- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝੋਨੇ ਦੀ ਖਰੀਦ ਦੇ ਮਾੜੇ ਪ੍ਰਬੰਧਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ

ਅਰਸ਼ਦੀਪ ਸੋਨੀ, ਪੰਜਾਬੀ ਜਾਗਰਣ ਸਾਦਿਕ : ਸਾਦਿਕ ਦੀ ਮੁੱਖ ਦਾਣਾ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਦੇ ਮਾੜੇ ਪ੍ਰਬੰਧਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਮਾਰਕੀਟ ਕਮੇਟੀ ਵਿਖੇ ਚੇਅਰਪਰਸਨ ਨੀਤੂ ਕਪੂਰ ਸਿੰਗਲਾ ਨਾਲ ਮੀਟਿੰਗ ਕੀਤੀ। ਕਿਸਾਨ ਆਗੂਆਂ ਨੇ ਮੰਡੀ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਆ ਰਹੀਆਂ ਸਮੱਸਿਆਵਾਂ ਸਬੰਧੀ ਆਪਣਾ ਰੋਸ ਜ਼ਾਹਰ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਝੋਨੇ ਦੀ ਬੋਲੀ ਸ਼ੁਰੂ ਹੋਏ ਤਿੰਨ ਦਿਨ ਬੀਤ ਜਾਣ ਦੇ ਬਾਵਜੂਦ ਆੜ੍ਹਤੀਆਂ ਨੂੰ ਲੋੜੀਂਦਾ ਬਾਰਦਾਨਾ ਮੁਹੱਈਆ ਨਹੀਂ ਕਰਵਾਇਆ ਗਿਆ ਅਤੇ ਖਰੀਦ ਦੀ ਪ੍ਰਕਿਰਿਆ ਵੀ ਸੁਚੱਜੇ ਢੰਗ ਨਾਲ ਸ਼ੁਰੂ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਪਹਿਲੇ ਦਿਨ ਹੋਈ ਬੋਲੀ ਵੀ ਸਿਰਫ਼ ਫੋਟੋ ਖਿਚਵਾਉਣ ਤੱਕ ਹੀ ਸੀਮਤ ਰਹਿ ਗਈ। ਕਿਸਾਨ ਜਥੇਬੰਦੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਝੋਨੇ ਦੀ ਸਰਕਾਰੀ ਖਰੀਦ ਦੇ ਪ੍ਰਬੰਧਾਂ ਵਿੱਚ ਤੁਰੰਤ ਤੇਜ਼ੀ ਨਾ ਲਿਆਂਦੀ ਗਈ ਤਾਂ 9 ਅਕਤੂਬਰ ਨੂੰ ਜਥੇਬੰਦੀਆਂ ਵੱਲੋਂ ਸਖ਼ਤ ਐਕਸ਼ਨ ਲਿਆ ਜਾਵੇਗਾ। ਕਿਸਾਨ ਆਗੂਆਂ ਦੇ ਵਿਰੋਧ ਤੋਂ ਬਾਅਦ ਖਰੀਦ ਏਜੰਸੀਆਂ ਵੱਲੋਂ ਮੰਡੀ ਵਿੱਚ ਬਾਰਦਾਨਾ ਭੇਜ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਭਰੀਆਂ ਬੋਰੀਆਂ ਦੀ ਢੁਆਈ ਲਈ ਇੱਕ ਖਰੀਦ ਏਜੰਸੀ ਵੱਲੋਂ ਟਰੱਕ ਵੀ ਮੰਗਵਾਇਆ ਗਿਆ ਹੈ। ਕਿਸਾਨ ਆਗੂਆਂ ਅਨੁਸਾਰ ਸਾਦਿਕ ਮੰਡੀ ਵਿੱਚ ਸਰਕਾਰੀ ਖਰੀਦ ਨਾਮਾਤਰ ਹੈ, ਜਦਕਿ ਵਪਾਰੀਆਂ ਵੱਲੋਂ ਹੁਣ ਤੱਕ ਕਰੀਬ 10 ਹਜ਼ਾਰ ਗੱਟੇ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ ਅਤੇ ਸਰਕਾਰੀ ਖਰੀਦ ਵਿੱਚ ਤੇਜ਼ੀ ਲਿਆਂਦੀ ਜਾਵੇ। ਆਗੂਆਂ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਆੜ੍ਹਤੀਏ, ਸ਼ੈਲਰ ਜਾਂ ਖਰੀਦ ਏਜੰਸੀ ਵੱਲੋਂ ਹਾਈਬ੍ਰਿਡ ਝੋਨੇ ਦੇ ਨਾਮ ’ਤੇ ਕਿਸਾਨਾਂ ਦੀ ਫ਼ਸਲ ਵਿੱਚੋਂ ਕਿਸੇ ਕਿਸਮ ਦੀ ਕਟੌਤੀ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਰਛਪਾਲ ਸਿੰਘ ਬਰਾੜ, ਨਛੱਤਰ ਸਿੰਘ ਕਿੰਗਰਾ, ਨਰ ਸਿੰਘ ਕਿੰਗਰਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਕਿੰਗਰਾ, ਭਾਰਤੀ ਕਿਸਾਨ ਯੂਨੀਅਨ ਮਾਲਵਾ (ਏਕਤਾ) ਦੇ ਸੂਬਾ ਮੀਤ ਪ੍ਰਧਾਨ ਬਖਤੌਰ ਸਿੰਘ ਸਾਦਿਕ, ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸਾਧੂਵਾਲਾ, ਕਲਦੀਪ ਸਿੰਘ ਘੁੱਦੂਵਾਲਾ, ਗੁਰਮੀਤ ਸਿੰਘ ਵੀਰੇਵਾਲਾ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਗਮਦੂਰ ਸਿੰਘ ਸੰਗਰਾਹੂਰ, ਬੀਕੇਯੂ ਕਾਦੀਆਂ ਦੇ ਵਜੀਰ ਸਿੰਘ ਡੋਡ, ਅੰਗਰੇਜ਼ ਸਿੰਘ ਘੁੱਦੂਵਾਲਾ, ਗੁਰਸੇਵਕ ਸਿੰਘ ਕਾਉਣੀ, ਗੁਰਦੀਪ ਸਿੰਘ ਜਨੇਰੀਆਂ, ਜ਼ਿਲ੍ਹਾ ਮੀਤ ਪ੍ਰਧਾਨ ਬਲੌਰ ਸਿੰਘ ਸਾਦਿਕ, ਕਰਮਜੀਤ ਸਿੰਘ ਢਿੱਲੋਂ ਅਤੇ ਹਰਜਿੰਦਰ ਸਿੰਘ ਸਾਦਿਕ ਹਾਜ਼ਰ ਸਨ।