- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਨ ਸਭਾ ਚੋਣਾਂ-2027 ਲਈ ਪੋਲਿੰਗ ਸਟਾਫ ਦਾ ਡਾਟਾਬੇਸ ਤਿਆਰ ਕਰਨ ਦੀ ਪ੍ਰਕਿਰਿਆ ਤੇਜ਼

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਆਗਾਮੀ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ ਨਾਲ ਸਬੰਧਤ ਡਾਟਾਬੇਸ ਤਿਆਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਤਹਿਤ ਨੈਕਸਟਜਨ ਡਾਇਸ ਸਾਫਟਵੇਅਰ ਵਿੱਚ ਮੈਨਪਾਵਰ ਨਾਲ ਸਬੰਧਤ ਡਾਟਾ ਦਰਜ ਕਰਨ ਅਤੇ ਇਸ ਦੇ ਸੁਚੱਜੇ ਰੱਖ-ਰਖਾਅ ਸਬੰਧੀ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਸਿਖਲਾਈ ਸੈਸ਼ਨ ਕਰਵਾਇਆ ਗਿਆ। ਮਿੰਨੀ ਸਕੱਤਰੇਤ ਸਥਿਤ ਅਸ਼ੋਕ ਚੱਕਰ ਹਾਲ ਵਿਖੇ ਹੋਈ ਟ੍ਰੇਨਿੰਗ ਦੌਰਾਨ ਸਬੰਧਤ ਕਰਮਚਾਰੀਆਂ ਨੂੰ ਸਾਫਟਵੇਅਰ ਵਿੱਚ ਡਾਟਾ ਫੀਡ ਕਰਨ ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਪੋਲਿੰਗ ਸਟਾਫ ਦਾ ਡਾਟਾਬੇਸ ਤਿਆਰ ਕਰਨ, ਲੋੜੀਂਦੀ ਜਾਣਕਾਰੀ ਦਰਜ ਕਰਨ ਅਤੇ ਭਵਿੱਖ ਵਿੱਚ ਡਾਟੇ ਨੂੰ ਅਪਡੇਟ ਰੱਖਣ ਸਬੰਧੀ ਵੀ ਸਿਖਲਾਈ ਦਿੱਤੀ ਗਈ। ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ ਨੇ ਟ੍ਰੇਨਿੰਗ ਵਿੱਚ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਡਾਟਾ ਫੀਡਿੰਗ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੋਲਿੰਗ ਸਟਾਫ ਦਾ ਸਹੀ ਅਤੇ ਅਪਡੇਟ ਡਾਟਾਬੇਸ ਤਿਆਰ ਹੋਣਾ ਬਹੁਤ ਜ਼ਰੂਰੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਡਾਟਾ ਦਰਜ ਕਰਦੇ ਸਮੇਂ ਹਰ ਜਾਣਕਾਰੀ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇ ਤਾਂ ਜੋ ਕਿਸੇ ਕਿਸਮ ਦੀ ਗਲਤੀ ਨਾ ਰਹੇ। ਉਨ੍ਹਾਂ ਕਿਹਾ ਕਿ ਡਾਟਾ ਐਂਟਰੀ ਦਾ ਕੰਮ ਸਿਰਫ਼ ਰਸਮੀ ਕਾਰਵਾਈ ਨਾ ਸਮਝਿਆ ਜਾਵੇ, ਸਗੋਂ ਇਸ ਨੂੰ ਚੋਣਾਂ ਦੀਆਂ ਤਿਆਰੀਆਂ ਨਾਲ ਜੁੜੀ ਅਹਿਮ ਜ਼ਿੰਮੇਵਾਰੀ ਵਜੋਂ ਪੂਰੀ ਗੰਭੀਰਤਾ ਨਾਲ ਕੀਤਾ ਜਾਵੇ। ਇਸ ਮੌਕੇ ਤਹਿਸੀਲਦਾਰ ਚੋਣਾਂ ਪੂਨਮ ਸਿੱਧੂ, ਡੀ.ਆਈ.ਓ. ਗੁਰਜਿੰਦਰ ਸਿੰਘ, ਵਿਸ਼ਾਲ ਪਰਾਸ਼ਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।