ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਪਾਬੰਦੀਆਂ ਦੇ ਆਦੇਸ਼ ਧਾਰਾ 163 ਤਹਿਤ ਫ਼ਰੀਦਕੋਟ ’ਚ ਸਖ਼ਤੀ: ਲਾਊਡ ਸਪੀਕਰ, ਨਾਜਾਇਜ਼ ਕਬਜ਼ੇ ਤੇ ਬਿਨਾਂ ਰਿਫਲੈਕਟਰ ਟਰਾਲੀਆਂ ’ਤੇ ਸ਼ਿਕੰਜਾ
Publish Date: Wed, 07 Oct 2026 06:20 PM (IST)
Updated Date: Wed, 07 Oct 2026 06:23 PM (IST)
ਲਾਊਡ ਸਪੀਕਰ, ਨਾਜਾਇਜ਼ ਕਬਜ਼ੇ ਤੇ ਬਿਨਾਂ ਰਿਫਲੈਕਟਰ ਟਰਾਲੀਆਂ ’ਤੇ ਸ਼ਿਕੰਜਾ ਜਗਮੀਤ ਸਿੰਘ ਪੰਜਾਬੀ ਜਾਗਰਣ ਫ਼ਰੀਦਕੋਟ : ਫ਼ਰੀਦਕੋਟ ਜ਼ਿਲ੍ਹੇ ਵਿੱਚ ਜਨਤਕ ਵਿਵਸਥਾ, ਸੜਕ ਸੁਰੱਖਿਆ ਅਤੇ ਲੋਕਾਂ ਦੀ ਸਿਹਤ ਨਾਲ ਜੁੜੇ ਮਾਮਲਿਆਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਸਖ਼ਤੀ ਕੀਤੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਰਾਹੁਲ ਚਾਬਾ ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਤਹਿਤ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 2 ਦਸੰਬਰ 2026 ਤੱਕ ਲਾਗੂ ਰਹਿਣਗੇ। ਹੁਕਮਾਂ ਤਹਿਤ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਬਿਨਾਂ ਪ੍ਰਵਾਨਗੀ ਲਾਊਡ ਸਪੀਕਰ ਲਗਾਉਣ ’ਤੇ ਪਾਬੰਦੀ ਰਹੇਗੀ। ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਬਿਨਾਂ ਮਨਜ਼ੂਰੀ ਲਾਊਡ ਸਪੀਕਰ ਚਲਾਉਣ ਦੀ ਮਨਾਹੀ ਹੈ। ਖਾਸ ਮੌਕਿਆਂ ’ਤੇ ਲਾਊਡ ਸਪੀਕਰ ਦੀ ਵਰਤੋਂ ਲਈ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਤੋਂ ਨਿਰਧਾਰਤ ਸ਼ਰਤਾਂ ਅਨੁਸਾਰ ਲਿਖਤੀ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਪ੍ਰਸ਼ਾਸਨ ਨੇ ਇਹ ਕਦਮ ਲੋਕਾਂ ਦੀ ਸ਼ਾਂਤੀ ਭੰਗ ਹੋਣ ਤੋਂ ਰੋਕਣ ਦੇ ਮੱਦੇਨਜ਼ਰ ਚੁੱਕਿਆ ਹੈ। ਇਸੇ ਤਰ੍ਹਾਂ ਸਰਕਾਰੀ ਰਸਤਿਆਂ ਅਤੇ ਸੜਕਾਂ ਦੀ ਜ਼ਮੀਨ ’ਤੇ ਨਾਜਾਇਜ਼ ਕਬਜ਼ਿਆਂ ਨੂੰ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਧਾਰਾ 223 ਬੀ.ਐੱਨ.ਐੱਸ. ਤਹਿਤ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹੇ ਵਿੱਚ ਵਿਦਿਅਕ ਸੰਸਥਾਵਾਂ ਦੇ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਰੱਖਣ ’ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਤੰਬਾਕੂ ਵੇਚਣ ਅਤੇ ਉਨ੍ਹਾਂ ਵੱਲੋਂ ਇਸ ਦੀ ਵਰਤੋਂ ਕਰਨ ’ਤੇ ਵੀ ਮੁਕੰਮਲ ਰੋਕ ਰਹੇਗੀ। ਪ੍ਰਸ਼ਾਸਨ ਨੇ ਤੰਬਾਕੂ ਦੀ ਵਰਤੋਂ ਨੂੰ ਸਿਹਤ ਲਈ ਹਾਨੀਕਾਰਕ ਦੱਸਦਿਆਂ ਇਹ ਪਾਬੰਦੀ ਲਗਾਈ ਹੈ। ਸੜਕ ਹਾਦਸਿਆਂ ਨੂੰ ਰੋਕਣ ਲਈ ਸਾਈਕਲ, ਰਿਕਸ਼ਾ, ਟਰੈਕਟਰ-ਟਰਾਲੀ, ਰੇਹੜੀ ਅਤੇ ਅਜਿਹੇ ਹੋਰ ਵਾਹਨਾਂ ਦੇ ਅੱਗੇ-ਪਿੱਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਚਮਕਦਾਰ ਟੇਪ ਲਗਾਉਣਾ ਲਾਜ਼ਮੀ ਕੀਤਾ ਗਿਆ ਹੈ। ਅਜਿਹੇ ਵਾਹਨਾਂ ਨੂੰ ਰਿਫਲੈਕਟਰ ਜਾਂ ਚਮਕਦਾਰ ਟੇਪ ਤੋਂ ਬਿਨਾਂ ਚਲਾਉਣ ’ਤੇ ਰੋਕ ਰਹੇਗੀ। ਪ੍ਰਸ਼ਾਸਨ ਮੁਤਾਬਕ ਰਾਤ ਸਮੇਂ ਇਨ੍ਹਾਂ ਵਾਹਨਾਂ ਦੀ ਘੱਟ ਦਿੱਖ ਕਾਰਨ ਹਾਦਸਿਆਂ ਦਾ ਖ਼ਤਰਾ ਵਧ ਜਾਂਦਾ ਹੈ। ਪੇਂਡੂ ਖੇਤਰਾਂ ਵਿੱਚ ਜਨਤਕ ਛੱਪੜਾਂ ਨੂੰ ਬਿਨਾਂ ਪੂਰਵ ਪ੍ਰਵਾਨਗੀ ਪੂਰਨ ’ਤੇ ਵੀ ਪਾਬੰਦੀ ਲਗਾਈ ਗਈ ਹੈ। ਕੋਈ ਵੀ ਵਿਅਕਤੀ ਜਾਂ ਪੰਚਾਇਤ ਸਬੰਧਤ ਜ਼ਿਲ੍ਹਾ ਅਧਿਕਾਰੀ, ਉਪ ਮੰਡਲ ਮੈਜਿਸਟ੍ਰੇਟ ਜਾਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਤੋਂ ਮਨਜ਼ੂਰੀ ਲਏ ਬਿਨਾਂ ਜਨਤਕ ਛੱਪੜ ਨਹੀਂ ਪੂਰ ਸਕੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਛੱਪੜ ਪੂਰਨ ਨਾਲ ਪਿੰਡਾਂ ਵਿੱਚ ਪਾਣੀ ਦੇ ਕੁਦਰਤੀ ਵਹਾਅ ਵਿੱਚ ਰੁਕਾਵਟ ਪੈ ਸਕਦੀ ਹੈ ਅਤੇ ਇਸ ਕਾਰਨ ਵਿਵਾਦ ਜਾਂ ਅਮਨ-ਸ਼ਾਂਤੀ ਭੰਗ ਹੋਣ ਦੀ ਸਥਿਤੀ ਪੈਦਾ ਹੋ ਸਕਦੀ ਹੈ। ਇਸ ਲਈ ਲੋਕਾਂ ਨੂੰ ਜਾਰੀ ਕੀਤੇ ਗਏ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।