- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਸਰਗਰਮ, ਡੀਸੀ ਨੇ ਅਧਿਕਾਰੀਆਂ ਨੂੰ ਦਿੱਤੇ ਤੁਰੰਤ ਹੱਲ ਦੇ ਨਿਰਦੇਸ਼

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਫ਼ਰੀਦਕੋਟ ਜ਼ਿਲ੍ਹੇ ਵਿੱਚ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਅਤੇ ਵਪਾਰਕ ਗਤੀਵਿਧੀਆਂ ਨੂੰ ਸੁਚਾਰੂ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ। ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਸ਼ਿਕਾਇਤਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਪਾਰੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਅਧਿਕਾਰਤ ਪੋਰਟਲ ’ਤੇ ਵਪਾਰੀਆਂ ਵੱਲੋਂ ਦਰਜ ਕਰਵਾਈਆਂ ਜਾਣ ਵਾਲੀਆਂ ਸ਼ਿਕਾਇਤਾਂ ਨੂੰ ਲੰਬਿਤ ਨਾ ਰੱਖਿਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਸ਼ਿਕਾਇਤ ਦਾ ਨਿਰਧਾਰਤ ਸਮੇਂ ਅੰਦਰ ਨਿਪਟਾਰਾ ਯਕੀਨੀ ਬਣਾਇਆ ਜਾਵੇ ਅਤੇ ਜਿੱਥੇ ਸੰਭਵ ਹੋਵੇ, ਮੌਕੇ ’ਤੇ ਹੀ ਸਮੱਸਿਆ ਦਾ ਹੱਲ ਕੀਤਾ ਜਾਵੇ। ਸਮੀਖਿਆ ਮੀਟਿੰਗ ਦੌਰਾਨ ਵਪਾਰੀਆਂ ਨਾਲ ਸਬੰਧਤ ਪਾਵਰਕਾਮ, ਪੁਲਿਸ ਵਿਭਾਗ, ਕਰ ਤੇ ਆਬਕਾਰੀ ਵਿਭਾਗ, ਟਰਾਂਸਪੋਰਟ ਵਿਭਾਗ, ਜਲ ਸਪਲਾਈ ਅਤੇ ਸੀਵਰੇਜ ਬੋਰਡ ਸਮੇਤ ਹੋਰ ਵਿਭਾਗਾਂ ਦੀਆਂ ਸਮੱਸਿਆਵਾਂ ’ਤੇ ਵਿਚਾਰ ਕੀਤਾ ਗਿਆ। ਅਧਿਕਾਰੀਆਂ ਤੋਂ ਇਨ੍ਹਾਂ ਮਾਮਲਿਆਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਲੋੜੀਂਦੀ ਕਾਰਵਾਈ ਜਲਦ ਮੁਕੰਮਲ ਕਰਨ ਲਈ ਕਿਹਾ। ਮੀਟਿੰਗ ਵਿੱਚ ਆਉਣ ਵਾਲੇ ਦੁਸਹਿਰੇ ਅਤੇ ਦੀਵਾਲੀ ਦੇ ਤਿਉਹਾਰਾਂ ਨੂੰ ਮੁੱਖ ਰੱਖਦਿਆਂ ਸ਼ਹਿਰ ਦੇ ਬਾਜ਼ਾਰਾਂ ਅਤੇ ਹੋਰ ਪ੍ਰਮੁੱਖ ਥਾਵਾਂ ’ਤੇ ਸਫ਼ਾਈ, ਸੁੰਦਰੀਕਰਨ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਡੀਸੀ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਤਿਉਹਾਰੀ ਸੀਜ਼ਨ ਦੌਰਾਨ ਵਪਾਰੀਆਂ ਅਤੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਉਦੇਸ਼ ਵਪਾਰੀਆਂ ਲਈ ਸੁਖਾਵਾਂ ਅਤੇ ਸਹਿਯੋਗੀ ਮਾਹੌਲ ਮੁਹੱਈਆ ਕਰਵਾਉਣਾ ਹੈ। ਵਪਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉਦਯੋਗਪਤੀਆਂ ਅਤੇ ਦੁਕਾਨਦਾਰਾਂ ਦੀਆਂ ਪ੍ਰਸ਼ਾਸਨਿਕ ਅਤੇ ਕਰ ਸਬੰਧੀ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਵੀ ਪ੍ਰਸ਼ਾਸਨ ਦੀ ਤਰਜੀਹ ਹੈ। ਉਨ੍ਹਾਂ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਦੀ ਲਗਾਤਾਰ ਨਿਗਰਾਨੀ ਕਰਨ ਲਈ ਕਿਹਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਦੀਪ ਮਲਹੋਤਰਾ, ਐਸ.ਡੀ.ਐਮ. ਕੋਟਕਪੂਰਾ ਰਜਿੰਦਰ ਸਿੰਘ, ਸਹਾਇਕ ਕਮਿਸ਼ਨਰ ਸਟੇਟ ਟੈਕਸ ਵਰੁਣ ਨਾਗਪਾਲ, ਜ਼ਿਲ੍ਹਾ ਮੰਡੀ ਅਫ਼ਸਰ ਮਨੀਸ਼ ਕੁਮਾਰ, ਐਕਸੀਅਨ ਸ਼ਮਿੰਦਰ ਸਿੰਘ, ਜ਼ਿਲ੍ਹਾ ਚੇਅਰਮੈਨ ਟਰੇਡ ਕਮਿਸ਼ਨ ਨਰੇਸ਼ ਸਿੰਗਲਾ, ਚੇਅਰਮੈਨ ਫ਼ਰੀਦਕੋਟ ਗੁਰਪ੍ਰੀਤ ਸਿੰਘ, ਚੇਅਰਮੈਨ ਕੋਟਕਪੂਰਾ ਰਵਿੰਦਰ ਗੋਇਲ ਅਤੇ ਚੇਅਰਮੈਨ ਜੈਤੋ ਗੋਪਾਲ ਕ੍ਰਿਸ਼ਨ ਸ਼ੈਲੀ ਗਰਗ ਹਾਜ਼ਰ ਸਨ।