿੰਘ ਰਾਜਾ ਸੰਧੂ, ਗੁਰਸੇਵਕ ਸਿੰਘ ਬੁੱਟਰ, ਮਹਿੰਦਰ ਸਿੰਘ ਬਰਾੜ, ਦੀਪਕ ਗਰਗ, ਸਰਪੰਚ ਦੀਸ਼ਾ ਸਿੰਘ, ਬਲਜਿੰਦਰ ਸਿੰਘ ਧਾਲੀਵਾਲ, ਦੀਪਕ ਕੁਮਾਰ ਸੋਨੂੰ, ਗੁਰਪ੍ਰੀਤ ਸਿੰਘ ਬਰਾੜ, ਕੁਲਵੰਤ ਸਿੰਘ ਜਨੇਰੀਆਂ, ਦੀਪਕ ਸਿੰਘ ਗਲਾ, ਪ੍ਰਤਾਪ ਸਿੰਘ ਸਿੱਧੂ, ਗੁਰਸ਼ਰਨ ਸਿੰਘ, ਪਿੱਪਲ ਸਿੰਘ ਸੰਧੂ, ਹਰਕਰਨ ਸਿੰਘ ਬਰਾੜ, ਰੁਪਿੰਦਰ ਰੂਬੀ, ਰਣਧੀਰ ਸਿੰਘ ਸੰਧੂ, ਹੈਪੀ ਸੰਧੂ ਬੁੱਟਰ, ਪੰਕਜ ਅਗਰਵਾਲ, ਬਖਤੌਰ ਸਿੰਘ ਢਿੱਲੋਂ ਅਤੇ ਜਗਸੀਰ ਸਿੰਘ ਸਾਧੂਵਾਲਾ ਸਮੇਤ ਮਾਰਕੀਟ ਕਮੇਟੀ ਸਾਦਿਕ ਦਾ ਸਮੂਹ ਸਟਾਫ ਹਾਜ਼ਰ ਸੀ।