- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿੱਚ ਵਿਦਿਆਰਥੀਆਂ ਨੇ ਰੰਗਾਂ ਰਾਹੀਂ ਉਕੇਰੀ ਕਲਪਨਾ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟਕਪੂਰਾ : ਕੋਟਕਪੂਰਾ ਦੇ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿਖੇ ਵਿਦਿਆਰਥੀਆਂ ਦੀ ਕਲਾਤਮਕ ਪ੍ਰਤਿਭਾ ਨੂੰ ਮੰਚ ਪ੍ਰਦਾਨ ਕਰਨ ਲਈ ਡਰਾਇੰਗ ਅਤੇ ਆਰਟ ਮੁਕਾਬਲਾ ਕਰਵਾਇਆ ਗਿਆ। ਜ਼ਿਲ੍ਹਾ ਪੱਧਰ ’ਤੇ ਕਰਵਾਏ ਜਾ ਰਹੇ ਡਰਾਇੰਗ ਮੁਕਾਬਲਿਆਂ ਦੀ ਲੜੀ ਤਹਿਤ ਕਰਵਾਏ ਇਸ ਮੁਕਾਬਲੇ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਹ ਮੁਕਾਬਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੀ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਰਵਾਈ ਜਾ ਰਹੀ ਗਤੀਵਿਧੀ ਦਾ ਹਿੱਸਾ ਸੀ। ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਾਜਪਾ ਅਧਿਆਪਕ ਸੈੱਲ ਦੇ ਕਨਵੀਨਰ ਹਰਵਿੰਦਰ ਸਿੰਘ ਧਾਲੀਵਾਲ ਵੱਲੋਂ ਵੱਖ-ਵੱਖ ਸਕੂਲਾਂ ਵਿੱਚ ਡਰਾਇੰਗ ਮੁਕਾਬਲੇ ਕਰਵਾਏ ਜਾ ਰਹੇ ਹਨ। ਇੰਟਰਨੈਸ਼ਨਲ ਮਿਲੇਨੀਅਮ ਸਕੂਲ ਦੇ ਚੇਅਰਮੈਨ ਵਾਸੂਦੇਵ ਸ਼ਰਮਾ ਦੇ ਸਹਿਯੋਗ ਨਾਲ ਕਰਵਾਏ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਕਾਗਜ਼ ’ਤੇ ਰੰਗਾਂ ਦੀ ਵਰਤੋਂ ਕਰਦਿਆਂ ਆਪਣੀ ਸੋਚ ਅਤੇ ਕਲਪਨਾ ਨੂੰ ਰਚਨਾਤਮਕ ਰੂਪ ਦਿੱਤਾ। ਬੱਚਿਆਂ ਨੇ ਵੱਖ-ਵੱਖ ਵਿਸ਼ਿਆਂ ਨੂੰ ਆਪਣੀ ਕਲਾਤਮਕ ਸਮਝ ਅਨੁਸਾਰ ਪੇਸ਼ ਕਰਦਿਆਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਵਿਦਿਆਰਥੀਆਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਸਕੂਲ ਦੇ ਚੇਅਰਮੈਨ ਵਾਸੂਦੇਵ ਸ਼ਰਮਾ ਨੇ ਕਿਹਾ ਕਿ ਬੱਚਿਆਂ ਦੀ ਪ੍ਰਤਿਭਾ ਸਿਰਫ਼ ਕਲਾਸਰੂਮ ਤੱਕ ਸੀਮਤ ਨਹੀਂ ਹੁੰਦੀ, ਸਗੋਂ ਅਜਿਹੀਆਂ ਗਤੀਵਿਧੀਆਂ ਰਾਹੀਂ ਉਨ੍ਹਾਂ ਨੂੰ ਆਪਣੀ ਰਚਨਾਤਮਕ ਸੋਚ ਪ੍ਰਗਟ ਕਰਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਕਲਾ ਨਾਲ ਜੁੜੀਆਂ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਵੀ ਸਹਾਈ ਹੁੰਦੀਆਂ ਹਨ। ਇਸ ਮੌਕੇ ਹਰਵਿੰਦਰ ਸਿੰਘ ਧਾਲੀਵਾਲ ਨੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਰਚਨਾਤਮਕ ਖੇਤਰਾਂ ਵਿੱਚ ਵੀ ਆਪਣੀ ਪ੍ਰਤਿਭਾ ਦਿਖਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।