- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਕਥਿਤ ਭ੍ਰਿਸ਼ਟਾਚਾਰ ਅਤੇ ਲੋਕ ਵਿਰੋਧੀ ਕਾਰਗੁਜ਼ਾਰੀ ਖ਼ਿਲਾਫ਼ ਭਾਜਪਾ ਜ਼ਿਲ੍ਹਾ ਫ਼ਰੀਦਕੋਟ ਵੱਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਭਾਜਪਾ ਆਗੂਆਂ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਲੋਕਾਂ ਨੂੰ ਵੱਖ-ਵੱਖ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਲੋਕਾਂ ਵਿੱਚ ਨਿਰਾਸ਼ਾ ਪਾਈ ਜਾ ਰਹੀ ਹੈ ਅਤੇ ਕਈ ਮਾਮਲਿਆਂ ਵਿੱਚ ਸਰਕਾਰ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗ ਰਹੇ ਹਨ। ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ, ਪਰ ਸਰਕਾਰ ਦੀ ਕਾਰਗੁਜ਼ਾਰੀ ਉਨ੍ਹਾਂ ਉਮੀਦਾਂ ’ਤੇ ਖਰੀ ਨਹੀਂ ਉਤਰ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਲੋਕ ਹਿੱਤਾਂ ਨਾਲ ਜੁੜੇ ਮੁੱਦਿਆਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ। ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਬਰਾੜ ਸਮੇਤ ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਭਾਜਪਾ ਸੂਬੇ ਵਿੱਚ ਕਥਿਤ ਲੁੱਟ ਅਤੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਭਾਜਪਾ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ ਜਾਂਦੀ ਰਹੇਗੀ। ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਰਹੇ।